Breaking :ਪੰਜਾਬ ਦੇ ਮੁੱਖ ਮੰਤਰੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਪਿਛਲੇ ਕੁੱਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਨਾਸਾਜ਼ ਸੀ, ਜਿਸ ਕਾਰਨ ਉਹ ਹਸਪਤਾਲ ਵਿੱਚ ਦਾਖਲ ਸਨ।
ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ ਗਿਆ ਹੈ। ਉਨ੍ਹਾਂ ਦੀਆਂ ਸਾਰੀਆਂ ਟੈਸਟ ਰਿਪੋਰਟਾਂ ਵੀ ਠੀਕ ਆਈਆਂ ਹਨ। ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਬਹੁਤ ਸੁਧਾਰ ਹੋਇਆ ਹੈ। ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ ਦੀ ਸਿਹਤ ਨੂੰ ਵੇਖਦਿਆਂ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਹੈ।
ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਪਿਛਲੇ ਕੁੱਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਨਾਸਾਜ਼ ਸੀ, ਜਿਸ ਕਾਰਨ ਉਹ ਹਸਪਤਾਲ ਵਿੱਚ ਦਾਖਲ ਸਨ।
ਡਾਕਟਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਦੀ ਸਿਹਤ ਹੁਣ ਸਥਿਰ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਨਾਰਮਲ ਆਈਆਂ ਹਨ। ਇਸ ਦੇ ਬਾਵਜੂਦ, ਉਨ੍ਹਾਂ ਨੂੰ ਕੁਝ ਦਿਨ ਘਰ ਵਿੱਚ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਦੀ ਪਲਸ ਰੇਟ ਘੱਟ ਹੋਣ ਕਾਰਨ ਉਨ੍ਹਾਂ ਨੂੰ 5 ਸਤੰਬਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਬਾਰੇ ਜਾਣਨ ਲਈ ਕਈ ਸਿਆਸੀ ਆਗੂ ਵੀ ਹਸਪਤਾਲ ਪਹੁੰਚੇ ਸਨ। ਇੱਥੋਂ ਤੱਕ ਕਿ ਹਸਪਤਾਲ ਵਿੱਚ ਰਹਿੰਦਿਆਂ ਵੀ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਦੀ ਅਗਵਾਈ ਕੀਤੀ ਸੀ।
ਕੱਲ੍ਹ ਤੋਂ ਹੀ ਇਹ ਖ਼ਬਰਾਂ ਚਰਚਾ ਵਿੱਚ ਸਨ ਕਿ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਛੁੱਟੀ ਮਿਲ ਸਕਦੀ ਹੈ। ਅੱਜ ਇਸ ਦੀ ਪੁਸ਼ਟੀ ਹੋ ਗਈ ਹੈ।