ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਜੇਲ੍ਹ ਤੋਂ ਰਿਹਾਈ ਨੂੰ ਲੈ ਕੇ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਜਿਸ ਤੋਂ ਬਾਅਦ ਸਰਕਾਰ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਸਲਾਮਾਬਾਦ ਵਿੱਚ ਤਾਲਾਬੰਦੀ ਲਗਾ ਦਿੱਤੀ ਹੈ। ਇੱਥੇ ਫੌਜ ਅਤੇ ਪੁਲੀਸ ਨੇ ਸ਼ਹਿਰ ਦੀਆਂ ਜ਼ਿਆਦਾਤਰ ਮੁੱਖ ਸੜਕਾਂ ਨੂੰ ਸ਼ਿਪਿੰਗ ਕੰਟੇਨਰ ਪਾਰਕ ਕਰਕੇ ਬੰਦ ਕਰ ਦਿੱਤਾ ਹੈ।
ਦੰਗਾ ਵਿਰੋਧੀ ਸਾਜ਼ੋ-ਸਾਮਾਨ ਦੇ ਨਾਲ ਦਰਜਨਾਂ ਪੁਲਿਸ ਅਤੇ ਅਰਧ ਸੈਨਿਕ ਬਲ ਸੜਕਾਂ 'ਤੇ ਤਾਇਨਾਤ ਹਨ। ਸਾਵਧਾਨੀ ਦੇ ਤੌਰ 'ਤੇ ਮੋਬਾਈਲ ਫੋਨ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸਲਾਮਾਬਾਦ ਪੁਲਿਸ ਨੇ ਐਤਵਾਰ ਸਵੇਰੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਰਾਜਧਾਨੀ ਵਿੱਚ ਕਿਸੇ ਵੀ ਤਰ੍ਹਾਂ ਦੇ ਇਕੱਠ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਲੋਕਾਂ ਨੂੰ ਅਪੀਲ ਹੈ ਕਿ ਉਹ ਸੁਰੱਖਿਆ ਏਜੰਸੀਆਂ ਨੂੰ ਸਹਿਯੋਗ ਦੇਣ ਅਤੇ ਆਪਣੇ ਘਰਾਂ ਵਿੱਚ ਰਹਿਣ।
ਦੱਸ ਦੇਈਏ ਕਿ ਅੱਜ ਸਵੇਰ ਤੋਂ ਹੀ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਮਰਥਕ ਉਨ੍ਹਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੜਕਾਂ 'ਤੇ ਉਤਰ ਆਏ ਹਨ। ਇੱਥੇ ਹਰ ਪਾਸੇ ਲੋਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਜਿਸ ਕਾਰਨ ਸਥਾਨਕ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਕਰਫਿਊ ਲਗਾ ਦਿੱਤਾ ਹੈ। ਦੱਸ ਦਈਏ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੇ ਵੱਡੀ ਗਿਣਤੀ ਵਿਚ ਵਰਕਰ ਇਸਲਾਮਾਬਾਦ ਜਾਣ ਵਾਲੇ ਰਾਜਮਾਰਗਾਂ ਤੋਂ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਤੋਂ ਬਾਅਦ ਇੱਥੋਂ ਦੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਹਾਈਵੇਅ 'ਤੇ ਸ਼ਿਪਿੰਗ ਕੰਟੇਨਰ ਰੱਖੇ ਹੋਏ ਹਨ। ਅੰਦਰੂਨੀ ਸੜਕਾਂ 'ਤੇ ਵੱਡੀ ਗਿਣਤੀ 'ਚ ਪੁਲਸ ਬਲ ਤਾਇਨਾਤ ਹਨ।
ਇਸਲਾਮਾਬਾਦ ਵਿੱਚ ਸੰਸਦ ਭਵਨ, ਸਾਰੇ ਸਰਕਾਰੀ ਅਦਾਰਿਆਂ, ਦੂਤਾਵਾਸਾਂ ਅਤੇ ਵਿਦੇਸ਼ੀ ਸੰਸਥਾਵਾਂ ਦੇ ਦਫ਼ਤਰਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।