ਹਿਮਾਚਲ ਜਾਣ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ
ਸ਼ਿਮਲਾ : ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਜ਼ੋਰ ਫੜਨ ਵਾਲਾ ਹੈ। ਮੌਸਮ ਵਿਗਿਆਨ ਕੇਂਦਰ ਨੇ ਅਗਲੇ 2 ਦਿਨਾਂ ਤੱਕ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਤਾਜ਼ਾ ਮਿਲੀ ਖ਼ਬਰ ਅਨੁਸਾਰ ਚੰਡੀਗੜ੍ਹ ਮਨਾਲੀ ਮੁੱਖ ਮਾਰਗ ਉਤੇ ਪਹਾੜਾਂ ਦੀਆਂ ਢਿੱਗਾਂ ਡਿਗਣ ਕਾਰਨ ਰਸਤਾ ਬਲਾਕ ਹੋ ਗਿਆ ਹੈ। ਫਿਲਹਾਲ ਰਸਤਾ ਬੰਦਾ ਹੈ ਅਤੇ ਪ੍ਰਸ਼ਾਸਨ ਰਸਤਾ ਖੁਲ੍ਹਵਾਉਣ ਲਈ ਮੁਸ਼ੱਕਤ ਕਰ ਰਿਹਾ ਹੈ।
ਇਸ ਦੌਰਾਨ ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਅਚਾਨਕ ਹੜ੍ਹ ਆਉਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਨੇ ਭਵਿੱਖਬਾਣੀ ਕੀਤੀ ਹੈ ਕਿ ਰਾਜ ਦੇ ਹੇਠਲੇ ਅਤੇ ਮੱਧ ਪਹਾੜੀ ਖੇਤਰਾਂ ਵਿੱਚ ਵੱਧ ਤੋਂ ਵੱਧ ਥਾਵਾਂ 'ਤੇ ਮੀਂਹ ਪੈ ਸਕਦਾ ਹੈ।
ਮੌਸਮ ਵਿਗਿਆਨ ਕੇਂਦਰ ਸ਼ਿਮਲਾ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਅਗਲੇ ਦੋ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਚਾਈ ਵਾਲੇ ਕਿਨੌਰ ਅਤੇ ਲਾਹੌਲ ਸਪਿਤੀ ਨੂੰ ਛੱਡ ਕੇ ਰਾਜ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ ਹਿਮਾਚਲ ਪ੍ਰਦੇਸ਼ ਦੇ ਸਿਰਮੌਰ, ਸੋਲਨ, ਸ਼ਿਮਲਾ, ਮੰਡੀ, ਕੁੱਲੂ, ਕਾਂਗੜਾ, ਚੰਬਾ, ਹਮੀਰਪੁਰ, ਊਨਾ ਅਤੇ ਬਿਲਾਸਪੁਰ ਵਿੱਚ ਘੱਟ ਅਤੇ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੁਝ ਥਾਵਾਂ 'ਤੇ ਭਾਰੀ ਮੀਂਹ ਵੀ ਪੈ ਸਕਦਾ ਹੈ।