ਸੁਖਬੀਰ ਬਾਦਲ ਨੂੰ ਸਜ਼ਾ ਸੁਣਾਉਣ ਲਈ ਪੰਜ ਸਿੰਘ ਸਾਹਿਬਾਨਾਂ ਨੇ ਸੱਦ ਲਈ ਬੈਠਕ, ਸਾਬਕਾ ਜੱਥੇਦਾਰਾਂ ਤੋਂ ਵੀ ਮੰਗਿਆ ਸਪਸ਼ਟੀਕਰਨ
By : BikramjeetSingh Gill
Update: 2024-11-25 10:28 GMT
ਅੰਮ੍ਰਿਤਸਰ : ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅੱਜ ਐਲਾਨ ਕੀਤਾ ਕਿ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਦੀ ਸਜ਼ਾ ਦਾ ਫ਼ੈਸਲਾ ਛੇਤੀ ਹੀ ਲਿਆ ਜਾਵੇਗਾ। ਅਸਲ ਵਿਚ ਪੰਜ ਸਿੰਘ ਸਾਹਿਬਨਾਂ ਵੱਲੋਂ 2 ਦਸੰਬਰ ਨੂੰ ਬੈਠਕ ਬੁਲਾ ਲਈ ਹੈ ਅਤੇ ਸੁਖਬੀਰ ਬਾਦਲ ਦੀ ਸਜ਼ਾ ਬਾਰੇ ਫ਼ੈਸਲਾ ਵੀ ਲਿਆ ਜਾਵੇਗਾ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਇਸ ਦੇ ਨਾਲ ਹੀ 2015 ਦੇ ਕੋਰ ਕਮੇਟੀ ਦੇ ਮੈਂਬਰ ਵੀ ਤਲਬ ਕੀਤੇ ਗਏ ਹਨ। ਕਿਆਸ ਇਹ ਵੀ ਲਾਇਆ ਜਾ ਰਿਹਾ ਹੈ ਕਿ ਇਸੇ ਦਿਨ ਸੁਖਬੀਰ ਬਾਦਲ ਦੀ ਸਜ਼ਾ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ।