ਪੰਜਾਬ ਦੇ MLAs ਦੀ ਕੇਜਰੀਵਾਲ ਨਾਲ ਮੀਟਿੰਗ ਸਮਾਪਤ, ਪੜ੍ਹੋ ਕੀ ਕਿਹਾ CM ਮਾਨ ਨੇ
ਦਿੱਲੀ : - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਵਿਧਾਇਕਾਂ ਦੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ਹੋਈ ਮੀਟਿੰਗ ਸਮਾਪਤ ਹੋ ਗਈ ਹੈ।
ਇਸ ਮੀਟਿੰਗ ਵਿੱਚ ਵਿਧਾਇਕਾਂ ਦੇ ਨਾਲ-ਨਾਲ ਪੰਜਾਬ ਤੋਂ ਸੰਸਦ ਮੈਂਬਰ ਵੀ ਸ਼ਾਮਲ ਸਨ। ਮੀਟਿੰਗ ਵਿੱਚ ਕੋਈ ਵੱਡਾ ਐਲਾਨ ਨਹੀਂ ਹੋਇਆ, ਜਿਸ ਨਾਲ ਵਿਰੋਧੀਆਂ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦੱਸਣ ਕਿ ਦਿੱਲੀ ਵਿੱਚ ਉਨ੍ਹਾਂ ਦੇ ਕਿੰਨੇ ਵਿਧਾਇਕ ਹਨ, ਕਿਉਂਕਿ ਗੱਲ ਨੂੰ ਵਧਾ-ਚੜ੍ਹਾ ਕੇ ਪੇਸ਼ ਕੀਤਾ ਜਾ ਰਿਹਾ ਹ।. ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਸਿਰਫ਼ ਪੰਜਾਬ ਦੇ ਵਿਕਾਸ ਅਤੇ 'ਆਪ' ਨੂੰ ਕਿਵੇਂ ਮਜ਼ਬੂਤ ਕੀਤਾ ਜਾਵੇ, ਇਸ ਬਾਰੇ ਚਰਚਾ ਕੀਤੀ ਗਈ।
ਇਸ ਤੋਂ ਪਹਿਲਾਂ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦੋਸ਼ ਲਾਇਆ ਸੀ ਕਿ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਕਿਉਂਕਿ ਉਹ ਸੂਬੇ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਅਤੇ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੇ ਹਨ।. ਉਨ੍ਹਾਂ ਇਹ ਵੀ ਕਿਹਾ ਕਿ ਕੇਜਰੀਵਾਲ, 'ਆਪ' ਵਿਧਾਇਕਾਂ ਨੂੰ ਇਹ ਕਹਿਣ ਲਈ ਮਜਬੂਰ ਕਰ ਰਹੇ ਹਨ ਕਿ ਕੇਜਰੀਵਾਲ ਇੱਕ ਚੰਗੇ ਆਦਮੀ ਹਨ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਜਾਣਾ ਚਾਹੀਦਾ ਹੈ।