ਹਰਿਆਣਾ ਚੋਣਾਂ 'ਚ ਸੀਟ ਵੰਡ ਨੂੰ ਲੈ ਕੇ ਕਾਂਗਰਸ ਅਤੇ 'ਆਪ' ਵਿਚਾਲੇ ਸਿਧਾਂਤਕ ਸਮਝੌਤਾ
ਚੰਡੀਗੜ੍ਹ: ਜਿਵੇਂ-ਜਿਵੇਂ ਹਰਿਆਣਾ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਰਾਜ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਵਾਂਗ ਆਮ ਆਦਮੀ ਪਾਰਟੀ (ਆਪ) ਨੇ ਵੀ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਆਪਣੇ ਦਮ 'ਤੇ ਲੜਨ ਦਾ ਐਲਾਨ ਕੀਤਾ ਸੀ ਪਰ ਹੁਣ ਲੱਗਦਾ ਹੈ ਕਿ 'ਆਪ' ਦੇ ਇਰਾਦੇ ਹੌਲੀ-ਹੌਲੀ ਬਦਲਦੇ ਜਾ ਰਹੇ ਹਨ। ਇਹ ਵੀ ਪਤਾ ਲੱਗਾ ਹੈ ਕਿ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ 10 ਸੀਟਾਂ ਦੀ ਮੰਗ ਕਰ ਰਹੀ ਹੈ, ਜਦਕਿ ਕਾਂਗਰਸ ਸੱਤ ਸੀਟਾਂ ਨੂੰ ਸਵੀਕਾਰ ਕਰਨ ਲਈ ਤਿਆਰ ਹੈ।
ਕਿਹਾ ਜਾ ਰਿਹਾ ਹੈ ਕਿ ਆਉਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਅਤੇ 'ਆਪ' ਆਪਸ 'ਚ ਹੱਥ ਮਿਲਾ ਸਕਦੇ ਹਨ। ਰਿਪੋਰਟਾਂ ਮੁਤਾਬਕ ਦੋਵਾਂ ਪਾਰਟੀਆਂ ਵਿਚਾਲੇ ਸਿਧਾਂਤਕ ਸਮਝੌਤਾ ਹੋ ਗਿਆ ਹੈ, ਪਰ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਅਜੇ ਤੈਅ ਹੋਣੀ ਬਾਕੀ ਹੈ।
'ਆਪ' ਨਾਲ ਗਠਜੋੜ 'ਤੇ ਹਰਿਆਣਾ ਕਾਂਗਰਸ ਦੇ ਇੰਚਾਰਜ ਦੀਪਕ ਬਾਰੀਆ ਨੇ ਪੱਤਰਕਾਰਾਂ ਨੂੰ ਕਿਹਾ, "ਗਠਜੋੜ ਨੂੰ ਲੈ ਕੇ ਆਮ ਆਦਮੀ ਪਾਰਟੀ ਨਾਲ ਗੱਲਬਾਤ ਬਹੁਤ ਸ਼ੁਰੂਆਤੀ ਪੜਾਅ 'ਤੇ ਹੈ। ਅਸੀਂ ਇਸ 'ਤੇ ਵਿਚਾਰ ਕਰ ਰਹੇ ਹਾਂ। ਜੇਕਰ ਅਸੀਂ ਕਿਸੇ ਗੱਲ 'ਤੇ ਸਹਿਮਤ ਹੁੰਦੇ ਹਾਂ ਤਾਂ ਜਾਣਕਾਰੀ ਜ਼ਰੂਰ ਦਿੱਤੀ ਜਾਵੇਗੀ।"