ਸੁਖਬੀਰ ਬਾਦਲ ਚਾਹੇ ਹਾਥੀ ’ਤੇ ਚੜ੍ਹ ਜਾਏ ਅਕਾਲੀ ਦਲ ਪੰਜਾਬ ’ਚ ਨਹੀਂ ਆਉਂਦਾ: ਵਿਧਾਇਕ ਕੁਲਦੀਪ ਧਾਲੀਵਾਲ

ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਦੇਸ਼ ਦੀ ਸੁਪਰੀਮ ਕੋਰਟ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ ਲੱਗਿਆ ਹੈ।

Update: 2025-12-19 11:32 GMT

ਅੰਮ੍ਰਿਤਸਰ : ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਦੇਸ਼ ਦੀ ਸੁਪਰੀਮ ਕੋਰਟ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਰਾਹਤ ਦਿੰਦੇ ਹੋਏ ਜ਼ਮਾਨਤ ਨਹੀਂ ਦਿੱਤੀ ਅਤੇ ਉਹ ਇਸ ਵੇਲੇ ਨਾਭਾ ਜੇਲ੍ਹ ਵਿੱਚ ਬੰਦ ਹੈ। ਧਾਲੀਵਾਲ ਨੇ ਕਿਹਾ ਕਿ 19 ਜਨਵਰੀ ਨੂੰ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਨੋਟਿਸ ਦਾ ਜਵਾਬ ਦੇਵੇਗੀ।



ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਿਰਫ ਕਾਨੂੰਨੀ ਪੱਧਰ ’ਤੇ ਹੀ ਨਹੀਂ, ਸਗੋਂ ਸਿਆਸੀ ਤੌਰ ’ਤੇ ਵੀ ਮਜੀਠੀਆ ਨੂੰ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਦੇ ਆਪਣੇ ਹਲਕੇ ਮਜੀਠਾ ਵਿੱਚ ਅਕਾਲੀ ਦਲ ਬੁਰੀ ਤਰ੍ਹਾਂ ਹਾਰਿਆ ਹੈ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਖੁਦ ਮਜੀਠਾ ਵਿੱਚ ਚੋਣ ਪ੍ਰਚਾਰ ਕਰਕੇ ਗਏ ਸਨ, ਪਰ ਇਸ ਦਾ ਕੋਈ ਅਸਰ ਨਹੀਂ ਪਿਆ। ਮਜੀਠਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਪਸ਼ਟ ਬਹੁਮਤ ਮਿਲਿਆ ਹੈ, ਜਿਸ ਨਾਲ ਅਕਾਲੀ ਦਲ ਦਾ ਪੁਰਾਣਾ ਗੜ੍ਹ ਪੂਰੀ ਤਰ੍ਹਾਂ ਢਹਿ ਗਿਆ ਹੈ।



ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਰਫ ਮਜੀਠਾ ਹੀ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਇਨ੍ਹਾਂ ਚੋਣਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਝੇ ਦੇ ਲੋਕਾਂ ਨੇ ਸਾਫ਼ ਕਰ ਦਿੱਤਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਾਝੇ ਦੀਆਂ ਜ਼ਿਆਦਾਤਰ ਸੀਟਾਂ ’ਤੇ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ। ਉਨ੍ਹਾਂ ਦਾ ਦਾਅਵਾ ਸੀ ਕਿ ਮਾਝੇ ਵਿੱਚ ਅਕਾਲੀ ਦਲ ਨੂੰ ਹੁਣ ਕੋਈ ਹੁੰਗਾਰਾ ਨਹੀਂ ਮਿਲ ਰਿਹਾ।



ਪ੍ਰੈਸ ਕਾਨਫਰੰਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਸੁਨੀਲ ਜਾਖੜ ਕੋਲ ਕੋਈ ਕੰਮ ਨਹੀਂ, ਇਸ ਲਈ ਉਹ ਸਿਰਫ ਅਕਾਲੀ ਦਲ ’ਤੇ ਨਜ਼ਰ ਰੱਖ ਰਹੇ ਹਨ ਅਤੇ ਭਾਜਪਾ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ। ਉਨ੍ਹਾਂ ਕਿਹਾ ਕਿ ਮਜੀਠੀਆ ਦੀ ਪਤਨੀ ਅਤੇ ਵਿਧਾਇਕ ਗਨੀਵ ਕੌਰ ਸਾਡੀ ਛੋਟੀ ਭੈਣ ਵਰਗੀ ਹੈ, ਜੇ 14 ਤਾਰੀਖ ਨੂੰ ਮਜੀਠਾ ਵਿੱਚ ਕਿਸੇ ਵੀ ਬੂਥ ’ਤੇ ਧੱਕੇਸ਼ਾਹੀ ਹੋਈ ਹੈ ਤਾਂ ਉਹ ਖੁੱਲ੍ਹ ਕੇ ਦੱਸਣ। ਧਾਲੀਵਾਲ ਨੇ ਦਾਅਵਾ ਕੀਤਾ ਕਿ ਚੋਣਾਂ ਅਤੇ ਗਿਣਤੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਧੱਕੇਸ਼ਾਹੀ ਨਹੀਂ ਹੋਈ।




ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀਆਂ ਜਾ ਰਹੀਆਂ ਚੇਤਾਵਨੀਆਂ ’ਤੇ ਟਿੱਪਣੀ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਉਸ ਦੀਆਂ ਧਮਕੀਆਂ ਦਾ ਕੋਈ ਅਸਰ ਨਹੀਂ ਹੋਵੇਗਾ। ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਚਾਹੇ ਸੁਖਬੀਰ ਬਾਦਲ ਹਾਥੀ ’ਤੇ ਚੜ੍ਹ ਜਾਵੇ ਜਾਂ ਊਠ ’ਤੇ, ਅਕਾਲੀ ਦਲ ਮੁੜ ਸੱਤਾ ਵਿੱਚ ਆਉਣ ਵਾਲਾ ਨਹੀਂ। ਅਕਾਲੀ–ਭਾਜਪਾ ਗਠਜੋੜ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਦਲ ਜਿੰਨੇ ਮਰਜ਼ੀ ਇਕੱਠੇ ਹੋ ਜਾਣ, ਆਮ ਆਦਮੀ ਪਾਰਟੀ ਦੀ ਮਜ਼ਬੂਤ ਲਹਿਰ ਅੱਗੇ ਇਸ ਦਾ ਕੋਈ ਅਸਰ ਨਹੀਂ ਪਵੇਗਾ।

Tags:    

Similar News