ਕਤਰ ਪੁਲਿਸ ਨੇ ਗੁਰੂ ਗ੍ਰੰਥ ਸਾਹਿਬ ਨੂੰ ਸਤਿਕਾਰ ਸਹਿਤ ਕੀਤਾ ਵਾਪਸ
ਚੰਡੀਗੜ੍ਹ : ਕਤਰ ਦੀ ਰਾਜਧਾਨੀ ਦੋਹਾ ਵਿੱਚ ਪੁਲਿਸ ਵੱਲੋਂ ਜ਼ਬਤ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਪਾਵਨ ਸਰੂਪਾਂ ਵਿੱਚੋਂ ਇੱਕ ਸਰੂਪ ਨੂੰ ਸਤਿਕਾਰ ਸਹਿਤ ਵਾਪਸ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਇਤਰਾਜ਼ ਤੋਂ ਬਾਅਦ ਭਾਰਤੀ ਦੂਤਾਵਾਸ ਹਰਕਤ ਵਿੱਚ ਆ ਗਿਆ ਹੈ। ਇਸ ਤੋਂ ਬਾਅਦ ਕਤਰ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ। ਵਿਦੇਸ਼ ਮੰਤਰਾਲੇ ਨੇ ਇੱਕ ਪ੍ਰੈਸ ਬਿਆਨ ਜਾਰੀ ਕੀਤਾ ਹੈ, ਜਿਸ ਵਿੱਚ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ - ਅਸੀਂ ਕਤਰ ਦੇ ਅਧਿਕਾਰੀਆਂ ਦੁਆਰਾ ਜ਼ਬਤ ਕੀਤੇ ਗਏ ਗੁਰੂ ਗ੍ਰੰਥ ਸਾਹਿਬ ਅਤੇ ਇਸ ਦੀ ਰਿਹਾਈ ਲਈ ਸਿੱਖ ਭਾਈਚਾਰੇ ਦੀ ਮੰਗ ਸੰਬੰਧੀ ਰਿਪੋਰਟਾਂ ਨੂੰ ਦੇਖਿਆ ਹੈ। ਸਰਕਾਰ ਨੇ ਪਹਿਲਾਂ ਹੀ ਇਹ ਮਾਮਲਾ ਕਤਰ ਦੇ ਪੱਖ ਨਾਲ ਉਠਾਇਆ ਸੀ ਅਤੇ ਸਾਡੇ ਦੂਤਾਵਾਸ ਨੇ ਦੋਹਾ ਵਿੱਚ ਸਿੱਖ ਭਾਈਚਾਰੇ ਨੂੰ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ ਸੀ।
ਬੁਲਾਰੇ ਨੇ ਕਿਹਾ, ਕਤਰ ਦੇ ਅਧਿਕਾਰੀਆਂ ਨੇ ਦੋ ਵਿਅਕਤੀਆਂ ਤੋਂ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਲਏ ਸਨ। ਉਨ੍ਹਾਂ 'ਤੇ ਕਤਰ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਧਾਰਮਿਕ ਸੰਸਥਾਨ ਚਲਾਉਣ ਦਾ ਦੋਸ਼ ਸੀ। ਸਾਡੇ ਦੂਤਾਵਾਸ ਨੇ ਸਥਾਨਕ ਕਾਨੂੰਨਾਂ ਦੇ ਦਾਇਰੇ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ। ਪਵਿੱਤਰ ਗ੍ਰੰਥ ਦੀ ਇੱਕ ਕਾਪੀ ਕਤਰ ਦੇ ਅਧਿਕਾਰੀਆਂ ਨੇ ਭਰੋਸਾ ਦੇ ਕੇ ਵਾਪਸ ਕਰ ਦਿੱਤੀ ਸੀ ਕਿ ਦੂਜੀ ਕਾਪੀ ਵੀ ਸਨਮਾਨ ਨਾਲ ਰੱਖੀ ਜਾਵੇਗੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਅਤੇ ਦੋਹਾ, ਕਤਰ ਵਿੱਚ ਭਾਰਤੀ ਰਾਜਦੂਤ ਨੂੰ ਪੱਤਰ ਲਿਖਿਆ ਸੀ । ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਘਨ੍ਹਈਆ ਹਿਊਮੈਨਟੇਰੀਅਨ ਏਡ ਦੇ ਧਿਆਨ ਵਿੱਚ ਆਇਆ ਹੈ ਕਿ ਦਸੰਬਰ 2023 ਵਿੱਚ ਕਤਰ ਵਿੱਚ ਦੋਹਾ ਪੁਲਿਸ ਵੱਲੋਂ ਇੱਕ ਸਿੱਖ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਰਿਹਾਅ ਕੀਤਾ ਗਿਆ ਸੀ। ਪਰ, ਪੁਲਿਸ ਨੇ ਉਸ ਤੋਂ ਮਿਲੇ ਫਾਰਮ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ।