105 ਕਿਲੋ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ 6 ਕਿਲੋ ਹੈਰੋਇਨ ਸਮੇਤ ਇਕ ਹੋਰ ਗ੍ਰਿਫਤਾਰੀ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ CI ਨੇ ਹਾਲ ਹੀ ਵਿੱਚ 105 ਕਿਲੋ ਹੈਰੋਇਨ ਤਸਕਰੀ ਮਾਮਲੇ ਵਿੱਚ ਜਾਂਚ ਨੂੰ ਅੱਗੇ ਵਧਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਦੇ ਧਾਗੇ ਜੋੜਦਿਆਂ ਸੀਆਈ ਨੇ ਕਪੂਰਥਲਾ ਵਾਸੀ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਕਾਰ ਵਿਚੋਂ 6 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਵਿਚ ਦੱਸੀ ਜਾਂਦੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਹੈਰੋਇਨ ਲਵਪ੍ਰੀਤ ਸਿੰਘ ਨੇ ਹਨੂੰਮਾਨਗੜ੍ਹ ਰਾਜਸਥਾਨ ਤੋਂ ਹਾਸਲ ਕੀਤੀ ਸੀ ਅਤੇ ਇਸ ਨੂੰ ਇੱਕ ਹੋਰ ਨਸ਼ਾ ਤਸਕਰ ਨਵਜੋਤ ਸਿੰਘ ਨੂੰ ਸੌਂਪਿਆ ਜਾਣਾ ਸੀ, ਜਿਸ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪੰਜਾਬ ਪੁਲਿਸ ਨੇ ਅੰਮ੍ਰਿਤਸਰ 'ਚ 105 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ। ਜਦੋਂ ਤੋਂ ਇਹ ਖੇਪ ਫੜੀ ਗਈ ਸੀ, ਉਦੋਂ ਤੋਂ ਹੀ ਪੰਜਾਬ ਦੇ ਕਾਊਂਟਰ ਇੰਟੈਲੀਜੈਂਸ ਵਿਭਾਗ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਸੀ।
ਹੈਰੋਇਨ ਫੜੇ ਜਾਣ ਤੋਂ ਬਾਅਦ ਜਾਂਚ ਦੌਰਾਨ ਪੁਲਸ ਨੇ ਨਸ਼ਾ ਤਸਕਰੀ 'ਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿਚ ਅੰਮ੍ਰਿਤਸਰ ਅਤੇ ਪੰਜਾਬ ਦੇ ਹੋਰ ਇਲਾਕਿਆਂ ਵਿਚ ਕਈ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।