ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਹਥਿਆਰਾਂ ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰ
ਪੁਲਿਸ ਨੇ ਮੁਲਜ਼ਮਾਂ ਵਿਰੁੱਧ ਬੀਐਨਐਸ ਅਤੇ ਅਸਲਾ ਐਕਟ ਤਹਿਤ ਗੰਭੀਰ ਮਾਮਲੇ ਦਰਜ ਕੀਤੇ ਹਨ। ਪੁਲਿਸ ਅਨੁਸਾਰ, ਵਿਰੋਧੀ ਗਿਰੋਹ 'ਤੇ ਹਮਲਾ ਕਰਨ ਦੀਆਂ ਤਿਆਰੀਆਂ
ਚੰਡੀਗੜ਼੍ਹ : ਪੰਜਾਬ ਪੁਲਿਸ ਨੇ ਇੱਕ ਵੱਡੀ ਅਤੇ ਭਿਆਨਕ ਕਾਰਵਾਈ ਵਿੱਚ ਤਿੰਨ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਮੁਕਤਸਰ ਜ਼ਿਲ੍ਹੇ ਦੀ ਪੁਲਿਸ ਦੀ ਸਾਂਝੀ ਟੀਮ ਨੇ ਕੀਤੀ। ਗ੍ਰਿਫ਼ਤਾਰ ਹੋਏ ਮੁਲਜ਼ਮਾਂ ਦੀ ਪਛਾਣ ਗੌਰਵ ਕੁਮਾਰ ਉਰਫ਼ ਬਿੱਲਾ, ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ।
ਪੁਲਿਸ ਨੇ ਦੋਸ਼ੀਆਂ ਤੋਂ 174 ਗ੍ਰਾਮ ਹੈਰੋਇਨ, 2 ਪਿਸਤੌਲ (.32 ਬੋਰ) ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਸਾਂਝੀ ਕੀਤੀ ਹੈ।
ਪੁਲਿਸ ਅਨੁਸਾਰ, ਤਿੰਨੋਂ ਮੁਲਜ਼ਮ ਕਈ ਅਪਰਾਧਾਂ ਵਿੱਚ ਸ਼ਾਮਲ ਹਨ ਅਤੇ ਵੱਖ-ਵੱਖ ਮਾਮਲਿਆਂ ਵਿੱਚ ਭਗੌੜੇ ਸਨ। ਮੁਲਜ਼ਮ ਗੌਰਵ ਕੁਮਾਰ ਉਰਫ਼ ਬਿੱਲਾ ਥਾਣਾ ਸਿਟੀ ਮਲੋਟ ਵਿਖੇ ਦਰਜ ਇੱਕ ਮਾਮਲੇ ਵਿੱਚ ਭਗੌੜਾ ਸੀ, ਜਦੋਂ ਕਿ ਬਾਕੀ ਦੋ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਮਾਮਲੇ ਵਿੱਚ ਲੋੜੀਂਦੇ ਸਨ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਤਿੰਨੋਂ ਇੱਕ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ।
ਪੁਲਿਸ ਨੇ ਮੁਲਜ਼ਮਾਂ ਵਿਰੁੱਧ ਬੀਐਨਐਸ ਅਤੇ ਅਸਲਾ ਐਕਟ ਤਹਿਤ ਗੰਭੀਰ ਮਾਮਲੇ ਦਰਜ ਕੀਤੇ ਹਨ। ਪੁਲਿਸ ਅਨੁਸਾਰ, ਵਿਰੋਧੀ ਗਿਰੋਹ 'ਤੇ ਹਮਲਾ ਕਰਨ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਸਨ। ਪੁਲਿਸ ਵੱਲੋਂ ਇਹ ਕਾਰਵਾਈ ਗੈਂਗਸਟਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਧੰਧੇ ਨੂੰ ਰੋਕਣ ਦੀ ਦਿਸ਼ਾ ਵਿੱਚ ਵੱਡਾ ਕਦਮ ਮੰਨੀ ਜਾ ਰਹੀ ਹੈ।