Randhawa suicide case:ਪੰਜਾਬ ਦੇ 4 ਕਾਂਗਰਸੀ ਅਤੇ ਅਕਾਲੀ ਦਲ ਦੀ 1 MP ਨੇ ਅਮਿਤ ਨੂੰ ਚਿਠੀ ਲਿਖ ਕੇ CBI ਜਾਂਚ ਮੰਗੀ
ਉਨ੍ਹਾਂ ਦਾ ਦਾਅਵਾ ਹੈ ਕਿ ਅਧਿਕਾਰੀ ਰੰਧਾਵਾ 'ਤੇ ਪ੍ਰਸ਼ਾਸਨਿਕ ਅਤੇ ਸਿਆਸੀ ਦਬਾਅ ਇੰਨਾ ਜ਼ਿਆਦਾ ਸੀ ਕਿ ਉਨ੍ਹਾਂ ਨੂੰ ਖੁਦਕੁਸ਼ੀ ਵਰਗਾ ਖੌਫ਼ਨਾਕ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ।
ਨਵੀਂ ਦਿੱਲੀ: 23 ਮਾਰਚ, 2026
ਪੰਜਾਬ ਦੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ GM ਗਗਨਦੀਪ ਸਿੰਘ (ਜੀ.ਐਸ.) ਰੰਧਾਵਾ ਦੀ ਖੁਦਕੁਸ਼ੀ ਦਾ ਮਾਮਲਾ ਹੁਣ ਕੇਂਦਰੀ ਪੱਧਰ 'ਤੇ ਪਹੁੰਚ ਗਿਆ ਹੈ। ਅੱਜ ਪੰਜਾਬ ਦੇ ਚਾਰ ਪ੍ਰਮੁੱਖ ਕਾਂਗਰਸੀ ਸੰਸਦ ਮੈਂਬਰਾਂ—ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ, ਚਰਨਜੀਤ ਸਿੰਘ ਚੰਨੀ ਅਤੇ ਡਾ. ਧਰਮਵੀਰ ਗਾਂਧੀ—ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੇ ਵੀ ਚਿੱਠੀ ਲਿਖੀ ਹੈ।
ਸੰਸਦ ਮੈਂਬਰਾਂ ਨੇ ਗ੍ਰਹਿ ਮੰਤਰੀ ਨੂੰ ਇੱਕ ਸਾਂਝਾ ਮੰਗ ਪੱਤਰ ਸੌਂਪਿਆ ਅਤੇ ਇਸ ਮਾਮਲੇ ਦੀ ਸੀਬੀਆਈ (CBI) ਜਾਂਚ ਕਰਵਾਉਣ ਦੀ ਜ਼ੋਰਦਾਰ ਮੰਗ ਕੀਤੀ। ਉਨ੍ਹਾਂ ਦਾ ਦਾਅਵਾ ਹੈ ਕਿ ਅਧਿਕਾਰੀ ਰੰਧਾਵਾ 'ਤੇ ਪ੍ਰਸ਼ਾਸਨਿਕ ਅਤੇ ਸਿਆਸੀ ਦਬਾਅ ਇੰਨਾ ਜ਼ਿਆਦਾ ਸੀ ਕਿ ਉਨ੍ਹਾਂ ਨੂੰ ਖੁਦਕੁਸ਼ੀ ਵਰਗਾ ਖੌਫ਼ਨਾਕ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ।
ਅਮਿਤ ਸ਼ਾਹ ਦੀ ਸ਼ਰਤ ਅਤੇ ਅਗਲੀ ਕਾਰਵਾਈ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੰਸਦ ਵਿੱਚ ਗ੍ਰਹਿ ਮੰਤਰੀ ਨੇ ਸੰਕੇਤ ਦਿੱਤਾ ਸੀ ਕਿ ਜੇਕਰ ਪੰਜਾਬ ਦੇ ਸਾਰੇ ਸੰਸਦ ਮੈਂਬਰ ਲਿਖਤੀ ਬੇਨਤੀ ਕਰਦੇ ਹਨ, ਤਾਂ ਕੇਂਦਰ ਸਰਕਾਰ ਜਾਂਚ ਸੀਬੀਆਈ ਨੂੰ ਸੌਂਪਣ ਬਾਰੇ ਵਿਚਾਰ ਕਰ ਸਕਦੀ ਹੈ। ਅੱਜ ਦੀ ਇਸ ਮੁਲਾਕਾਤ ਨੂੰ ਉਸੇ ਪ੍ਰਕਿਰਿਆ ਦੇ ਪਹਿਲੇ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਮਾਮਲੇ ਦਾ ਪਿਛੋਕੜ
45 ਸਾਲਾ ਜੀ.ਐਸ. ਰੰਧਾਵਾ ਦੀ ਲਾਸ਼ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਪਈ ਹੈ ਅਤੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਪੋਸਟਮਾਰਟਮ ਵਿੱਚ ਦੇਰੀ ਹੋ ਰਹੀ ਹੈ। ਹਾਲ ਹੀ ਵਿੱਚ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਸੀ ਜਿਸ ਵਿੱਚ ਉਹ ਕਥਿਤ ਤੌਰ 'ਤੇ ਜ਼ਹਿਰੀਲੀ ਵਸਤੂ ਨਿਗਲਦੇ ਦਿਖਾਈ ਦੇ ਰਹੇ ਸਨ। ਵਿਰੋਧੀ ਧਿਰਾਂ ਦਾ ਇਲਜ਼ਾਮ ਹੈ ਕਿ ਇਸ ਮੌਤ ਦੇ ਪਿੱਛੇ ਸੱਤਾਧਾਰੀ ਧਿਰ ਦੇ ਕੁਝ ਆਗੂਆਂ ਅਤੇ ਉੱਚ ਅਧਿਕਾਰੀਆਂ ਦਾ ਹੱਥ ਹੋ ਸਕਦਾ ਹੈ।