ਝੋਨੇ ਦੀ ਲਿਫਟਿੰਗ 'ਤੇ ਕੇਂਦਰ ਤੇ ਪੰਜਾਬ ਸਰਕਾਰ ਦੀ ਮੀਟਿੰਗ
ਚੰਡੀਗੜ੍ਹ : ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦਾ ਮੁੱਦਾ ਗਰਮਾਇਆ ਹੋਇਆ ਹੈ। ਇਸ ਮਾਮਲੇ ਸਬੰਧੀ ਅੱਜ (ਵੀਰਵਾਰ) ਕੇਂਦਰ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਇਸ ਮੁੱਦੇ 'ਤੇ ਰਣਨੀਤੀ ਬਣਾਈ ਜਾਵੇਗੀ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੀ ਸਖਤ ਹੈ। 29 ਅਕਤੂਬਰ ਨੂੰ ਇਸ ਮਾਮਲੇ ਨਾਲ ਜੁੜੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਕਿਹਾ ਸੀ ਕਿ ਇਸ ਮੁੱਦੇ ਨੂੰ ਆਪਸੀ ਸਹਿਮਤੀ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ। ਇਹ ਮਾਮਲਾ ਪੂਰੇ ਪੰਜਾਬ ਨਾਲ ਸਬੰਧਤ ਹੈ। ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ।
ਝੋਨੇ ਦੀ ਲਿਫਟਿੰਗ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ ਪਹਿਲਾਂ ਵੀ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਕੁਝ ਦਿਨ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪੂਰੀ ਟੀਮ ਨਾਲ ਦਿੱਲੀ ਗਏ ਸਨ। ਉੱਥੇ ਹੀ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ।
ਇਸ ਤੋਂ ਇਲਾਵਾ ਸੀਐਮ ਮਾਨ ਨੇ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਵੀ ਉਠਾਇਆ ਹੈ। ਇਲਜ਼ਾਮ ਹੈ ਕਿ ਪਹਿਲਾਂ ਹੀ ਖਰੀਦੇ ਚੌਲ ਸਾਇਲੋ ਵਿੱਚ ਪਏ ਹਨ। ਜਿਸ ਦੀ ਕੇਂਦਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਕਾਰਨ ਇਹ ਸਮੱਸਿਆ ਪੈਦਾ ਹੋ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦਾਅਵਾ ਕਰ ਰਹੀ ਹੈ ਕਿ ਉਹ ਮਾਰਚ ਤੋਂ ਹੁਣ ਤੱਕ ਕੇਂਦਰ ਨੂੰ 15 ਪੱਤਰ ਲਿਖ ਚੁੱਕੀ ਹੈ ਪਰ ਇਸ ਦੇ ਬਾਵਜੂਦ ਝੋਨੇ ਦੀ ਲਿਫਟਿੰਗ ਨਹੀਂ ਹੋ ਰਹੀ।