ਪ੍ਰਦੂਸ਼ਣ ਕਾਰਨ ਪਾਕਿਸਤਾਨ ਵਿਚ ਲੱਖਾਂ ਲੋਕ ਹਸਪਤਾਲਾਂ ਵਿਚ ਦਾਖ਼ਲ

Update: 2024-11-15 07:18 GMT

ਲਾਹੌਰ : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਹਵਾ ਪ੍ਰਦੂਸ਼ਣ ਨੇ ਤਬਾਹੀ ਮਚਾਈ ਹੋਈ ਹੈ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਵੱਡੇ ਸ਼ਹਿਰ ਲਾਹੌਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ, ਪਰ ਪੂਰਾ ਸੂਬਾ ਪ੍ਰਭਾਵਿਤ ਹੈ। ਹਾਲਾਤ ਇਹ ਹਨ ਕਿ ਹਵਾ ਪ੍ਰਦੂਸ਼ਣ ਕਾਰਨ ਕਰੀਬ 20 ਲੱਖ ਲੋਕ ਬਿਮਾਰ ਹੋ ਗਏ ਹਨ ਅਤੇ ਉਹ ਇਲਾਜ ਲਈ ਹਸਪਤਾਲ ਪਹੁੰਚੇ ਹਨ। ਪਾਕਿਸਤਾਨੀ ਪੰਜਾਬ ਦੇ ਸਿਹਤ ਵਿਭਾਗ ਮੁਤਾਬਕ ਪ੍ਰਦੂਸ਼ਣ ਤੋਂ ਪੀੜਤ 19 ਲੱਖ 34 ਹਜ਼ਾਰ ਤੋਂ ਵੱਧ ਲੋਕਾਂ ਨੇ ਹਸਪਤਾਲਾਂ ਤੱਕ ਪਹੁੰਚ ਕੀਤੀ।

ਇਨ੍ਹਾਂ ਵਿਚੋਂ 12 ਲੱਖ ਲੋਕ ਇਕੱਲੇ ਲਾਹੌਰ ਜਾਂ ਇਸ ਦੇ ਆਸਪਾਸ ਦੇ ਇਲਾਕਿਆਂ ਦੇ ਵਸਨੀਕ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਲੋਕਾਂ ਨੇ ਸਾਹ ਲੈਣ ਵਿੱਚ ਤਕਲੀਫ਼ ਹੋਣ ਦੀ ਸ਼ਿਕਾਇਤ ਕੀਤੀ। ਛਾਤੀ ਵਿੱਚ ਜਕੜਨ ਦਾ ਅਹਿਸਾਸ ਹੋਇਆ।

ਹਾਲਾਤ ਇਹ ਹਨ ਕਿ ਸਾਰੀਆਂ ਚਿੰਤਾਵਾਂ ਦੇ ਬਾਵਜੂਦ ਲਾਹੌਰ ਵਿੱਚ ਹਵਾ ਗੁਣਵੱਤਾ ਸੂਚਕ ਅੰਕ 1000 ਤੋਂ ਉੱਪਰ ਬਣਿਆ ਹੋਇਆ ਹੈ। ਵੀਰਵਾਰ ਰਾਤ ਨੂੰ ਇਹ 1100 ਤੱਕ ਪਹੁੰਚ ਗਿਆ ਸੀ। ਪਿਛਲੇ ਦੋ ਹਫ਼ਤਿਆਂ ਵਿੱਚ ਲਾਹੌਰ ਸਮੇਤ ਪੂਰੇ ਪੰਜਾਬ ਵਿੱਚ ਹਾਲਾਤ ਵਿਗੜ ਗਏ ਹਨ। ਮੁਲਤਾਨ 'ਚ ਵੀ ਪ੍ਰਦੂਸ਼ਣ ਆਪਣੇ ਸਿਖਰ 'ਤੇ ਪਹੁੰਚ ਗਿਆ ਹੈ ਅਤੇ ਉੱਥੇ ਹਵਾ ਗੁਣਵੱਤਾ ਸੂਚਕ ਅੰਕ ਦੋ ਵਾਰ 2000 ਨੂੰ ਪਾਰ ਕਰ ਚੁੱਕਾ ਹੈ। ਹਾਲਾਤ ਇਹ ਹਨ ਕਿ ਲਾਹੌਰ ਵਿੱਚ ਸਰਕਾਰ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ ਅਤੇ ਸਿਰਫ਼ ਜ਼ਰੂਰੀ ਕੰਮਾਂ ਲਈ ਹੀ ਨਿਕਲਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਮਾਹਿਰਾਂ ਦਾ ਕਹਿਣਾ ਹੈ ਕਿ ਲਾਹੌਰ ਵਿਚ ਪਿਛਲੇ ਸਾਲ ਦੇ ਮੁਕਾਬਲੇ ਪ੍ਰਦੂਸ਼ਣ ਦਾ ਪੱਧਰ 23 ਫੀਸਦੀ ਵਧਿਆ ਹੈ।

Similar News