ਪੁੰਛ 'ਚ ਫੌਜ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਚੋਟੀ ਦੇ ਕਮਾਂਡਰ ਨੂੰ ਪੈ ਗਿਆ ਘੇਰਾ

Update: 2024-09-15 04:24 GMT

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਦੇ ਜੰਗਲਾਂ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਨੀਵਾਰ ਸ਼ਾਮ ਮੇਂਢਰ ਦੇ ਪਥੰਤੀਰ ਇਲਾਕੇ 'ਚ ਸਥਾਨਕ ਪੁਲਸ ਦੇ ਨਾਲ ਇਹ ਸੰਯੁਕਤ ਆਪ੍ਰੇਸ਼ਨ ਚਲਾਇਆ ਗਿਆ। ਫੌਜ ਦੇ ਜਵਾਨਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 'ਚੋਂ ਇਕ ਟਾਪ ਕਮਾਂਡਰ ਵੀ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਸੁਰੱਖਿਆ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਮੇਂਢਰ ਉਪ ਮੰਡਲ ਦੇ ਗੁਰਸਾਈ ਟਾਪ ਨੇੜੇ ਸਥਿਤ ਪਥੰਤੀਰ ਇਲਾਕੇ 'ਚ ਸ਼ਨੀਵਾਰ ਸ਼ਾਮ ਪੁਲਸ ਅਤੇ ਫੌਜ ਨੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇਲਾਕੇ 'ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਹੈ।

ਉਨ੍ਹਾਂ ਦੱਸਿਆ ਕਿ ਜਦੋਂ ਸਾਂਝੀ ਟੀਮ ਅੱਤਵਾਦੀਆਂ ਦੀ ਭਾਲ ਕਰ ਰਹੀ ਸੀ ਤਾਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਦੋਵਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਦੋਵਾਂ ਪਾਸਿਆਂ ਤੋਂ ਰੁਕ-ਰੁਕ ਕੇ ਗੋਲੀਬਾਰੀ ਹੋ ਰਹੀ ਹੈ, ਇਲਾਕੇ 'ਚ ਵਾਧੂ ਬਲ ਭੇਜੇ ਗਏ ਹਨ।

ਸੂਤਰਾਂ ਦਾ ਕਹਿਣਾ ਹੈ ਕਿ ਅੱਤਵਾਦੀਆਂ 'ਚੋਂ ਇਕ ਉਨ੍ਹਾਂ ਦਾ ਚੋਟੀ ਦਾ ਕਮਾਂਡਰ ਹੈ, ਜਿਸ ਨੂੰ ਫਸਾਇਆ ਗਿਆ ਹੈ। ਇਹ ਮੁਕਾਬਲਾ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ 'ਚ ਸੁਰੱਖਿਆ ਬਲਾਂ ਨਾਲ ਰਾਤ ਭਰ ਚੱਲੇ ਮੁਕਾਬਲੇ 'ਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਇਕ ਦਿਨ ਬਾਅਦ ਹੋਇਆ ਹੈ। ਸ਼ੁੱਕਰਵਾਰ ਰਾਤ ਨੂੰ ਅੱਤਵਾਦੀਆਂ ਦੇ ਖਿਲਾਫ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਸੀ। ਫੌਜ ਅਤੇ ਪੁਲਸ ਨੂੰ ਰਾਸ਼ਟਰੀ ਰਾਜਮਾਰਗ ਤੋਂ ਕੁਝ ਕਿਲੋਮੀਟਰ ਦੂਰ ਇਕ ਪਿੰਡ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ।

Tags:    

Similar News