Jagat Jyot Act 2008 ਨਾਲ ਛੇੜਛਾੜ ਬਰਦਾਸ਼ਤ ਨਹੀਂ - Bhai Wadala

ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਨੇ ਅੱਜ ਅੰਮ੍ਰਿਤਸਰ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਅਤੇ ਸਿੱਖ ਸੰਸਥਾਵਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਅਤੇ ਕਾਨੂੰਨੀ ਹੋਂਦ ਬਾਰੇ ਸੁਚੇਤ ਕੀਤਾ।

Update: 2026-03-05 13:01 GMT

ਅੰਮ੍ਰਿਤਸਰ :  ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਨੇ ਅੱਜ ਅੰਮ੍ਰਿਤਸਰ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਅਤੇ ਸਿੱਖ ਸੰਸਥਾਵਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਅਤੇ ਕਾਨੂੰਨੀ ਹੋਂਦ ਬਾਰੇ ਸੁਚੇਤ ਕੀਤਾ। ਭਾਈ ਵਡਾਲਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕੇਵਲ ਇੱਕ ਧਾਰਮਿਕ ਪੁਸਤਕ ਨਹੀਂ, ਬਲਕਿ 'ਜਾਗਤ ਜੋਤ' ਗੁਰੂ ਹਨ।



ਉਨ੍ਹਾਂ ਸਾਲ 2008 ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ 'ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਐਕਟ ਦਾ ਮੁੱਖ ਮਕਸਦ ਗੁਰੂ ਸਾਹਿਬ ਦੇ ਪਾਵਨ ਸਰੂਪਾਂ ਦੀ ਛਪਾਈ, ਸੇਵਾ-ਸੰਭਾਲ ਅਤੇ ਮਰਯਾਦਾ ਨੂੰ ਯਕੀਨੀ ਬਣਾਉਣਾ ਸੀ, ਜਿਸ ਦੀ ਜਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਸੌਂਪੀ ਗਈ ਸੀ।



ਭਾਈ ਵਡਾਲਾ ਨੇ ਦੋਸ਼ ਲਾਇਆ ਕਿ ਪਿਛਲੇ ਕਈ ਦਹਾਕਿਆਂ ਤੋਂ ਗੁਰੂ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਉਨ੍ਹਾਂ ਬਾਬਾ ਗੁਰਦਿੱਤਾ ਕਾਂਡ, ਬਰਗਾੜੀ ਕਾਂਡ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠੋਂ ਲਾਪਤਾ ਹੋਏ 328 ਪਾਵਨ ਸਰੂਪਾਂ ਤੇ ਹੱਥ-ਲਿਖਤ ਬੀੜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖ ਵਿਰੋਧੀ ਤਾਕਤਾਂ ਅਮਨ-ਸ਼ਾਂਤੀ ਭੰਗ ਕਰਨ ਲਈ ਅਜਿਹੀਆਂ ਹਰਕਤਾਂ ਕਰ ਰਹੀਆਂ ਹਨ।



ਉਨ੍ਹਾਂ ਅਮਰੀਕਾ ਵਿੱਚ ਖ ਨੰਦ ਸਿੰਘ ਵੱਲੋਂ ਚੀਨ ਵਿੱਚ ਸਰੂਪ ਛਪਵਾ ਕੇ ਕੀਤੀ ਗਈ ਛੇੜਛਾੜ ਦਾ ਮੁੱਦਾ ਵੀ ਚੁੱਕਿਆ ਅਤੇ ਜਥੇਦਾਰਾਂ ਵੱਲੋਂ ਦੋਸ਼ੀਆਂ ਨੂੰ ਮਾਫ਼ੀ ਦੇਣ 'ਤੇ ਅਫ਼ਸੋਸ ਪ੍ਰਗਟਾਇਆ। ਭਾਈ ਵਡਾਲਾ ਨੇ ਪੰਜਾਬ ਸਰਕਾਰ ਨੂੰ ਜ਼ੋਰਦਾਰ ਸ਼ਬਦਾਂ ਵਿੱਚ ਕਿਹਾ ਕਿ 'ਜਾਗਤ ਜੋਤ ਐਕਟ' ਵਿੱਚ ਸੋਧ ਕਰਕੇ ਇਸ ਨੂੰ ਹੋਰ ਸਖ਼ਤ ਬਣਾਇਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਮਾਨਸਿਕ ਰੋਗੀ ਦੱਸ ਕੇ ਛੱਡਣ ਦੀ ਬਜਾਏ, ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਧਾਰਾਵਾਂ ਲਗਾਈਆਂ ਜਾਣ ਅਤੇ ਮੌਤ ਤੱਕ ਦੀ ਸਜ਼ਾ ਦਾ ਪ੍ਰਬੰਧ ਹੋਵੇ।



ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਲੱਖਣ ਹੋਂਦ ਨੂੰ ਖ਼ਤਮ ਕਰਕੇ ਉਨ੍ਹਾਂ ਨੂੰ ਦੂਜੇ ਧਾਰਮਿਕ ਗ੍ਰੰਥਾਂ ਨਾਲ 'ਹੋਲੀ ਬੁੱਕ' ਸ਼੍ਰੇਣੀ ਵਿੱਚ ਰਲਗੱਡ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਸਿੱਖ ਪੰਥ ਇਸ ਦਾ ਮੂੰਹ-ਤੋੜ ਜਵਾਬ ਦੇਵੇਗਾ। ਵੱਖ-ਵੱਖ ਵਿਸ਼ਵ ਪ੍ਰਸਿੱਧ ਵਿਦਵਾਨਾਂ ਜਿਵੇਂ ਡਾਕਟਰ ਬੀ.ਆਰ. ਅੰਬੇਦਕਰ, ਪ੍ਰੋਫੈਸਰ ਪੂਰਨ ਸਿੰਘ ਅਤੇ ਪੱਛਮੀ ਵਿਦਵਾਨ ਬਰਾੜ ਸ਼ਾਹ ਦੇ ਹਵਾਲੇ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਲਈ ਵਿਸ਼ਵ ਗੁਰੂ ਹਨ।



ਉਨ੍ਹਾਂ ਕਿਹਾ ਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਗੁਰੂ ਦੀ ਸਤਾ ਸਦੀਵੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਾਜ਼ੁਕ ਮੁੱਦੇ 'ਤੇ ਗੰਭੀਰਤਾ ਦਿਖਾਉਣ। ਇਸ ਮੌਕੇ ਸਤਿਕਾਰ ਕਮੇਟੀਆਂ, ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਹੋਰ ਕਈ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿੱਖ ਕੌਮ ਆਪਣੇ ਗੁਰੂ ਦੇ ਸਤਿਕਾਰ ਲਈ ਆਖਰੀ ਦਮ ਤੱਕ ਲੜਨ ਲਈ ਤਿਆਰ ਹੈ।

 

Tags:    

Similar News