ਸੁਖਬੀਰ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣਗੇ
ਸੁਖਬੀਰ ਬਾਦਲ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਬੀਤੇ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਅੱਜ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣ ਲਈ ਪਹੁੰਚ ਰਹੇ ਹਨ।
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਵਜੋਂ ਦਿੱਤੀ ਗਈ ਸੇਵਾ ਪੂਰੀ ਹੋ ਹੀ ਗਈ ਹੈ। ਅੱਜ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣਗੇ। ਇਹ ਸਜ਼ਾ ਪੂਰੀ ਹੋਣ ਤੋਂ ਬਾਅਦ ਪੰਜਾਬ ਵਿੱਚ ਅਕਾਲੀ ਦਲ ਦੀ ਮੁੜ ਸਥਾਪਨਾ ਲਈ ਯਤਨ ਸ਼ੁਰੂ ਹੋ ਜਾਣਗੇ।
ਸੁਖਬੀਰ ਬਾਦਲ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਬੀਤੇ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਅੱਜ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਪਿਛਲੇ 10 ਦਿਨਾਂ ਵਿੱਚ ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ 2-2 ਦਿਨ ਦੀ ਸਜ਼ਾ ਪੂਰੀ ਕੀਤੀ ਹੈ।
ਅੱਜ ਸੁਖਬੀਰ ਬਾਦਲ ਅੰਮ੍ਰਿਤਸਰ ਪਹੁੰਚਣਗੇ ਅਤੇ ਹੁਕਮਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣੀ ਸਜ਼ਾ ਪੂਰੀ ਹੋਣ ਬਾਰੇ ਜਾਣਕਾਰੀ ਦੇਣਗੇ। ਇਸ ਤੋਂ ਬਾਅਦ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਆਪਣੀ ਸਜ਼ਾ ਮੁਕੰਮਲ ਕਰਨਗੇ।
ਸਜ਼ਾ ਸੁਣਾਉਂਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕੀਤਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦਾ ਹੁਣ ਮੁੜ ਗਠਨ ਹੋਣਾ ਚਾਹੀਦਾ ਹੈ। ਇਨ੍ਹਾਂ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦੇਖ-ਰੇਖ ਹੇਠ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਦੀ ਜਿੰਮੇਵਾਰੀ 6 ਮਹੀਨਿਆਂ ਵਿੱਚ ਨਵੀਂ ਭਰਤੀ ਕਰਕੇ ਅਕਾਲੀ ਦਲ ਦਾ ਨਵਾਂ ਢਾਂਚਾ ਤਿਆਰ ਕਰਨਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਸੁਖਬੀਰ ਬਾਦਲ ਤੇ ਹੋਰਨਾਂ ਦੇ ਅਸਤੀਫ਼ੇ ਪ੍ਰਵਾਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।
ਹੁਣ ਜਦੋਂ ਸੁਖਬੀਰ ਬਾਦਲ ਦੀ ਸਜ਼ਾ ਪੂਰੀ ਹੋ ਰਹੀ ਹੈ ਤਾਂ ਉਨ੍ਹਾਂ ਦਾ ਅਸਤੀਫਾ ਕਿਸੇ ਵੇਲੇ ਵੀ ਪ੍ਰਵਾਨ ਹੋ ਸਕਦਾ ਹੈ ਅਤੇ ਅਕਾਲੀ ਦਲ ਦਾ ਨਵਾਂ ਢਾਂਚਾ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।