Giani Raghbir Singh ਨੇ ਦਿੱਤਾ ਵੱਡਾ ਬਿਆਨ, ਦੱਸਿਆ ਕਿਉਂ Task Force ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਕਾਬੂ
ਬਿਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ, ਜਿਸ ਵਿੱਚ ਦੱਸਿਆ ਗਿਆ ਕਿ ਕੁਝ ਪੁਲਿਸ ਮੁਲਾਜ਼ਮਾਂ ਵੱਲੋਂ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਅੰਦਰ ਨੌਜਵਾਨਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ।
ਅੰਮ੍ਰਿਤਸਰ : ਬਿਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ, ਜਿਸ ਵਿੱਚ ਦੱਸਿਆ ਗਿਆ ਕਿ ਕੁਝ ਪੁਲਿਸ ਮੁਲਾਜ਼ਮਾਂ ਵੱਲੋਂ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਅੰਦਰ ਨੌਜਵਾਨਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋ ਪੁਲਿਸ ਮੁਲਾਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਨੂੰ ਕਮਰਾ ਨੰਬਰ 50 ਵਿੱਚ ਬਿਠਾ ਦਿੱਤਾ।
ਇਸ ਮਾਮਲੇ ਨੂੰ ਲੈ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿਰਫ਼ ਸਿੱਖਾਂ ਹੀ ਨਹੀਂ, ਸਗੋਂ ਸਮੁੱਚੀ ਮਾਨਵਤਾ ਲਈ ਆਸਥਾ ਅਤੇ ਰੂਹਾਨੀਅਤ ਦਾ ਕੇਂਦਰ ਹੈ। ਇੱਥੇ ਦੇਸ਼-ਵਿਦੇਸ਼ ਤੋਂ ਸੰਗਤਾਂ ਮਨ ਦੀ ਸ਼ਾਂਤੀ ਅਤੇ ਆਤਮਿਕ ਸੁਕੂਨ ਪ੍ਰਾਪਤ ਕਰਨ ਲਈ ਆਉਂਦੀਆਂ ਹਨ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਰਿਕਰਮਾ ਦੇ ਅੰਦਰ ਇਸ ਤਰ੍ਹਾਂ ਦੀ ਪੁਲਿਸ ਕਾਰਵਾਈ ਕਰਨਾ ਬਹੁਤ ਹੀ ਨਿੰਦਣਯੋਗ ਹੈ, ਕਿਉਂਕਿ ਇਸ ਨਾਲ ਮੱਥਾ ਟੇਕਣ ਆਈਆਂ ਸੰਗਤਾਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਸਕਦਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਾਂ ਪੂਰੇ ਕੰਪਲੈਕਸ ਦੇ ਅੰਦਰ ਜੇਕਰ ਸਰਕਾਰ ਜਾਂ ਪੁਲਿਸ ਵੱਲੋਂ ਕਿਸੇ ਤਰ੍ਹਾਂ ਦੀ ਕਾਰਵਾਈ ਕਰਨੀ ਹੋਵੇ, ਤਾਂ ਉਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਰਬਾਰ ਸਾਹਿਬ ਦੀ ਮੈਨੇਜਮੈਂਟ ਨਾਲ ਸਲਾਹ-ਮਸ਼ਵਰਾ ਕਰਨਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਬਿਨਾਂ ਸੂਚਨਾ ਦੇ ਕੀਤੀ ਗਈ ਇਹ ਕਾਰਵਾਈ ਗਲਤ ਹੈ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਣ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਚੇਤ ਰਹਿਣਾ ਚਾਹੀਦਾ ਹੈ। ਹੈਡ ਗ੍ਰੰਥੀ ਸਿੰਘ ਸਾਹਿਬ ਨੇ ਜ਼ੋਰ ਦੇ ਕੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਸਾਰੇ ਪਾਵਨ ਅਸਥਾਨ ਗੁਰਸਿੱਖਾਂ ਦੀ ਆਸਥਾ ਦਾ ਕੇਂਦਰ ਹਨ ਅਤੇ ਇੱਥੇ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਐਸਜੀਪੀਸੀ ਅਤੇ ਮੈਨੇਜਮੈਂਟ ਨੂੰ ਭਰੋਸੇ ਵਿੱਚ ਲੈਣਾ ਬਹੁਤ ਲਾਜ਼ਮੀ ਹੈ।