ਭਾਰਤ ਨੇ ਨਿਊਜ਼ੀਲੈਂਡ ਨੂੰ ਖਾਲਿਸਤਾਨੀ ਗਤੀਵਿਧੀਆਂ 'ਤੇ ਕੀਤਾ ਅਲਰਟ
ਨਵੀਂ ਦਿੱਲੀ – ਭਾਰਤ ਨੇ ਨਿਊਜ਼ੀਲੈਂਡ ਨੂੰ ਆਪਣੇ ਦੇਸ਼ ਵਿੱਚ ਚੱਲ ਰਹੀਆਂ ਖਾਲਿਸਤਾਨੀ ਗਤੀਵਿਧੀਆਂ ਅਤੇ ਭਾਰਤ ਵਿਰੋਧੀ ਤੱਤਾਂ ਦੀ ਸਰਗਰਮੀਆਂ ਬਾਰੇ ਚੇਤਾਵਨੀ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਵਿਚਕਾਰ ਹੋਈ ਗੱਲਬਾਤ ਦੌਰਾਨ ਇਹ ਮੁੱਦਾ ਉਠਾਇਆ ਗਿਆ।
ਵਿਦੇਸ਼ ਮੰਤਰਾਲੇ ਦੇ ਸਕੱਤਰ (ਪੂਰਬੀ) ਜੈਦੀਪ ਮਜੂਮਦਾਰ ਨੇ ਦੱਸਿਆ ਕਿ ਭਾਰਤ ਨੇ ਨਿਊਜ਼ੀਲੈਂਡ ਨੂੰ ਲੋਕਤੰਤਰਕ ਆਜ਼ਾਦੀ ਦੀ ਆੜ 'ਚ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਤ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਊਜ਼ੀਲੈਂਡ ਨੇ ਪਿਛਲੇ ਸਮੇਂ ਵਿੱਚ ਭਾਰਤ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲਿਆ ਹੈ।
ਇਸ ਤੋਂ ਇਲਾਵਾ, ਭਾਰਤ ਨੇ ਯੂਨਾਈਟਿਡ ਕਿੰਗਡਮ ਕੋਲ ਵੀ ਖਾਲਿਸਤਾਨੀ ਤੱਤਾਂ ਦੀ ਸਰਗਰਮੀਆਂ 'ਤੇ ਚਿੰਤਾ ਜਤਾਈ ਹੈ। ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੀ ਲੰਡਨ ਯਾਤਰਾ ਦੌਰਾਨ, ਸੁਰੱਖਿਆ ਉਲੰਘਣਾ ਦੇ ਮਾਮਲੇ 'ਤੇ ਯੂਕੇ ਸਰਕਾਰ ਕੋਲ ਵਿਅਕਤੀਗਤ ਤੌਰ 'ਤੇ ਵੀ ਮੁੱਦਾ ਚੁੱਕਿਆ ਗਿਆ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ ਯੂਕੇ ਦੇ ਜਵਾਬ ਦੀ ਗੰਭੀਰਤਾ ਦਾ ਮੁਲਾਂਕਣ ਕਰੇਗਾ।
ਭਾਰਤ ਨੇ ਸਪੱਸ਼ਟ ਕੀਤਾ ਹੈ ਕਿ ਵਿਦੇਸ਼ੀ ਧਰਤੀ ਤੋਂ ਚੱਲ ਰਹੀਆਂ ਵੱਖਵਾਦੀ ਗਤੀਵਿਧੀਆਂ ਉਹਨਾਂ ਦੀ ਪ੍ਰਭੂਸੱਤਾ ਅਤੇ ਕੂਟਨੀਤਕ ਹਿੱਤਾਂ ਲਈ ਖ਼ਤਰਾ ਹਨ, ਇਸ ਲਈ ਉਹ ਅਜਿਹੇ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਦੀ ਉਮੀਦ ਕਰਦਾ ਹੈ।