ਗਿਆਨੀ ਰਘਬੀਰ ਸਿੰਘ ਦਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਅੱਜ ਬੰਦੀ ਛੋੜ ਦਿਵਸ ਹੈ ਅਤੇ ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਇਸ ਦਿਵਸ ਦੇ ਸ਼ੁਭ ਮੌਕੇ 'ਤੇ ਦੇਸ਼ ਅਤੇ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ।
ਅੰਮ੍ਰਿਤਸਰ (ਗੁਰਪਿਆਰ ਥਿੰਦ) : ਅੱਜ ਬੰਦੀ ਛੋੜ ਦਿਵਸ ਹੈ ਅਤੇ ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਇਸ ਦਿਵਸ ਦੇ ਸ਼ੁਭ ਮੌਕੇ 'ਤੇ ਦੇਸ਼ ਅਤੇ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਦਿਨ ਦਾ ਇਤਿਹਾਸਕ ਅਤੇ ਸਮਾਜਿਕ ਮਹੱਤਵ ਸਮਝਾਉਂਦਿਆਂ ਕਿਹਾ ਕਿ ਅੱਜ ਵੀ ਕਈ ਬੰਦੀ ਸਿੰਘ ਜੇਲ੍ਹਾਂ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਰਿਹਾਈ ਹੋਣੀ ਚਾਹੀਦੀ ਹੈ।
ਗਿਆਨੀ ਜੀ ਦੀ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ:
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਕਿਲ੍ਹੇ ਤੋਂ 52 ਰਾਜਿਆਂ ਨੂੰ ਮੁਕਤ ਕਰਵਾ ਕੇ ਬੰਦੀ ਛੋੜ ਦਿਵਸ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦੀ ਯਾਦ ਵਿੱਚ ਅੱਜ ਸਾਰਾ ਅੰਮ੍ਰਿਤਸਰ ਘਿਓ ਦੇ ਦੀਵੇ ਜਲਾ ਕੇ ਜਗਮਗਾਇਆ ਜਾਂਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਜਿਵੇਂ ਗੁਰੂ ਮਹਾਰਾਜ ਨੇ ਬੰਦੀਆਂ ਨੂੰ ਰਿਹਾਅ ਕੀਤਾ ਸੀ, ਉਵੇਂ ਹੀ ਅੱਜ ਦੀਆਂ ਸਰਕਾਰਾਂ ਨੂੰ ਵੀ ਬੰਦੀ ਸਿੰਘਾਂ ਨੂੰ ਰਿਹਾਅ ਕਰਕੇ ਮਨੁੱਖਤਾ ਅਤੇ ਨਿਆਂ ਨੂੰ ਸਮਰਪਿਤ ਹੋਣਾ ਚਾਹੀਦਾ ਹੈ।
ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਕਈ ਸਿੱਖ ਬੰਦੀ ਜੇਲ੍ਹਾਂ ਵਿੱਚ ਲੰਬੇ ਸਮੇਂ ਤੋਂ ਬੰਦ ਹਨ ਅਤੇ ਉਨ੍ਹਾਂ ਦੀ ਸਜ਼ਾ ਵੀ ਪੂਰੀ ਹੋ ਚੁੱਕੀ ਹੈ। ਉਨ੍ਹਾਂ ਨੇ ਸਰਕਾਰਾਂ ਤੋਂ ਅਪੀਲ ਕੀਤੀ ਕਿ ਸਿੰਘਾਂ ਨੂੰ ਰਿਹਾਅ ਕਰਨ ਤਾਂ ਕਿ ਬੰਦੀ ਸਿੰਘ ਆਪਣੀ ਰਹਿੰਦੀ ਜ਼ਿੰਦਗੀ ਆਪਣੇ ਬੱਚਿਆਂ ਨਾਲ ਜੀਅ ਸਕਣ। ਇਹ ਬੰਦੀ ਛੋੜ ਦਿਵਸ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਇਹ ਆਜ਼ਾਦੀ, ਨਿਆਂ ਅਤੇ ਮਨੁੱਖੀ ਅਧਿਕਾਰਾਂ ਦਾ ਪ੍ਰਤੀਕ ਹੈ।
ਬੰਦੀ ਸਿੰਘਾਂ ਦੀ ਰਿਹਾਈ ਲਈ ਪਿਛਲੇ 2 ਸਾਲਾਂ ਤੋਂ ਵੀ ਵੱਧ ਦੇ ਸਮੇਂ ਤੋਂ ਮੋਹਾਲੀ ਵਿਖੇ ਮੋਰਚਾ ਲੱਗਾ ਹੋਇਆ ਹੈ। ਇਹ ਮੋਰਚਾ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਲਗਾਇਆ ਹੋਇਆ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਅੱਗੇ ਸਾਂਤਪੂਰਵਕ ਰਿਹਾਈ ਦੀ ਮੰਗ ਕਰ ਰਹੇ ਹਨ। ਕਈ ਬੰਦੀ ਸਿੰਘ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਹੀ ਡੱਕੇ ਹੋਏ ਹਨ ਅਤੇ ਗਿਆਨੀ ਰਘਬੀਰ ਸਿੰਘ ਨੇ ਉਹਨਾਂ ਦੀ ਰਿਹਾਈ ਦੀ ਮੰਗ ਇਸ ਬੰਦੀ ਛੋੜ ਦਿਵਸ ਉੱਤੇ ਕੀਤੀ ਹੈ।