ਅਮਰੀਕਾ ਨੇ ਭਾਰਤੀ ਅਫ਼ਸਰ ਵਿਕਾਸ ਯਾਦਵ 'ਤੇ ਲਾਏ ਗੰਭੀਰ ਦੋਸ਼, ਕਤਲ ਦੀ ਰਚੀ ਸ਼ਾਜਸ਼

Update: 2024-10-18 04:36 GMT

ਨਵੀਂ ਦਿੱਲੀ : ਅਮਰੀਕਾ ਦੇ ਨਿਆਂ ਵਿਭਾਗ ਨੇ ਭਾਰਤ ਦੇ ਸਾਬਕਾ ਖੁਫੀਆ ਅਧਿਕਾਰੀ 'ਤੇ ਖਾਲਿਸਤਾਨੀ ਖਾੜਕੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ। ਅਮਰੀਕਾ ਦਾ ਕਹਿਣਾ ਹੈ ਕਿ ਉਸ ਅਧਿਕਾਰੀ ਦਾ ਨਾਂ ਵਿਕਾਸ ਯਾਦਵ ਹੈ, ਜੋ ਹੁਣ ਤੱਕ ਅਮਰੀਕਾ 'ਚ ਸੀ।

ਪਰ ਕੁਝ ਸਮਾਂ ਪਹਿਲਾਂ ਉਸ ਨੂੰ ਵਾਪਸ ਬੁਲਾ ਲਿਆ ਗਿਆ। ਅਮਰੀਕਾ ਅਤੇ ਭਾਰਤ ਦੋਵਾਂ ਨੇ ਵੀਰਵਾਰ ਨੂੰ ਕਿਹਾ ਸੀ ਕਿ ਸਬੰਧਤ ਅਧਿਕਾਰੀ ਨੂੰ ਹਟਾ ਦਿੱਤਾ ਗਿਆ ਹੈ। ਅਮਰੀਕਾ ਨੇ ਕਿਹਾ ਸੀ ਕਿ ਅਸੀਂ ਭਾਰਤ ਵੱਲੋਂ ਇਸ ਮਾਮਲੇ ਦੀ ਜਾਂਚ ਤੋਂ ਸੰਤੁਸ਼ਟ ਹਾਂ। ਅਮਰੀਕਾ ਦਾ ਕਹਿਣਾ ਹੈ ਕਿ ਅਸੀਂ ਵਿਕਾਸ ਯਾਦਵ 'ਤੇ ਤਿੰਨ ਦੋਸ਼ ਲਾਏ ਹਨ, ਜਿਨ੍ਹਾਂ 'ਚੋਂ ਦੋ ਮੁੱਖ ਹਨ- ਪੰਨੂ ਦੀ ਹੱਤਿਆ ਅਤੇ ਮਨੀ ਲਾਂਡਰਿੰਗ ਦੀ ਸਾਜ਼ਿਸ਼।

ਵਿਕਾਸ ਯਾਦਵ ਬਾਰੇ ਪ੍ਰਾਪਤ ਜਾਣਕਾਰੀ ਅਨੁਸਾਰ ਉਹ ਹੁਣ ਸਰਕਾਰੀ ਅਧਿਕਾਰੀ ਨਹੀਂ ਰਹੇ ਹਨ। ਅਮਰੀਕੀ ਨਿਆਂ ਵਿਭਾਗ ਦਾ ਕਹਿਣਾ ਹੈ ਕਿ ਉਹ ਫਿਲਹਾਲ ਫਰਾਰ ਹੈ। ਅਮਰੀਕੀ ਖੁਫੀਆ ਏਜੰਸੀ ਐਫਬੀਆਈ ਦੇ ਡਾਇਰੈਕਟਰ ਕ੍ਰਿਸਟੋਫਰ ਰੇ ਨੇ ਇਸ ਸਬੰਧੀ ਬਿਆਨ ਜਾਰੀ ਕਰਦਿਆਂ ਕਿਹਾ, ‘ਐਫਬੀਆਈ ਹਿੰਸਾ ਦੀਆਂ ਘਟਨਾਵਾਂ ਨੂੰ ਸਵੀਕਾਰ ਨਹੀਂ ਕਰੇਗੀ। ਇਸ ਤੋਂ ਇਲਾਵਾ ਅਮਰੀਕਾ 'ਚ ਰਹਿ ਰਹੇ ਲੋਕਾਂ ਤੋਂ ਬਦਲਾ ਲੈਣ ਦੀ ਕੋਸ਼ਿਸ਼ ਵੀ ਮਨਜ਼ੂਰ ਨਹੀਂ ਹੈ। ਇਹ ਜ਼ਰੂਰੀ ਹੈ ਕਿ ਅਮਰੀਕਾ ਵਿਚ ਰਹਿਣ ਵਾਲਿਆਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇ।

ਅਮਰੀਕੀ ਨਿਆਂ ਵਿਭਾਗ ਨੇ ਦੋਸ਼ ਲਾਇਆ ਹੈ ਕਿ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਮਈ 2023 ਵਿੱਚ ਸ਼ੁਰੂ ਹੋਈ ਸੀ। ਅਮਰੀਕੀ ਏਜੰਸੀਆਂ ਦਾ ਇਲਜ਼ਾਮ ਹੈ ਕਿ ਵਿਕਾਸ ਯਾਦਵ ਇਸ ਵਿੱਚ ਸ਼ਾਮਲ ਸੀ। ਉਹ ਭਾਰਤ ਅਤੇ ਬਾਹਰਲੇ ਏਜੰਟਾਂ ਨਾਲ ਜੁੜਿਆ ਹੋਇਆ ਸੀ। ਭਾਰਤ ਨੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਅੱਤਵਾਦੀ ਕਰਾਰ ਦਿੰਦਿਆਂ ਉਸ ਨੂੰ ਦੇਸ਼ ਦੀ ਸੁਰੱਖਿਆ ਲਈ ਖਤਰਾ ਦੱਸਿਆ ਹੈ। ਇਲਜ਼ਾਮ ਵਿੱਚ ਕਿਹਾ ਗਿਆ ਹੈ ਕਿ ਵਿਕਾਸ ਯਾਦਵ ਨੇ ਖੁਦ ਨਿਖਿਲ ਗੁਪਤਾ ਨਾਮ ਦੇ ਵਿਅਕਤੀ ਨੂੰ ਨੌਕਰੀ 'ਤੇ ਰੱਖਿਆ ਸੀ। ਉਸ ਨੂੰ ਪੰਨੀ ਦੇ ਕਤਲ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਅਮਰੀਕਾ ਨੇ ਸਭ ਤੋਂ ਪਹਿਲਾਂ ਨਿਖਿਲ ਗੁਪਤਾ ਖਿਲਾਫ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ।

ਅਮਰੀਕਾ ਦੀ ਮੈਨਹਟਨ ਅਦਾਲਤ 'ਚ ਕਿਹਾ ਗਿਆ ਸੀ ਕਿ ਵਿਕਾਸ ਯਾਦਵ ਨੇ ਗੁਪਤਾ ਨੂੰ ਨੌਕਰੀ 'ਤੇ ਰੱਖਿਆ ਸੀ। ਫਿਰ ਗੁਪਤਾ ਨੇ ਹੀ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਨਿਖਿਲ ਗੁਪਤਾ ਪਿਛਲੇ ਸਾਲ ਜੂਨ ਵਿੱਚ ਭਾਰਤ ਤੋਂ ਪ੍ਰਾਗ ਗਿਆ ਸੀ। ਉੱਥੇ ਉਸ ਨੂੰ ਚੈੱਕ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ ਅਤੇ ਫਿਰ ਅਮਰੀਕਾ ਹਵਾਲੇ ਕਰ ਦਿੱਤਾ ਗਿਆ। ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਨਿਖਿਲ ਗੁਪਤਾ ਨੇ ਬੇਕਸੂਰ ਹੋਣ ਦੀ ਦਲੀਲ ਦਿੱਤੀ। ਅਮਰੀਕੀ ਅਟਾਰਨੀ ਜਨਰਲ ਨੇ ਕਿਹਾ ਕਿ ਤਾਜ਼ਾ ਦੋਸ਼ ਦਰਸਾਉਂਦੇ ਹਨ ਕਿ ਅਮਰੀਕਾ ਆਪਣੇ ਕਿਸੇ ਵੀ ਨਾਗਰਿਕ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਹੋਣ ਦੇਵੇਗਾ। ਸਾਡੇ ਸਾਰੇ ਨਾਗਰਿਕਾਂ ਦੀ ਰੱਖਿਆ ਕਰਨਾ ਸਾਡੀ ਜ਼ਿੰਮੇਵਾਰੀ ਹੈ।

Tags:    

Similar News