Sirhind ਰੇਲਵੇ ਟਰੈਕ ਧਮਾਕੇ ਤੋਂ ਬਾਅਦ ਗਣਤੰਤਰ ਦਿਵਸ ਤੋਂ ਪਹਿਲਾਂ Amritsar railway station’ਤੇ ਸੁਰੱਖਿਆ ਕੜੀ
ਗਣਤੰਤਰ ਦਿਵਸ ਦੇ ਮੱਦੇਨਜ਼ਰ ਅਤੇ ਪੰਜਾਬ ਦੇ ਸਰਹੰਦ ਇਲਾਕੇ ਵਿੱਚ ਰੇਲਵੇ ਟਰੈਕ ’ਤੇ ਹੋਏ ਧਮਾਕੇ ਤੋਂ ਬਾਅਦ ਅਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਪ੍ਰਬੰਧ ਹੋਰ ਵੀ ਕੜੇ ਕਰ ਦਿੱਤੇ ਗਏ ਹਨ।
ਅੰਮ੍ਰਿਤਸਰ : ਗਣਤੰਤਰ ਦਿਵਸ ਦੇ ਮੱਦੇਨਜ਼ਰ ਅਤੇ ਪੰਜਾਬ ਦੇ ਸਰਹੰਦ ਇਲਾਕੇ ਵਿੱਚ ਰੇਲਵੇ ਟਰੈਕ ’ਤੇ ਹੋਏ ਧਮਾਕੇ ਤੋਂ ਬਾਅਦ ਅਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਪ੍ਰਬੰਧ ਹੋਰ ਵੀ ਕੜੇ ਕਰ ਦਿੱਤੇ ਗਏ ਹਨ। ਕਿਸੇ ਵੀ ਅਣਚਾਹੀ ਘਟਨਾ ਤੋਂ ਬਚਾਅ ਲਈ ਜੀ ਆਰ ਪੀ (ਗਵਰਨਮੈਂਟ ਰੇਲਵੇ ਪੁਲਿਸ) ਅਤੇ ਆਰ ਪੀ ਐਫ (ਰੇਲਵੇ ਪ੍ਰੋਟੈਕਸ਼ਨ ਫੋਰਸ) ਵੱਲੋਂ ਸਾਂਝੇ ਤੌਰ ’ਤੇ ਵੱਡਾ ਚੈਕਿੰਗ ਅਭਿਆਨ ਚਲਾਇਆ ਗਿਆ।
ਇਸ ਅਭਿਆਨ ਦੌਰਾਨ ਸਟੇਸ਼ਨ ’ਤੇ ਖੜੀਆਂ ਅਤੇ ਆਉਣ-ਜਾਣ ਵਾਲੀਆਂ ਟ੍ਰੇਨਾਂ ਦੇ ਅੰਦਰ ਯਾਤਰੀਆਂ ਦੇ ਸਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਸੁਰੱਖਿਆ ਕਰਮਚਾਰੀਆਂ ਵੱਲੋਂ ਹਰ ਬੈਗ, ਸੂਟਕੇਸ ਅਤੇ ਹੋਰ ਸਮਾਨ ਦੀ ਧਿਆਨ ਨਾਲ ਤਲਾਸ਼ੀ ਲਈ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਨੂੰ ਸਮੇਂ ਸਿਰ ਫੜਿਆ ਜਾ ਸਕੇ।
ਜੀਆਰਪੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਡਾਗ ਸਕਵਾਡ ਦੀ ਵੀ ਮਦਦ ਲਈ ਜਾ ਰਹੀ ਹੈ। ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਕੁੱਤਿਆਂ ਦੀ ਮਦਦ ਨਾਲ ਪਲੇਟਫਾਰਮਾਂ, ਟ੍ਰੇਨਾਂ ਅਤੇ ਯਾਤਰੀ ਇਲਾਕਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਸਟੇਸ਼ਨ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਰਾਹੀਂ ਹਰ ਆਉਣ-ਜਾਣ ਵਾਲੇ ਵਿਅਕਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਇਸ ਮੌਕੇ ਜੀਆਰਪੀ ਦੇ ਇੰਸਪੈਕਟਰ ਹਰਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਬੇਸਾਹਰਾ ਬੈਗ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
ਪੁਲਿਸ ਵੱਲੋਂ ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੁਰੱਖਿਆ ਏਜੰਸੀਆਂ ਦਾ ਸਹਿਯੋਗ ਕਰਨ ਅਤੇ ਸਾਵਧਾਨੀ ਵਰਤਣ। ਸੁਰੱਖਿਆ ਪ੍ਰਬੰਧਾਂ ਦਾ ਮੁੱਖ ਮਕਸਦ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣਾ ਹੈ।