ਪਰਾਲੀ ਦੇ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ : ਦਿੱਤੇ ਜਾ ਸਕਦੇ ਹਨ ਸਖ਼ਤ ਹੁਕਮ
ਚੰਡੀਗੜ੍ਹ : ਦਿੱਲੀ 'ਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ 'ਚ ਅੱਜ ਸੁਣਵਾਈ ਹੋਣ ਜਾ ਰਹੀ ਹੈ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਦੇ ਸਕਦੀ ਹੈ ਸਖ਼ਤ ਹੁਕਮ। ਪਿਛਲੀ ਸੁਣਵਾਈ ਵਿੱਚ ਹੀ ਸੁਪਰੀਮ ਕੋਰਟ ਨੇ ਅਜਿਹਾ ਕਰਨ ਦਾ ਸੰਕੇਤ ਦਿੱਤਾ ਸੀ। ਜਦੋਂ ਕਿ ਪੰਜਾਬ ਸਰਕਾਰ ਨੂੰ ਗਲਤ ਜਾਣਕਾਰੀ ਦੇਣ ਅਤੇ ਹਰਿਆਣਾ ਸਰਕਾਰ ਨੂੰ ਤਸੱਲੀਬਖਸ਼ ਜਵਾਬ ਦੇਣ ਲਈ ਤਾੜਨਾ ਕੀਤੀ ਗਈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੀ ਆਪਣਾ ਪੱਖ ਰੱਖ ਸਕਦੀ ਹੈ।
ਪਿਛਲੀ ਸੁਣਵਾਈ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਅਦਾਲਤ ਵਿੱਚ ਪੇਸ਼ ਹੋਏ ਸਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗਲਤ ਜਾਣਕਾਰੀ ਦੇਣ 'ਤੇ ਫਟਕਾਰ ਲਗਾਈ ਸੀ। ਜਸਟਿਸ ਅਭੈ ਐਸ ਓਕਾ, ਜਸਟਿਸ ਏ ਅਮਾਨਉੱਲਾ ਅਤੇ ਜਸਟਿਸ ਏ.ਜੀ ਮਸੀਹ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਵੱਲੋਂ ਖੇਤਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਨੂੰ ਮਹਿਜ਼ ਧੋਖਾ ਕਰਾਰ ਦਿੱਤਾ ਹੈ।
ਅਦਾਲਤ ਨੇ ਕਿਹਾ ਕਿ ਜੇਕਰ ਇਹ ਸਰਕਾਰਾਂ ਸੱਚਮੁੱਚ ਹੀ ਕਾਨੂੰਨ ਨੂੰ ਲਾਗੂ ਕਰਨ ਵਿੱਚ ਦਿਲਚਸਪੀ ਰੱਖਦੀਆਂ ਹਨ ਤਾਂ ਘੱਟੋ-ਘੱਟ ਇੱਕ ਕੇਸ ਤਾਂ ਚਲਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇੱਥੋਂ ਤੱਕ ਕਿਹਾ ਕਿ ਹੁਣ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਇਹ ਯਾਦ ਦਿਵਾਉਣ ਦਾ ਸਮਾਂ ਆ ਗਿਆ ਹੈ ਕਿ ਪ੍ਰਦੂਸ਼ਣ ਮੁਕਤ ਵਾਤਾਵਰਣ ਵਿੱਚ ਰਹਿਣਾ ਨਾਗਰਿਕਾਂ ਦਾ ਮੌਲਿਕ ਅਧਿਕਾਰ ਹੈ। ਪ੍ਰਦੂਸ਼ਣ ਵਿੱਚ ਰਹਿਣਾ ਧਾਰਾ 21 ਦੇ ਤਹਿਤ ਮੌਲਿਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ।