ਮੋਹਾਲੀ 'ਚ ਗੈਸ ਪਾਈਪ ਲਾਈਨ 'ਚ ਲੱਗੀ ਅੱਗ
ਲੀਕੇਜ ਕਾਰਨ ਹਾਦਸੇ ਦਾ ਡਰ, ਆਸ-ਪਾਸ ਦਾ ਇਲਾਕਾ ਖਾਲੀ
ਚੰਡੀਗੜ੍ਹ : ਮੋਹਾਲੀ ਦੇ ਪਿੰਡ ਮੁਬਾਰਕਪੁਰ 'ਚ ਸੋਮਵਾਰ ਦੇਰ ਸ਼ਾਮ ਜ਼ਮੀਨਦੋਜ਼ ਗੈਸ ਪਾਈਪ ਲਾਈਨ 'ਚ ਅਚਾਨਕ ਅੱਗ ਲੱਗ ਜਾਣ ਕਾਰਨ ਹੜਕੰਪ ਮਚ ਗਿਆ। ਘਟਨਾ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ। ਸੁਰੱਖਿਆ ਦੇ ਮੱਦੇਨਜ਼ਰ ਆਲੇ-ਦੁਆਲੇ ਦੇ ਇਲਾਕੇ ਨੂੰ ਵੀ ਖਾਲੀ ਕਰਵਾ ਲਿਆ ਗਿਆ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ।
ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ, ਜੋ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਅੱਗ 'ਤੇ ਕਾਬੂ ਪਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀਆਂ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਪਾਈਪ ਲਾਈਨ ਨੂੰ ਅੱਗ ਕਿਵੇਂ ਲੱਗੀ।
ਮੁੱਢਲੀ ਜਾਣਕਾਰੀ ਅਨੁਸਾਰ ਜ਼ਮੀਨ ਹੇਠਾਂ ਪਾਈ ਗੈਸ ਪਾਈਪ ਲਾਈਨ ਵਿੱਚ ਕੋਈ ਤਕਨੀਕੀ ਨੁਕਸ ਜਾਂ ਲੀਕੇਜ ਹੋਣ ਕਾਰਨ ਅੱਗ ਲੱਗਣ ਦਾ ਖ਼ਦਸ਼ਾ ਹੈ । ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਜਲਦੀ ਤੋਂ ਜਲਦੀ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਇਲਾਕੇ 'ਚ ਸਥਿਤੀ ਆਮ ਵਾਂਗ ਹੋ ਸਕੇ।
ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਜਿਵੇਂ ਹੀ ਅੱਗ ਲੱਗੀ ਤਾਂ ਚਾਰੇ ਪਾਸੇ ਧੂੰਏਂ ਦੇ ਬੱਦਲ ਛਾ ਗਏ, ਜਿਸ ਕਾਰਨ ਲੋਕ ਡਰ ਕੇ ਘਰਾਂ ਤੋਂ ਬਾਹਰ ਆ ਗਏ। ਇਸ ਘਟਨਾ ਕਾਰਨ ਪਿੰਡ ਵਿੱਚ ਕੁਝ ਸਮੇਂ ਲਈ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।