Bhagwant Mann government ਵਿੱਚ ਦੋ ਉਪ ਮੁੱਖ ਮੰਤਰੀਆਂ ਦੀ ਨਿਯੁਕਤੀ ਦੀਆਂ ਅਟਕਲਾਂ ਤੇਜ਼
ਮੁੱਖ ਮੰਤਰੀ ਭਗਵੰਤ ਮਾਨ, ਜੋ ਐਤਵਾਰ ਨੂੰ ਹਾਈ ਬਲੱਡ ਪ੍ਰੈਸ਼ਰ ਅਤੇ ਬੇਚੈਨੀ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਏ ਗਏ ਸਨ, ਨੂੰ ਹੁਣ ਛੁੱਟੀ ਮਿਲ ਗਈ ਹੈ। ਉਨ੍ਹਾਂ ਨੇ ਖੁਦ ਪੁਸ਼ਟੀ ਕੀਤੀ ਹੈ ਕਿ ਉਹ ਪੂਰੀ ਤਰ੍ਹਾਂ ਸਥਿਰ ਹਨ ਅਤੇ ਮੋਗਾ ਰੈਲੀ ਵਿੱਚ ਸ਼ਾਮਲ ਹੋਣਗੇ।
ਮੋਗਾ ਰੈਲੀ ਤੋਂ ਬਾਅਦ ਹੋ ਸਕਦਾ ਹੈ ਵੱਡਾ ਐਲਾਨ
ਚੰਡੀਗੜ੍ਹ/ਮੋਗਾ: 16 ਫਰਵਰੀ, 2026
ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਅੱਜ ਮੋਗਾ ਵਿੱਚ ਇੱਕ ਵਿਸ਼ਾਲ ਮੈਗਾ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਲਗਭਗ 50,000 ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਰੈਲੀ ਤੋਂ ਠੀਕ ਪਹਿਲਾਂ ਸੂਬਾ ਸਰਕਾਰ ਵਿੱਚ ਵੱਡੇ ਫੇਰਬਦਲ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਭਗਵੰਤ ਮਾਨ ਸਰਕਾਰ ਵਿੱਚ ਦੋ ਉਪ ਮੁੱਖ ਮੰਤਰੀ ਨਿਯੁਕਤ ਕੀਤੇ ਜਾ ਸਕਦੇ ਹਨ ਅਤੇ ਇਸ ਸਬੰਧੀ ਅਧਿਕਾਰਤ ਐਲਾਨ ਮੋਗਾ ਰੈਲੀ ਤੋਂ ਬਾਅਦ ਹੋਣ ਵਾਲੀ ਉੱਚ ਪੱਧਰੀ ਮੀਟਿੰਗ ਵਿੱਚ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ, ਜੋ ਐਤਵਾਰ ਨੂੰ ਹਾਈ ਬਲੱਡ ਪ੍ਰੈਸ਼ਰ ਅਤੇ ਬੇਚੈਨੀ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਏ ਗਏ ਸਨ, ਨੂੰ ਹੁਣ ਛੁੱਟੀ ਮਿਲ ਗਈ ਹੈ। ਉਨ੍ਹਾਂ ਨੇ ਖੁਦ ਪੁਸ਼ਟੀ ਕੀਤੀ ਹੈ ਕਿ ਉਹ ਪੂਰੀ ਤਰ੍ਹਾਂ ਸਥਿਰ ਹਨ ਅਤੇ ਮੋਗਾ ਰੈਲੀ ਵਿੱਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਖਰਾਬ ਸਿਹਤ ਕਾਰਨ ਉਹ ਸ਼ਾਇਦ ਇਸ ਸਮਾਗਮ ਵਿੱਚ ਨਾ ਪਹੁੰਚ ਸਕਣ ਅਤੇ ਅਰਵਿੰਦ ਕੇਜਰੀਵਾਲ ਹੀ ਮੁੱਖ ਮਹਿਮਾਨ ਵਜੋਂ ਰੈਲੀ ਨੂੰ ਸੰਬੋਧਨ ਕਰਨਗੇ। ਹੁਣ ਜਦੋਂ ਮੁੱਖ ਮੰਤਰੀ ਖੁਦ ਮੈਦਾਨ ਵਿੱਚ ਉਤਰ ਰਹੇ ਹਨ, ਤਾਂ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਪਾਰਟੀ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਰਣਨੀਤੀ ਵਿੱਚ ਵੱਡਾ ਬਦਲਾਅ ਕਰਨ ਜਾ ਰਹੀ ਹੈ।
ਰੈਲੀ ਤੋਂ ਤੁਰੰਤ ਬਾਅਦ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ 'ਆਪ' ਦੇ ਸਾਰੇ ਵਿਧਾਇਕਾਂ, ਹਲਕਾ ਇੰਚਾਰਜਾਂ ਅਤੇ ਨਵੀਆਂ ਬਣੀਆਂ ਪਿੰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਮੀਟਿੰਗ ਨੂੰ ਮਨੀਸ਼ ਸਿਸੋਦੀਆ ਵੱਲੋਂ ਸੰਬੋਧਨ ਕੀਤੇ ਜਾਣ ਦੀ ਉਮੀਦ ਹੈ। ਚਰਚਾ ਹੈ ਕਿ ਪ੍ਰਸ਼ਾਸਨਿਕ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਸਿਆਸੀ ਸਮੀਕਰਨਾਂ ਨੂੰ ਸਾਧਣ ਲਈ ਦੋ ਡਿਪਟੀ ਸੀਐਮ ਬਣਾਉਣ ਦਾ ਫੈਸਲਾ ਲਿਆ ਜਾ ਸਕਦਾ ਹੈ। ਇਹ ਵੀ ਅਟਕਲਾਂ ਹਨ ਕਿ ਕੈਬਨਿਟ ਵਿੱਚ ਫੇਰਬਦਲ ਦੌਰਾਨ ਇੱਕ ਅਜਿਹੇ ਆਗੂ ਨੂੰ ਉਪ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ ਜੋ ਇਸ ਵੇਲੇ ਮੰਤਰੀ ਮੰਡਲ ਦਾ ਹਿੱਸਾ ਨਹੀਂ ਹੈ। ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਇਹ ਫੈਸਲਾ ਆਮ ਆਦਮੀ ਪਾਰਟੀ ਲਈ ਬਹੁਤ ਮਹੱਤਵਪੂਰਨ ਸਾਬਤ ਹੋ ਸਕਦਾ ਹੈ।