ਪ੍ਰਤਾਪ ਬਾਜਵਾ ਨੇ ਕੇਂਦਰ ਸਰਕਾਰ ਤੋਂ ਕੀਤੀ ਇਹ ਮੰਗ
ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਤਰਜੀਹ ਮਿਲੇ ਅਤੇ 18 ਤੋਂ 35 ਸਾਲ ਦੇ ਤੰਦਰੁਸਤ ਨੌਜਵਾਨਾਂ ਨੂੰ ਹੀ ਭਰਤੀ ਕੀਤਾ ਜਾਵੇ, ਤਾਂ ਜੋ ਉਹ ਸੂਬੇ ਦੀ ਰੱਖਿਆ ਅਤੇ ਵਿਕਾਸ ਵਿੱਚ ਯੋਗਦਾਨ ਪਾ ਸਕਣ।
ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕੀਤੀ। ਬਾਜਵਾ ਨੇ ਕਿਹਾ ਕਿ 1947 ਤੋਂ ਹੁਣ ਤੱਕ ਹੋਈਆਂ ਹਰ ਜੰਗ ਦਾ ਸਭ ਤੋਂ ਵੱਧ ਅਸਰ ਸਰਹੱਦੀ ਰਾਜਾਂ, ਖਾਸ ਕਰਕੇ ਪੰਜਾਬ ਉੱਤੇ ਪਿਆ ਹੈ। ਉਨ੍ਹਾਂ ਉਲਲੇਖ ਕੀਤਾ ਕਿ ਭਾਜਪਾ ਸਰਕਾਰ ਦੌਰਾਨ ਪਹਾੜੀ ਰਾਜਾਂ ਨੂੰ ਵਿਸ਼ੇਸ਼ ਪੈਕੇਜ ਦਿੱਤਾ ਗਿਆ ਸੀ, ਜੋ ਲਗਭਗ ਦਸ ਸਾਲ ਚੱਲਿਆ, ਪਰ ਪੰਜਾਬ ਨੂੰ ਅਜਿਹਾ ਪੈਕੇਜ ਨਹੀਂ ਮਿਲਿਆ।
ਬਾਜਵਾ ਨੇ ਜ਼ੋਰ ਦਿੱਤਾ ਕਿ ਪੰਜਾਬ ਨੇ ਦੇਸ਼ ਦੀ ਰੱਖਿਆ ਲਈ ਹਮੇਸ਼ਾ ਵੱਡੀ ਕੁਰਬਾਨੀ ਦਿੱਤੀ ਹੈ, ਇਸ ਲਈ ਕੇਂਦਰ ਸਰਕਾਰ ਨੂੰ ਪੰਜਾਬ ਦੀ ਭਲਾਈ ਲਈ ਵਿਸ਼ੇਸ਼ ਪੈਕੇਜ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਹਾਲੀਆ ਪਾਕਿਸਤਾਨੀ ਹਮਲਿਆਂ ਕਾਰਨ ਸੂਬੇ ਦੇ ਉਦਯੋਗ ਅਤੇ ਆਮ ਲੋਕਾਂ ਨੂੰ ਨੁਕਸਾਨ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਸਰਹੱਦੀ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਤਰਜੀਹ ਮਿਲੇ ਅਤੇ 18 ਤੋਂ 35 ਸਾਲ ਦੇ ਤੰਦਰੁਸਤ ਨੌਜਵਾਨਾਂ ਨੂੰ ਹੀ ਭਰਤੀ ਕੀਤਾ ਜਾਵੇ, ਤਾਂ ਜੋ ਉਹ ਸੂਬੇ ਦੀ ਰੱਖਿਆ ਅਤੇ ਵਿਕਾਸ ਵਿੱਚ ਯੋਗਦਾਨ ਪਾ ਸਕਣ।
ਬਾਜਵਾ ਨੇ ਇਹ ਵੀ ਕਿਹਾ ਕਿ ਜੇਕਰ ਪੂਰੇ ਪੰਜਾਬ ਲਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ ਜਾ ਸਕਦਾ, ਤਾਂ ਘੱਟੋ-ਘੱਟ ਸਰਹੱਦੀ ਜ਼ਿਲ੍ਹਿਆਂ ਨੂੰ ਇਸਦਾ ਲਾਭ ਮਿਲਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਜੰਗਬੰਦੀ ਦਾ ਐਲਾਨ ਭਾਰਤ ਸਰਕਾਰ ਨੂੰ ਆਪਣੇ ਆਪ ਕਰਨਾ ਚਾਹੀਦਾ ਸੀ, ਨਾ ਕਿ ਕਿਸੇ ਹੋਰ ਦੇਸ਼ ਰਾਹੀਂ। ਉਨ੍ਹਾਂ ਪਾਕਿਸਤਾਨ ਨੂੰ "ਸਭ ਤੋਂ ਵੱਡਾ ਅੱਤਵਾਦੀ ਦੇਸ਼" ਦੱਸਦੇ ਹੋਏ ਆਖਿਆ ਕਿ ਅਜਿਹੀ ਸਥਿਤੀ ਵਿੱਚ ਕੇਂਦਰ ਨੂੰ ਪੰਜਾਬ ਦੀ ਸੁਰੱਖਿਆ ਅਤੇ ਆਰਥਿਕਤਾ ਲਈ ਵਧੇਰੇ ਕਦਮ ਚੁੱਕਣੇ ਚਾਹੀਦੇ ਹਨ।