SGPC ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਅੱਜ, ਇਹ ਮੁੱਦੇ ਰਹਿ ਸਕਦੇ ਹਨ ਭਾਰੂ
ਇਸ ਮੀਟਿੰਗ ਦੇ ਐਲਾਨ ਤੋਂ ਪਹਿਲਾਂ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਇਸ ਐਲਾਨ ਤੋਂ ਬਾਅਦ ਅੰਤ੍ਰਿੰਗ ਕਮੇਟੀ ਦੇ ਮੈਂਬਰ ਵੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ;
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ ਸੋਮਵਾਰ ਨੂੰ ਹੋਣ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਏ ਜਾਣ ਅਤੇ ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ। ਇਸ ਮੀਟਿੰਗ ਦਾ ਮੁੱਖ ਏਜੰਡਾ ਵੀ ਸੁਖਬੀਰ ਬਾਦਲ 'ਤੇ ਹਮਲਾ ਹੀ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਕੁਝ ਹੋਰ ਮੁੱਦੇ ਵੀ ਵਿਚਾਰੇ ਜਾਣੇ ਹਨ।
ਇਸ ਮੀਟਿੰਗ ਦੇ ਐਲਾਨ ਤੋਂ ਪਹਿਲਾਂ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਇਸ ਐਲਾਨ ਤੋਂ ਬਾਅਦ ਅੰਤ੍ਰਿੰਗ ਕਮੇਟੀ ਦੇ ਮੈਂਬਰ ਵੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਪੁੱਜੇ ਸਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੀ ਸਜ਼ਾ ਵੀ ਜਾਰੀ ਹੈ। ਤਿੰਨ ਗੁਰਦੁਆਰਿਆਂ ਵਿੱਚ ਸੇਵਾ ਕਰਨ ਤੋਂ ਬਾਅਦ ਸੁਖਬੀਰ ਬਾਦਲ ਨੂੰ ਹੁਣ ਆਪਣੀ ਸਜ਼ਾ ਪੂਰੀ ਕਰਨ ਲਈ ਦਮਦਮਾ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਜਾਣਾ ਪਵੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਸਜ਼ਾ ਮੁਆਫ਼ੀ ਲਈ ਡੇਰਾ ਸਿਰਸਾ ਸਾਧ ਵੱਲੋਂ ਦਿੱਤੇ 90 ਲੱਖ ਰੁਪਏ ਦੇ ਇਸ਼ਤਿਹਾਰ 'ਤੇ ਵੀ ਟਿੱਪਣੀ ਕੀਤੀ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕੀਤਾ ਸੀ ਕਿ ਇਹ ਰਕਮ ਵਿਆਜ ਸਮੇਤ ਸੁਖਬੀਰ ਬਾਦਲ ਅਤੇ ਉਸ ਦੇ ਸਾਥੀਆਂ ਤੋਂ ਵਸੂਲੀ ਜਾਣੀ ਹੈ। ਇਸ ਪੈਸੇ ਦੀ ਵਸੂਲੀ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਬੈਠਕ 'ਚ ਇਹ ਪੈਸਾ ਵਾਪਸ ਲੈਣ ਦੀ ਪ੍ਰਕਿਰਿਆ 'ਤੇ ਵੀ ਚਰਚਾ ਹੋਵੇਗੀ।
ਸੁਖਬੀਰ ਬਾਦਲ ਦੀ ਸਜ਼ਾ 3 ਦਸੰਬਰ ਨੂੰ ਹਰਿਮੰਦਰ ਸਾਹਿਬ ਤੋਂ ਸ਼ੁਰੂ ਹੋਈ ਸੀ, ਜੋ 13 ਦਸੰਬਰ ਨੂੰ ਖਤਮ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਬਾਦਲ ਤੇ ਹੋਰਨਾਂ ਵੱਲੋਂ ਦਿੱਤੇ ਅਸਤੀਫ਼ਿਆਂ ਨੂੰ ਪ੍ਰਵਾਨ ਕਰਕੇ ਇਸ ਦੀ ਰਿਪੋਰਟ ਭੇਜਣ ਦੇ ਹੁਕਮ ਵੀ ਦਿੱਤੇ ਗਏ ਹਨ। ਪਰ ਸਜ਼ਾ ਹੋਣ ਕਾਰਨ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਨੂੰ ਮਨਜ਼ੂਰੀ ਦੇਣ ਅਤੇ ਰਿਪੋਰਟ ਦਾਇਰ ਕਰਨ ਲਈ ਸਮਾਂ ਮੰਗਿਆ ਸੀ ਅਤੇ ਉਨ੍ਹਾਂ ਦੀ ਇਸ ਮੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਪ੍ਰਵਾਨ ਕਰ ਲਿਆ ਹੈ।
ਇਸ ਦੇ ਨਾਲ ਹੀ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਕਰਨ 'ਚ ਹੋਈ ਦੇਰੀ ਕਾਰਨ ਬਾਗੀ ਧੜਾ ਇਕ ਵਾਰ ਫਿਰ ਵੱਖਰਾ ਨਜ਼ਰ ਆਇਆ। ਬਾਗੀ ਧੜੇ ਨੇ ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ ਕਰਨ ਵਿੱਚ ਦੇਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਬੇਅਦਬੀ ਕਰਾਰ ਦਿੱਤਾ ਹੈ।