AAP MLA Kuldeep Dhaliwal ਦਾ Majithia and Anil Joshi ’ਤੇ ਤਿੱਖਾ ਹਮਲਾ
ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਕ ਪ੍ਰੈਸ ਵਾਰਤਾ ਨੂੰ ਸੰਬੋਧਨ ਕਰਦਿਆਂ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ’ਤੇ ਤਿੱਖਾ ਹਮਲਾ ਕੀਤਾ।
ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਕ ਪ੍ਰੈਸ ਵਾਰਤਾ ਨੂੰ ਸੰਬੋਧਨ ਕਰਦਿਆਂ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ’ਤੇ ਤਿੱਖਾ ਹਮਲਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਅਨਿਲ ਜੋਸ਼ੀ ਦੇ ਆਈਜੀ ਉਮਰਾਨੰਗਲ ਦੇ ਘਰ ਹੋਏ ਸਮਾਗਮ ਵਿੱਚ ਸ਼ਾਮਲ ਹੋਣ ’ਤੇ ਗੰਭੀਰ ਸਵਾਲ ਖੜੇ ਕੀਤੇ।
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਤਿਹਾਸ ਵਿੱਚ ਮੁਗਲਾਂ ਅਤੇ ਅੰਗਰੇਜ਼ਾਂ ਦੇ ਦੌਰ ਬਾਰੇ ਸਭ ਨੇ ਪੜ੍ਹਿਆ ਹੈ, ਪਰ 10 ਅਕਤੂਬਰ 2015 ਨੂੰ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਜੋ ਕੁਝ ਵਾਪਰਿਆ, ਉਹ ਸਿੱਖ ਇਤਿਹਾਸ ਦਾ ਇੱਕ ਕਾਲਾ ਅਧਿਆਇ ਹੈ। ਉਨ੍ਹਾਂ ਦੱਸਿਆ ਕਿ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਸੰਗਤ ’ਤੇ ਪੁਲਿਸ ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਕਈ ਬੇਗੁਨਾਹ ਨੌਜਵਾਨ ਸ਼ਹੀਦ ਹੋਏ ਅਤੇ ਅਨੇਕਾਂ ਜ਼ਖ਼ਮੀ ਹੋਏ।
ਧਾਲੀਵਾਲ ਨੇ ਦੋਸ਼ ਲਗਾਇਆ ਕਿ ਉਸ ਸਮੇਂ ਫਾਇਰਿੰਗ ਦੀ ਕਮਾਂਡ ਆਈਜੀ ਉਮਰਾਨੰਗਲ ਦੇ ਹੱਥ ਵਿੱਚ ਸੀ, ਜਿਸ ਸਬੰਧੀ ਐਫਆਈਆਰ ਦਰਜ ਹੋਈ ਅਤੇ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ। ਉਨ੍ਹਾਂ ਮੀਡੀਆ ਸਾਹਮਣੇ ਐਫਆਈਆਰ ਦੀ ਕਾਪੀ ਦਿਖਾਉਂਦੇ ਹੋਏ ਕਿਹਾ ਕਿ ਇਹ ਉਸੇ ਮਾਮਲੇ ਨਾਲ ਸਬੰਧਤ ਹੈ।
ਆਪ ਵਿਧਾਇਕ ਨੇ ਅੱਗੇ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ ਨੂੰ ਮਾਫ਼ੀ ਦੇਣ ਦਾ ਫੈਸਲਾ ਵੀ ਉਸੇ ਦੌਰ ਵਿੱਚ ਲਿਆ ਗਿਆ, ਜਿਸ ਨਾਲ ਪੰਜਾਬ ਦੇ ਲੋਕਾਂ ਵਿੱਚ ਭਾਰੀ ਰੋਸ ਪੈਦਾ ਹੋਇਆ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਇੰਨੇ ਗੰਭੀਰ ਦੋਸ਼ਾਂ ਵਾਲੇ ਅਧਿਕਾਰੀ ਦੇ ਘਰ ਧਾਰਮਿਕ ਸਮਾਗਮ ਹੋਇਆ, ਤਾਂ ਉਸ ਵਿੱਚ ਮਜੀਠੀਆ ਅਤੇ ਅਨਿਲ ਜੋਸ਼ੀ ਵਰਗੇ ਨੇਤਾ ਕਿਉਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਵੱਲੋਂ ਸੋਸ਼ਲ ਮੀਡੀਆ ’ਤੇ ਦਿੱਤੀ ਗਈ ਵਧਾਈ ਅਕਾਲੀ ਦਲ ਦੀ ਨੀਅਤ ਨੂੰ ਬੇਨਕਾਬ ਕਰਦੀ ਹੈ।
ਕੁਲਦੀਪ ਧਾਲੀਵਾਲ ਨੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਵਰਗੇ ਵਿਅਕਤੀ, ਜਿਨ੍ਹਾਂ ਨੇ ਸੱਚ ਬੋਲਿਆ, ਉਨ੍ਹਾਂ ਨੂੰ ਸੇਵਾਵਾਂ ਤੋਂ ਮੁਕਤ ਕਰ ਦੇਣਾ ਬਹੁਤ ਸ਼ਰਮਨਾਕ ਗੱਲ ਹੈ। ਉਨ੍ਹਾਂ ਦੋਸ਼ ਲਗਾਇਆ ਕਿ SGPC ਗੁਰਦੁਆਰਿਆਂ ਦੀਆਂ ਜ਼ਮੀਨਾਂ ਵੇਚ ਰਹੀ ਹੈ ਅਤੇ ਲੰਗਰ ਤੇ ਰੋਟੀ ਨਾਲ ਜੁੜੇ ਘਪਲੇ ਸਾਹਮਣੇ ਆ ਰਹੇ ਹਨ।
ਨਸ਼ੇ ਦੇ ਮਸਲੇ ’ਤੇ ਗੱਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ 2007 ਤੋਂ ਬਾਅਦ ਪੰਜਾਬ ਵਿੱਚ ਨਸ਼ਾ ਫੈਲਿਆ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਖ਼ਿਲਾਫ਼ ਜੰਗ ਛੇੜੀ ਹੈ। ਇਸਦੇ ਨਾਲ ਹੀ ਹਰਸਿਮਰਤ ਕੌਰ ਬਾਦਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਲੋਕ ਸਭਾ ਮੈਂਬਰ ਹਨ ਅਤੇ ਉਨ੍ਹਾਂ ਨੂੰ ਇਸ ਮਸਲੇ ’ਤੇ ਪ੍ਰਧਾਨ ਮੰਤਰੀ ਕੋਲ ਸਵਾਲ ਉਠਾਉਣੇ ਚਾਹੀਦੇ ਹਨ। ਅਖੀਰ ਵਿੱਚ ਉਨ੍ਹਾਂ ਨੌਜਵਾਨ ਲੜਕੀਆਂ ਨੂੰ ਕੈਨੇਡਾ ਭੇਜਣ ਤੋਂ ਪਹਿਲਾਂ ਸੋਚ-ਵਿਚਾਰ ਕਰਕੇ ਫੈਸਲਾ ਕਰਨ ਦੀ ਅਪੀਲ ਵੀ ਕੀਤੀ।