ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (29 ਦਸੰਬਰ 2024)

ਜਿਸ ਪਰਮਾਤਮਾ ਨੇ ਜਗਤ ਪੈਦਾ ਕਰ ਕੇ ਇਸ ਨੂੰ ਆਪਣੇ ਆਪ ਵਿਚ ਲੀਨ ਕਰਨ ਦੀ ਤਾਕਤ ਭੀ ਆਪਣੇ ਪਾਸ ਰੱਖੀ ਹੋਈ ਹੈ ਉਸ ਮਾਲਕ ਨੂੰ ਇਸ ਕੁਦਰਤਿ

Update: 2024-12-29 00:43 GMT

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (29 ਦਸੰਬਰ 2024)

ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ ਜਾਲੋੁ ਸੋ ਸਾਹਿਬੁ ਪਰਵਾਣੋ ॥੧॥ ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥ ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥ ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥੩॥ ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥ ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥ ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥

ਵਿਆਖਿਆ: ਜਿਸ ਪਰਮਾਤਮਾ ਨੇ ਜਗਤ ਪੈਦਾ ਕਰ ਕੇ ਇਸ ਨੂੰ ਆਪਣੇ ਆਪ ਵਿਚ ਲੀਨ ਕਰਨ ਦੀ ਤਾਕਤ ਭੀ ਆਪਣੇ ਪਾਸ ਰੱਖੀ ਹੋਈ ਹੈ ਉਸ ਮਾਲਕ ਨੂੰ ਇਸ ਕੁਦਰਤਿ ਵਿਚ ਵੱਸਦਾ ਸਮਝ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ (ਰਚੀ ਕੁਦਰਤਿ ਤੋਂ) ਦੂਰ (ਕਿਸੇ ਹੋਰ ਥਾਂ) ਲੱਭਣ ਦਾ ਜਤਨ ਨਹੀਂ ਕਰਨਾ ਚਾਹੀਦਾ। ਹਰੇਕ ਸਰੀਰ ਵਿਚ ਉਸੇ ਦਾ ਹੁਕਮ ਵਰਤਦਾ ਪਛਾਣ। ਜਿਸ ਪਰਮਾਤਮਾ ਨੇ ਇਹ ਰਚਨਾ ਰਚੀ ਹੈ ਉਸ ਨੂੰ ਇਸ ਤੋਂ ਦੂਰ (ਕਿਤੇ ਵੱਖਰਾ) ਨਾਹ ਸਮਝੋ, (ਹਰੇਕ ਸਰੀਰ ਵਿਚ) ਉਸ ਦਾ ਅਟੱਲ ਹੁਕਮ ਵਰਤਦਾ ਪਛਾਣੋ। ਜਦੋਂ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਦੋਂ ਆਤਮਕ ਆਨੰਦ ਮਾਣਦਾ ਹੈ। ਪ੍ਰਭੂ ਦੇ ਨਾਮ ਤੋਂ ਬਿਨਾ ਲੁਕਾਈ ਅਸਮਰਥ ਹੋ ਜਾਂਦੀ ਹੈ। ਜਿਸ ਪਰਮਾਤਮਾ ਨੇ ਰਚਨਾ ਰਚੀ ਹੈ ਉਹੀ ਇਸ ਦੀ ਰੱਖਿਆ ਦੀ ਵਿਧੀ ਭੀ ਜਾਣਦਾ ਹੈ, ਹੋਰ ਕੋਈ ਜੋ ਮਰਜੀ ਕਹੇ। ਜਿਸ ਪ੍ਰਭੂ ਨੇ ਜਗਤ ਪੈਦਾ ਕਰ ਕੇ (ਇਸ ਦੇ ਉਪਰ ਮਾਇਆ ਦੇ ਮੋਹ ਦਾ) ਜਾਲ ਵਿਛਾ ਰੱਖਿਆ ਹੈ ਉਹੀ ਮੰਨਿਆ-ਪ੍ਰਮੰਨਿਆ ਮਾਲਕ ਹੈ ॥੧॥ ਹੇ ਭਾਈ! ਜੇਹੜਾ ਵੀ ਜੀਵ (ਜਗਤ ਵਿਚ ਜਨਮ ਲੈ ਕੇ) ਆਇਆ ਹੈ ਉਸ ਨੇ ਜ਼ਰੂਰ (ਇਥੋਂ) ਚਲੇ ਜਾਣਾ ਹੈ, ਜਗਤ ਤਾਂ ਆਉਣ ਜਾਣ (ਜਨਮ ਮਰਨ) ਦੇ ਚਕਰ ਵਿਚ ਹੈ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਹਰੇਕ ਜੀਵ ਦੇ ਸਿਰ ਉਤੇ ਉਸ ਦੇ ਪੂਰਬਲੇ ਸਮੇ ਵਿਚ ਕੀਤੇ ਕਰਮਾਂ ਦੇ ਵਿਚਾਰ ਅਨੁਸਾਰ ਦੁੱਖ ਅਤੇ ਸੁਖ (ਭੋਗਣ) ਦੇ ਲੇਖ ਲਿਖ ਦਿੱਤੇ ਹਨ। ਜਿਹੋ ਜਿਹਾ ਕਰਮ ਜੀਵ ਨੇ ਕੀਤਾ ਉਹੋ ਜਿਹਾ ਦੁੱਖ ਤੇ ਸੁਖ ਪਰਮਾਤਮਾ ਨੇ ਉਸ ਨੂੰ ਦੇ ਦਿੱਤਾ ਹੈ। ਹਰੇਕ ਜੀਵ ਦੇ ਕੀਤੇ ਕਰਮਾਂ ਦਾ ਸਮੂਹ ਉਸ ਦੇ ਨਾਲ ਹੀ ਨਿਭਦਾ ਹੈ। (ਪਰ ਜੀਵਾਂ ਦੇ ਭੀ ਕੀਹ ਵੱਸ ?) ਕਰਤਾਰ ਆਪ ਹੀ ਜਿਹੋ ਜਿਹੇ ਕਰਮ ਜੀਵਾਂ ਪਾਸੋਂ ਕਰਾਂਦਾ ਹੈ (ਉਹੋ ਜਿਹੇ ਕਰਮ ਜੀਵ ਕਰਦੇ ਹਨ) ਕੋਈ ਭੀ ਜੀਵ (ਪ੍ਰਭੂ ਦੀ ਰਜ਼ਾ ਤੋਂ ਲਾਂਭੇ ਜਾ ਕੇ) ਕੋਈ ਹੋਰ ਕੰਮ ਨਹੀਂ ਕਰ ਸਕਦਾ। ਪਰਮਾਤਮਾ ਆਪ ਤਾਂ (ਕਰਮਾਂ ਤੋਂ) ਨਿਰਲੇਪ ਹੈ, ਲੁਕਾਈ ਉਸ ਦੇ ਹੁਕਮ ਅਨੁਸਾਰ (ਮਾਇਆ ਦੇ) ਆਹਰ ਵਿਚ ਬੱਝੀ ਪਈ ਹੈ। (ਮਾਇਆ ਦੇ ਇਹਨਾਂ ਬੰਧਨਾਂ ਤੋਂ ਭੀ) ਪਰਮਾਤਮਾ ਆਪ ਹੀ ਹੁਕਮ ਕਰ ਕੇ ਛੁਡਾਣ ਦੇ ਸਮਰੱਥ ਹੈ। ਅੱਜ (ਸਿਮਰਨ) ਕਰਦਾ ਹਾਂ, ਭਲਕੇ ਕਰਾਂਗਾ (ਇਹੀ ਟਾਲ-ਮਟੋਲੇ) ਕਰਦੇ ਨੂੰ ਮੌਤ ਆ ਦਬਾਂਦੀ ਹੈ। (ਪ੍ਰਭੂ ਨੂੰ ਵਿਸਾਰ ਕੇ) ਮਾਇਆ ਦੇ ਮੋਹ ਵਿਚ ਫਸਿਆ ਵਿਅਰਥ ਕੰਮ ਕਰਦਾ ਰਹਿੰਦਾ ਹੈ ॥੨॥ ਜੀਵ ਜਮ ਵਾਲਾ ਰਸਤਾ ਫੜਦਾ ਹੈ, ਤੇ ਉਸ ਨੂੰ ਆਤਮਿਕ ਜੀਵਨ ਦੀ ਸੋਝ ਨਹੀਂ ਆਉਂਦੀ, ਉਜਾੜ ਤੇ ਘੁੱਪ ਹਨੇਰੇ ਵਿਚ ਹੀ ਫਸਿਆ ਰਹਿੰਦਾ ਹੈ। (ਆਖਰ ਵੇਲੇ) ਨਾਹ ਪਾਣੀ, ਨਾਹ ਲੇਫ, ਨਾਹ ਤੁਲਾਈ ਨਾ ਕਿਸੇ ਕਿਸਮ ਦਾ ਭੋਜਨ, ਭੋਜਨ ਭਾਉ ਨਹੀਂ, ਨਾਹ ਠੰਢਾ ਪਾਣੀ, ਨਾਹ ਕੋਈ ਸੋਹਣਾ ਕੱਪੜਾ, ਨਾਹ ਹੋਰ ਸਿੰਗਾਰ (ਨਾਲ ਜਾਂਦਾ ਹੈ)। ਜਮਰਾਜ ਜੀਵ ਦੇ ਗਲ ਵਿਚ (ਮੋਹ ਦਾ) ਸੰਗਲ ਪਾ ਕੇ ਇਸ ਦੇ ਸਿਰ ਉਤੇ ਖਲੋਤਾ ਚੋਟਾਂ ਮਾਰਦਾ ਹੈ, ਤਾਂ ਇਸ ਨੂੰ ਕੋਈ ਘਰ-ਬਾਹਰ ਨਹੀਂ ਦਿੱਸਦਾ। ਉਸ (ਮੌਤ) ਵੇਲੇ ਦੇ ਬੀਜੇ ਹੋਏ (ਸਿਮਰਨ ਸੇਵਾ ਆਦਿਕ ਦੇ ਬੀਜ) ਉੱਗ ਨਹੀਂ ਸਕਦੇ। ਤਦੋਂ ਪਛੁਤਾਂਦਾ ਹੈ ਕਿਉਂਕਿ ਕੀਤੇ ਪਾਪਾਂ ਦਾ ਭਾਰ ਸਿਰ ਉਤੇ ਪਿਆ ਹੈ (ਜੋ ਲਹਿ ਨਹੀਂ ਸਕਦਾ)। ਇਸ ਅਟੱਲ ਵਿਚਾਰ ਨੂੰ ਚੇਤੇ ਰੱਖੋ ਕਿ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਸਾਥੀ ਨਹੀਂ ਬਣਦਾ ॥੩॥ ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ ਤੇ ਵੈਰਾਗਵਾਨ ਹੁੰਦੇ ਹਨ ਉਹ (ਲੋਕ ਪਰਲੋਕ ਵਿਚ) ਆਦਰ ਪਾਂਦੇ ਹਨ। ਪਰ ਜਿਸ ਜੀਵ-ਇਸਤ੍ਰੀ ਨੂੰ ਮਾਇਆ ਦੇ ਮੋਹ ਨੇ ਲੁੱਟ ਲਿਆ ਹੈ ਉਹ ਦੁੱਖੀ ਹੁੰਦੀ ਹੈ। ਜੀਵ (ਸਾਰੀ ਉਮਰ ਮਾਇਆ ਦਾ) ਧੰਧਾ ਹੀ ਪਿੱਟਦੇ ਹਨ ਤੇ ਇੰਜ ਕਰਮਾ ਦੀ ਮੈਲ ਨਹੀਂ ਲਾਹੁੰਦੇ, ਉਹਨ੍ਹਾਂ ਲਈ ਸੰਸਾਰ ਇਕ ਸੁਪਨਾ ਹੀ ਬਣਿਆ ਰਹਿੰਦਾ ਹੈ। ਜਿਵੇਂ ਬਾਜ਼ੀਗਰ (ਤਮਾਸ਼ਾ ਵਿਖਾਂਦਾ ਹੈ, ਵੇਖਣ ਵਾਲਾ ਜੀਵ ਉਸ ਦੇ ਤਮਾਸ਼ੇ ਵਿਚ ਰੁੱਝਾ ਰਹਿੰਦਾ ਹੈ, ਤਿਵੇਂ) ਕੂੜੇ ਮੋਹ ਦੀ ਠਗੀ ਹੋਈ ਜੀਵ-ਇਸਤ੍ਰੀ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ ਤੇ (ਕੂੜੀ ਮਾਇਆ ਦਾ) ਮਾਣ ਕਰਦੀ ਹੈ। ਪਰ ਪਰਮਾਤਮਾ ਆਪ ਹੀ (ਜੀਵਾਂ ਨੂੰ) ਸਹੀ ਰਸਤੇ ਤੇ ਪਾਣ ਵਾਲਾ ਹੈ ਤੇ ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ) ਕਰਮ ਕਰ ਰਿਹਾ ਹੈ। ਹੇ ਨਾਨਕ ਜੀ! ਜੇਹੜੇ ਆਤਮਕ ਅਡੋਲਤਾ ਵਿਚ ਟਿਕੇ ਰਹਿ ਕੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ ਪੂਰੇ ਗੁਰੂ ਨੇ (ਮਾਇਆ ਦੇ ਮੋਹ ਤੋਂ) ਬਚਾ ਲਿਆ ਹੈ ॥੪॥੪॥

Tags:    

Similar News