ਕਿਰਗਿਸਤਾਨ ਵਿਚ ਭਾਰਤੀ ਅਤੇ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲਾ
ਬਿਸ਼ਕੇਕ, 18 ਮਈ (ਵਿਸ਼ੇਸ਼ ਪ੍ਰਤੀਨਿਧ) : ਕਿਰਗਿਸਤਾਨ ਵਿਚ ਪਾਕਿਸਤਾਨੀ ਅਤੇ ਭਾਰਤੀ ਵਿਦਿਆਰਥੀਆਂ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁਝ ਮੀਡੀਆ ਰਿਪੋਰਟਾਂ ਵਿਚ ਪਾਕਿਸਤਾਨ ਨਾਲ ਸਬੰਧਤ 4 ਵਿਦਿਆਰਥੀਆਂ ਦੀ ਮੌਤ ਹੋਣ ਦਾ ਜ਼ਿਕਰ ਵੀ ਕੀਤਾ ਜਾ ਰਿਹਾ ਹੈ ਪਰ ਪਾਕਿਸਤਾਨ ਸਰਕਾਰ ਇਸ ਦਾਅਵੇ ਨੂੰ ਰੱਦ ਕਰ ਰਹੀ ਹੈ। ਦੂਜੇ ਪਾਸੇ ਭਾਰਤੀ ਵਿਦੇਸ਼ ਮੰਤਰਾਲੇ […]
By : Editor Editor
ਬਿਸ਼ਕੇਕ, 18 ਮਈ (ਵਿਸ਼ੇਸ਼ ਪ੍ਰਤੀਨਿਧ) : ਕਿਰਗਿਸਤਾਨ ਵਿਚ ਪਾਕਿਸਤਾਨੀ ਅਤੇ ਭਾਰਤੀ ਵਿਦਿਆਰਥੀਆਂ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁਝ ਮੀਡੀਆ ਰਿਪੋਰਟਾਂ ਵਿਚ ਪਾਕਿਸਤਾਨ ਨਾਲ ਸਬੰਧਤ 4 ਵਿਦਿਆਰਥੀਆਂ ਦੀ ਮੌਤ ਹੋਣ ਦਾ ਜ਼ਿਕਰ ਵੀ ਕੀਤਾ ਜਾ ਰਿਹਾ ਹੈ ਪਰ ਪਾਕਿਸਤਾਨ ਸਰਕਾਰ ਇਸ ਦਾਅਵੇ ਨੂੰ ਰੱਦ ਕਰ ਰਹੀ ਹੈ। ਦੂਜੇ ਪਾਸੇ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਵਿਦਿਆਰਥੀਆਂ ਨੂੰ ਹੋਸਟਲ ਤੋਂ ਬਾਹਰ ਨਾ ਆਉਣ ਦਾ ਸੁਝਾਅ ਦਿਤਾ ਗਿਆ ਹੈ। ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਟਵੀਟ ਕਰਦਿਆਂ ਕਿਹਾ ਕਿ ਮਾਮਲੇ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਭਾਰਤੀ ਅੰਬੈਸੀ ਵੱਲੋਂ ਐਮਰਜੰਸੀ ਨੰਬਰ 0555710041 ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਿਸ਼ਕੇਕ ਵਿਖੇ 13 ਮਈ ਨੂੰ ਮਿਸਰ ਅਤੇ ਕਿਰਗਿਸਤਾਨ ਦੇ ਵਿਦਿਆਰਥੀਆਂ ਦਰਮਿਆਨ ਝਗੜਾ ਹੋਇਆ ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ।
ਪਾਕਿਸਤਾਨ ਦੇ 4 ਵਿਦਿਆਰਥੀਆਂ ਦੀ ਮੌਤ ਹੋਣ ਦਾ ਖਦਸ਼ਾ
ਇਸ ਮਗਰੋਂ ਕਿਰਗਿਸਤਾਨ ਦੇ ਵਿਦਿਆਰਥੀਆਂ ਨੇ ਭਾਰਤ, ਪਾਕਿਸਤਾਨ ਅਤੇ ਬੰਗਲਾਦੇਸ਼ੀ ਵਿਦਿਆਰਥੀਆਂ ’ਤੇ ਹਮਲੇ ਸ਼ੁਰੂ ਕਰ ਦਿਤੇ। ਇਥੇ ਦਸਣਾ ਬਣਦਾ ਹੈ ਕਿ ਭਾਰਤ, ਪਾਕਿਸਤਾਨ ਅਤੇ ਬੰਗਲਾਦੇਸ਼ ਨਾਲ ਸਬੰਧਤ ਜ਼ਿਆਦਾਤਰ ਵਿਦਿਆਰਥੀ ਮੈਡੀਕਲ ਦੀ ਪੜ੍ਹਾਈ ਕਰ ਰਹੇ ਹਨ। ਉਧਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਹਮਲਿਆਂ ’ਤੇ ਚਿੰਤਾ ਜ਼ਾਹਰ ਕਰਦਿਆਂ ਆਪਣੇ ਮੁਲਕ ਦੀ ਅੰਬੈਸੀ ਨੂੰ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਨ ਦੇ ਹੁਕਮ ਦਿਤੇ। ਹਾਲਾਤ ਨੂੰ ਵੇਖਦਿਆਂ ਪਾਕਿਸਤਾਨੀ ਅੰਬੈਸੀ ਨੇ ਵੀ ਆਪਣੇ ਵਿਦਿਆਰਥੀਆਂ ਨੂੰ ਹੋਸਟਲ ਦੇ ਕਮਰਿਆਂ ਵਿਚ ਹੀ ਰਹਿਣ ਦਾ ਸੁਝਾਅ ਦਿਤਾ ਹੈ। ਸੋਸ਼ਲ ਮੀਡੀਆ ’ਤੇ ਦਾਅਵੇ ਕੀਤੇ ਜਾ ਰਹੇ ਹਨ ਕਿ ਪਾਕਿਸਤਾਨੀ ਵਿਦਿਆਰਥੀਆਂ ’ਤੇ ਹਮਲੇ ਦੌਰਾਨ ਚਾਰ ਜਣਿਆਂ ਦੀ ਮੌਤ ਹੋ ਗਈ ਅਤੇ ਕਈ ਕੁੜੀਆਂ ਨਾਲ ਬਲਾਤਕਾਰ ਕੀਤਾ ਗਿਆ। ਇਕ ਵੀਡੀਓ ਵਿਚ ਪਾਕਿਸਤਾਨੀ ਵਿਦਿਆਰਥੀ ਇਹ ਕਹਿੰਦਾ ਸੁਣਿਆ ਜਾ ਸਕਦਾ ਹੈ ਕਿ ਕਈ ਵਿਦਿਆਰਥੀ ਮਾਰੇ ਜਾ ਚੁੱਕੇ ਹਨ, ਉਹ ਹਰ ਵੇਲੇ ਡਰ ਦੇ ਪਰਛਾਵੇਂ ਹੇਠ ਜਿਉਂ ਰਹੇ ਹਨ। ਉਨ੍ਹਾਂ ਦੇ ਕਮਰਿਆਂ ’ਤੇ ਲਗਾਤਾਰ ਪਥਰਾਅ ਹੋ ਰਿਹਾ ਹੈ। ਦੱਸ ਦੇਈਏ ਕਿ ਕਿਰਗਿਸਤਾਨ ਵਿਚ ਤਕਰੀਬਨ 12 ਹਜ਼ਾਰ ਪਾਕਿਸਤਾਨੀ ਅਤੇ 15 ਹਜ਼ਾਰ ਭਾਰਤੀ ਵਿਦਿਆਰਥੀ ਪੜ੍ਹ ਰਹੇ ਹਨ। ਪਾਕਿਸਤਾਨ ਨਾਲ ਸਬੰਧਤ ਵਿਦਿਆਰਥੀਆਂ ਨੇ ਆਪਣੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਵਾਪਸੀ ਦੇ ਪ੍ਰਬੰਧ ਕੀਤੇ ਜਾਣ।