ਲੁਧਿਆਣਾ:
ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਿਆਂ ਵਿੱਚੋਂ ਇੱਕ, ਲਾਡੋਵਾਲ ਟੋਲ ਪਲਾਜ਼ਾ 'ਤੇ ਅੱਜ ਫਿਰ ਤੋਂ ਵੱਡੇ ਹੰਗਾਮੇ ਦੀ ਸੰਭਾਵਨਾ ਬਣੀ ਹੋਈ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਰਕਾਰ ਵਿਰੁੱਧ 'ਕਰੋ ਜਾਂ ਮਰੋ' ਦੀ ਨੀਤੀ ਅਪਣਾਉਂਦੇ ਹੋਏ ਅੱਜ ਦੁਪਹਿਰ 12 ਵਜੇ ਤੋਂ ਇਸ ਟੋਲ ਪਲਾਜ਼ਾ ਨੂੰ ਆਮ ਜਨਤਾ ਲਈ ਪੂਰੀ ਤਰ੍ਹਾਂ ਟੈਕਸ ਮੁਕਤ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਵਾਹਨਾਂ ਨੂੰ ਬਿਨਾਂ ਟੋਲ ਦਿੱਤੇ ਲੰਘਣ ਦਿੱਤਾ ਜਾਵੇਗਾ।
ਇਸ ਪ੍ਰਦਰਸ਼ਨ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਟੋਲ ਪਲਾਜ਼ਾ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਤਾਂ ਜੋ ਸਥਿਤੀ ਨੂੰ ਕਾਬੂ ਹੇਠ ਰੱਖਿਆ ਜਾ ਸਕੇ। ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਫ਼ਸਲਾਂ 'ਤੇ ਐਮ.ਐਸ.ਪੀ. (MSP) ਦਾ ਪੱਕਾ ਕਾਨੂੰਨ ਬਣਾਉਣਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼, ਸ਼ੰਭੂ ਸਰਹੱਦ 'ਤੇ ਚੱਲ ਰਹੇ ਅੰਦੋਲਨ ਦੌਰਾਨ ਕਿਸਾਨਾਂ ਸਿਰ ਦਰਜ ਕੀਤੇ ਗਏ ਪਰਚੇ ਰੱਦ ਕਰਨਾ ਅਤੇ ਲਾਡੋਵਾਲ ਟੋਲ ਦੀਆਂ ਵਧੀਆਂ ਦਰਾਂ ਨੂੰ ਵਾਪਸ ਲੈਣਾ ਸ਼ਾਮਲ ਹੈ।
ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਮਕਸਦ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਸਰਕਾਰ ਨੂੰ ਜਗਾਉਣਾ ਹੈ। ਉਨ੍ਹਾਂ ਮੁਤਾਬਕ ਯਾਤਰੀਆਂ ਨੂੰ ਟੋਲ ਨਾ ਦੇਣ ਕਾਰਨ ਵਿੱਤੀ ਰਾਹਤ ਮਿਲੇਗੀ, ਪਰ ਸਰਕਾਰ ਨੂੰ ਹੋਣ ਵਾਲਾ ਆਰਥਿਕ ਨੁਕਸਾਨ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਮਜਬੂਰ ਕਰੇਗਾ। ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ 'ਤੇ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਨਾ ਵਿਗੜੇ।