ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਹੋ ਸਕਦੈ ਵੱਡਾ ਫ਼ੈਸਲਾ
ਮਨਜ਼ੂਰੀ ਤੋਂ ਬਾਅਦ ਇਹ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਸੰਗਠਨਾਂ ਤੋਂ ਰਾਏ ਲਈ ਜਾਵੇਗਾ।
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, 14 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਨਿਵਾਸ 'ਤੇ ਸ਼ੁਰੂ ਹੋਵੇਗੀ। ਮੀਟਿੰਗ ਵਿੱਚ ਬੇਅਦਬੀ ਮਾਮਲਿਆਂ ਸਬੰਧੀ ਵਿਧਾਨ ਸਭਾ ਵਿੱਚ ਪੇਸ਼ ਹੋਣ ਵਾਲੇ ਬਿੱਲ ਦੇ ਖਰੜੇ ਨੂੰ ਮਨਜ਼ੂਰੀ ਮਿਲਣ ਦੀ ਉਮੀਦ ਹੈ। ਮਨਜ਼ੂਰੀ ਤੋਂ ਬਾਅਦ ਇਹ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਸੰਗਠਨਾਂ ਤੋਂ ਰਾਏ ਲਈ ਜਾਵੇਗਾ।
ਹੁਣ ਤੱਕ ਬੇਅਦਬੀ ਮਾਮਲਿਆਂ ਵਿੱਚ ਤਿੰਨ ਸਾਲ ਤੱਕ ਦੀ ਸਜ਼ਾ ਹੈ, ਪਰ ਪੰਜਾਬ ਸਰਕਾਰ ਇਸ ਸਜ਼ਾ ਨੂੰ ਘੱਟੋ-ਘੱਟ ਦਸ ਸਾਲ ਅਤੇ ਉਮਰ ਕੈਦ ਤੱਕ ਕਰਨਾ ਚਾਹੁੰਦੀ ਹੈ, ਤਾਂ ਜੋ ਅਜਿਹਾ ਕਾਨੂੰਨ ਬਣੇ ਜੋ ਹਮੇਸ਼ਾ ਲਈ ਲਾਗੂ ਰਹੇ ਅਤੇ ਕਿਸੇ ਵੀ ਕਿਸਮ ਦੀ ਕਮੀ ਨਾ ਰਹੇ।
ਇਸ ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਏਜੰਡੇ 'ਤੇ ਵੀ ਵਿਚਾਰ ਹੋਵੇਗਾ। ਨਕਲੀ ਖਾਦਾਂ ਅਤੇ ਦਵਾਈਆਂ ਦੀ ਵਿਕਰੀ ਰੋਕਣ ਲਈ ਹਰਿਆਣਾ ਦੀ ਤਰਜ਼ 'ਤੇ ਨਵਾਂ ਬਿੱਲ ਲਿਆਉਣ ਦੀ ਯੋਜਨਾ ਹੈ, ਜਿਸ ਤਹਿਤ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਤਿੰਨ ਤੋਂ ਪੰਜ ਸਾਲ ਤੱਕ ਦੀ ਕੈਦ ਹੋ ਸਕਦੀ ਹੈ।
ਕੁੱਲ ਮਿਲਾ ਕੇ, ਅੱਜ ਦੀ ਕੈਬਨਿਟ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕਈ ਵੱਡੇ ਅਤੇ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ, ਖਾਸ ਕਰਕੇ ਬੇਅਦਬੀ ਬਿੱਲ ਨੂੰ ਲੈ ਕੇ।