
ਕੈਨੇਡਾ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਓਂਟਾਰੀਓ ਖਾਲਸਾ ਦਰਬਾਰ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਸੰਗਰਾਂਦ ਦਾ ਦਿਹਾੜਾ ਮਨਾਉਂਦਿਆਂ ਸਾਰਾ ਦਿਨ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ, ਢਾਡੀ ਅਤੇ ਰਾਗੀ ਜੱਥਿਆ ਵੱਲੋਂ ਹਾਜ਼ਰੀ ਭਰੀ ਗਈ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਭੁਪਿੰਦਰ ਸਿੰਘ ਅਤੇ ਦੂਜੇ ਗ੍ਰੰਥੀ ਸਿੰਘਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰੱਬੀ ਬਾਣੀ ਦੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਨ੍ਹਾ ਸਮਾਗਮਾਂ ਵਿਚ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਨੇ ਖਾਲਸਾ ਸਾਜਨਾ ਦਿਵਸ ਦੀਆਂ ਮੁਬਾਰਕਾਂ ਪੇਸ਼ ਕੀਤੀਆਂ ਅਤੇ ਕਿਹਾ ਕਿ ਦਸਮੇਸ਼ ਪਿਤਾ ਦੁਆਰਾ ਸਾਜਿਆ ਗਿਆ ਖ਼ਾਲਸਾ ਪੰਥ ਅੱਜ ਸਾਰੇ ਸੰਸਾਰ ਵਿਚ ਫੈਲਿਆ ਹੋਇਆ ਹੈ । ਨਾਲ ਹੀ ਉਹਨਾਂ ਗੁਰਦੁਆਰਾ ਸਾਹਿਬ ਨਾਲ ਸੰਬੰਧੀ ਆਉਣ ਵਾਲੇ ਸਮੇ ਵਿਚ ਸ਼ੁਰੂ ਕੀਤੇ ਜਾਣ ਵਾਲੇ ਕਾਰਜਾਂ ਜਿਵੇਂ ਕਿ ਭਾਈ ਘਨਈਆ ਪਾਰਕ ਦਾ ਨਿਰਮਾਣ, ਲਾਇਬ੍ਰੇਰੀ ਅਤੇ ਵੈਸਟ ਹਾਲ ਦੀ ਪੁਨਰ ਉਸਾਰੀ ਆਦ ਕਾਰਜਾਂ ਦੀ ਜਾਣਕਾਰੀ ਦਿੱਤੀ । ਉਨਾ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ ਅਤੇ ਗੁਰਦੁਆਰਾ ਸਾਹਿਬ ਦੇ ਸਮੂਹ ਸੇਵਾਦਾਰਾਂ ਅਤੇ ਦਫਤਰੀ ਸਟਾਫ ਦੀ ਸ਼ਲਾਘਾ ਕੀਤੀ । ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਗੂਰੂ ਘਰ ਦੇ ਮੁੱਖ ਸਕੱਤਰ ਭਾਈ ਪਰਮਜੀਤ ਸਿੰਘ ਗਿੱਲ ਨੇ ਆਈਆਂ ਹੋਈਆ ਸੰਗਤਾਂ ਨੂੰ ਅਪੀਲ ਕੀਤੀ ਕਿ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਸਾਨੂ ਇੱਕ ਜੁੱਟ ਹੋਣ ਦੀ ਸਖ਼ਤ ਲੋੜ ਹੈ । ਇਸ ਮੌਕੇ ਹਾਜ਼ਰ ਸੰਗਤਾਂ ਨੂੰ ਗੁਰੂ ਘਰ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ । ਗਿਆਨੀ ਹਰਦੀਪ ਸਿੰਘ ਸਾਧੜਾ ਦੇ ਢਾਡੀ ਜਥੇ ਵੱਲੋਂ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਪੰਡੋਰੀ, ਮੀਤ ਪ੍ਰਧਾਨ ਗੁਰਿੰਦਰ ਸਿੰਘ ਭੁੱਲਰ, ਖਜ਼ਾਨਚੀ ਭੁਪਿੰਦਰ ਸਿੰਘ ਬਾਠ, ਸਹਾਇਕ ਖਜ਼ਾਨਚੀ ਨਵਜੀਤ ਸਿੰਘ, ਸਹਾਇਕ ਸਕੱਤਰ ਸਰਬਜੀਤ ਸਿੰਘ, ਡਾਇਰੈਕਟਰ ਸਰਦਾਰਾ ਸਿੰਘ, ਜਸਵਿੰਦਰ ਸਿੰਘ, ਦਵਿੰਦਰ ਸਿੰਘ ਧਾਲੀਵਾਲ ਅਤੇ ਗੁਰਦੇਵ ਸਿੰਘ ਨਾਹਲ ਵੀ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।