ਰਾਜਪਾਲ ਕਟਾਰੀਆ ਨੇ ਗੰਦੇ ਪਾਣੀ ਨੂੰ ਦਰਿਆਵਾਂ ਵਿੱਚ ਛੱਡਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕਣ ਦਾ ਸੱਦਾ ਦਿੱਤਾ
ਹਰੀਕੇ ਵੈਟਲੈਂਡ ਨੂੰ ਵਿਸ਼ਵ ਪੱਧਰ 'ਤੇ ਸੈਰ ਸਪਾਟਾ ਸਥਾਨ ਵਜੋਂ ਪ੍ਰਫੁੱਲਤ ਕੀਤਾ ਜਾਣਾ ਚਾਹੀਦਾ ਹੈ
ਫਿਰੋਜ਼ਪੁਰ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹਰੀਕੇ ਪੱਤਣ ਵਿਖੇ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਸੰਗਮ ਦਾ ਨਿਰੀਖਣ ਕਰਨ ਉਪਰੰਤ ਅਧਿਕਾਰੀਆਂ ਨੂੰ ਉਦਯੋਗਿਕ ਗੰਦੇ ਪਾਣੀ ਨੂੰ ਦਰਿਆਵਾਂ ਵਿੱਚ ਛੱਡਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
ਰਾਜਪਾਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਦਰਿਆਵਾਂ ਵਿੱਚ ਸਿਰਫ਼ ਸਾਫ਼ ਅਤੇ ਕੁਦਰਤੀ ਪਾਣੀ ਹੀ ਵਹਿਣਾ ਚਾਹੀਦਾ ਹੈ, ਕਿਉਂਕਿ ਪ੍ਰਦੂਸ਼ਣ ਨਾ ਸਿਰਫ਼ ਪਾਣੀ ਦੀ ਗੁਣਵੱਤਾ ਨੂੰ ਖਰਾਬ ਕਰ ਰਿਹਾ ਹੈ, ਸਗੋਂ ਜਲ-ਜੀਵਨ ਅਤੇ ਦਰਿਆਵਾਂ 'ਤੇ ਨਿਰਭਰ ਪ੍ਰਵਾਸੀ ਪੰਛੀਆਂ ਨੂੰ ਵੀ ਖ਼ਤਰੇ ਵਿੱਚ ਪਾ ਰਿਹਾ ਹੈ।
ਰਾਜਪਾਲ ਕਟਾਰੀਆ ਨੇ ਹਰੀਕੇ ਪੱਤਣ ਦੀ ਸੁੰਦਰਤਾ ਨੂੰ ਉਜਾਗਰ ਕਰਦਿਆਂ ਸੁਝਾਅ ਦਿੱਤਾ ਕਿ ਇਸ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਉਤਸ਼ਾਹਿਤ ਕਰਨ ਨਾਲ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਸੈਲਾਨੀਆਂ ਲਈ ਸੈਰ ਸਪਾਟੇ ਦੇ ਤਜ਼ਰਬੇ ਨੂੰ ਵਧਾਉਣ ਲਈ ਜ਼ਰੂਰੀ ਸਹੂਲਤਾਂ ਦੇ ਵਿਕਾਸ ਦੀ ਅਪੀਲ ਕੀਤੀ ਅਤੇ ਪ੍ਰਵਾਸੀ ਪੰਛੀਆਂ ਦੀ ਸਾਲਾਨਾ ਆਮਦ ਨੂੰ ਵਧਾਉਣ ਲਈ ਯਤਨ ਕਰਨ ਦਾ ਸੱਦਾ ਦਿੱਤਾ, ਜਿਸ ਨਾਲ ਖੇਤਰ ਦੀ ਕੁਦਰਤੀ ਸੁੰਦਰਤਾ ਵਧਦੀ ਹੈ ਅਤੇ ਕੁਦਰਤ ਪ੍ਰੇਮੀਆਂ ਨੂੰ ਆਕਰਸ਼ਿਤ ਕਰਦਾ ਹੈ।