ਐਡਵੋਕੇਟ Dhami ਨੇ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਦਾ ਹਾਲ ਜਾਣਿਆ

ਐਡਵੋਕੇਟ ਧਾਮੀ ਨੇ ਮਾਤਾ ਜੀ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਗੁਰੂ ਸਾਹਿਬ ਅੱਗੇ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ।

By :  Gill
Update: 2025-09-26 08:59 GMT

ਬੰਦੀ ਸਿੰਘਾਂ ਨਾਲ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਬੇਇਨਸਾਫੀ ਦੀ ਕੀਤੀ ਕਰੜੀ ਨਿੰਦਾ

ਅੰਮ੍ਰਿਤਸਰ, 26 ਸਤੰਬਰ-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਜੀ ਦਾ ਉਨ੍ਹਾਂ ਦੇ ਘਰ ਪੁੱਜ ਕੇ ਹਾਲ ਜਾਣਿਆ। ਐਡਵੋਕੇਟ ਧਾਮੀ ਨੇ ਮਾਤਾ ਜੀ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਗੁਰੂ ਸਾਹਿਬ ਅੱਗੇ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਸਿੱਖ ਕੌਮ ਦੇ ਯੋਧੇ ਹਨ, ਜਿਨ੍ਹਾਂ ਨੇ ਪੰਥਕ ਪੱਧਰ ‘ਤੇ ਆਪਣੀ ਸ਼ਖ਼ਸੀਅਤ ਅਤੇ ਸੰਘਰਸ਼ ਰਾਹੀਂ ਅਹਿਮ ਭੂਮਿਕਾ ਨਿਭਾਈ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਵੱਲੋਂ ਭਾਈ ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਨਾਲ ਭਾਰੀ ਨਾਇਨਸਾਫੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਾਨੂੰਨੀ ਤੇ ਸੰਵਿਧਾਨਕ ਹੱਕਾਂ ਤੱਕ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸੰਗੀਨ ਦੋਸ਼ਾਂ ਚ ਘਿਰੇ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਤੇ ਫਰਲੋ ਦਿੱਤੀ ਜਾ ਰਹੀ ਹੈ ਜਦਕਿ ਦੂਜੇ ਬੰਨੇ ਬੰਦੀ ਸਿੰਘਾਂ ਨੂੰ ਦੁੱਖ ਸਮੇਂ ਪਰਿਵਾਰਾਂ ਨੂੰ ਮਿਲਣ ਦੀ ਵੀ ਇਜਾਜ਼ਤ ਨਹੀਂ ਦਿੱਤੀ ਜਾਂਦੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਨਾਲ ਬੇਇਨਸਾਫੀ ਸਪਸ਼ਟ ਤੌਰ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਬੀਮਾਰ ਮਾਤਾ ਜੀ ਨਾਲ ਮਿਲ ਸਕਣ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਬੰਦੀਆਂ ਦੀ ਰਿਹਾਈ ਲਈ ਅਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕਜੁੱਟ ਹੋ ਕੇ ਆਪਣੇ ਯਤਨ ਜਾਰੀ ਰੱਖਣ।

ਇਸ ਮੌਕੇ ਪ੍ਰਧਾਨ ਐਡਵੋਕੇਟ ਧਾਮੀ ਦੇ ਨਾਲ ਕਈ ਪੰਥਕ ਸ਼ਖ਼ਸੀਅਤਾਂ ਵੀ ਮੌਜੂਦ ਸਨ ਜਿਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਜਤਾਈ ਅਤੇ ਬੀਮਾਰ ਮਾਤਾ ਜੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

Tags:    

Similar News