ਸੁਪਰੀਮ ਕੋਰਟ ਦੀ ਪਾਬੰਦੀ ਦੇ ਬਾਵਜ਼ੂਦ ਚੱਲਿਆ ਬੁਲਡੋਜ਼ਰ

Update: 2024-09-30 11:37 GMT

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਆਸਾਮ ਦੇ ਸੋਨਾਪੁਰ 'ਚ ਗੈਰ-ਕਾਨੂੰਨੀ ਨਿਰਮਾਣ 'ਤੇ ਬੁਲਡੋਜ਼ਰ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਉਥੇ ਵਸੇ ਲੋਕਾਂ ਨੂੰ ਕੱਢਣ 'ਤੇ ਵੀ ਪਾਬੰਦੀ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਸੋਮਵਾਰ ਨੂੰ ਅਸਾਮ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।

ਹਾਲ ਹੀ 'ਚ ਸੁਪਰੀਮ ਕੋਰਟ ਨੇ 1 ਅਕਤੂਬਰ ਤੱਕ ਬੁਲਡੋਜ਼ਰ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਸੀ। ਇਸ ਦੌਰਾਨ ਅਸਾਮ ਵਿੱਚ ਕਾਰਵਾਈ ਹੋਣ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਆਸਾਮ ਸਰਕਾਰ ਸੁਪਰੀਮ ਕੋਰਟ ਦਾ ਅਪਮਾਨ ਕਰ ਰਹੀ ਹੈ। ਇਸ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਹਿਮੰਤ ਬਿਸਵਾ ਸਰਮਾ ਨੂੰ ਨੋਟਿਸ ਜਾਰੀ ਕੀਤਾ ਹੈ।

ਸੁਪਰੀਮ ਕੋਰਟ 'ਚ 48 ਲੋਕਾਂ ਦੀ ਤਰਫੋਂ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਨ੍ਹਾਂ 'ਤੇ ਅਸਾਮ ਸਰਕਾਰ ਨੇ ਬੁਲਡੋਜ਼ਰ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਇਨ੍ਹਾਂ ਲੋਕਾਂ 'ਤੇ ਨਾਜਾਇਜ਼ ਉਸਾਰੀ ਕਰਨ ਦਾ ਦੋਸ਼ ਹੈ। ਇਨ੍ਹਾਂ ਲੋਕਾਂ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਜਦੋਂ ਸੁਪਰੀਮ ਕੋਰਟ ਨੇ 1 ਅਕਤੂਬਰ ਤੱਕ ਕਿਸੇ ਦੇ ਘਰ 'ਤੇ ਬੁਲਡੋਜ਼ਰ ਚਲਾਉਣ 'ਤੇ ਰੋਕ ਲਗਾ ਦਿੱਤੀ ਹੈ ਤਾਂ ਫਿਰ ਇਹ ਕਾਰਵਾਈ ਕਿਉਂ ਕੀਤੀ ਗਈ ਹੈ। ਅਜਿਹਾ ਕਰਨਾ ਵੀ ਅਦਾਲਤ ਦੀ ਇੱਕ ਤਰ੍ਹਾਂ ਦੀ ਨਿਰਾਦਰੀ ਹੈ। ਇਸ 'ਤੇ ਸੁਪਰੀਮ ਕੋਰਟ ਨੇ ਹੁਣ ਅਸਾਮ ਸਰਕਾਰ ਤੋਂ ਤਿੰਨ ਹਫ਼ਤਿਆਂ 'ਚ ਜਵਾਬ ਮੰਗਿਆ ਹੈ ਅਤੇ ਉਦੋਂ ਤੱਕ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ।

Tags:    

Similar News