ਕੈਨੇਡਾ ਦੇ ਇੰਮੀਗ੍ਰੇਸ਼ਨ ਮੰਤਰੀ ਨੂੰ ਚੜ੍ਹ ਗਿਆ ਗੁੱਸਾ
ਕੈਨੇਡਾ ਵਿਚ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਗੁਲਾਮ ਬਣਾਏ ਜਾਣ ਦੇ ਦੋਸ਼ਾਂ ਤੋਂ ਇੰਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਭੜਕ ਉਠੇ ਅਤੇ ਦਾਅਵਾ ਕੀਤਾ ਕਿ ਟੈਂਪਰੇਰੀ ਫੌਰਨ ਵਰਕਰ ਪ੍ਰੋਗਰਾਮ ਵਿਚ ਕੋਈ ਵੱਡੀ ਕਮੀ ਨਹੀਂ ਪਰ ਫਿਰ ਵੀ ਇਸ ਵਿਚ ਸੁਧਾਰ ਕੀਤੇ ਜਾਣ ਦੀ ਜ਼ਰੂਰਤ ਹੈ।
ਟੋਰਾਂਟੋ : ਕੈਨੇਡਾ ਵਿਚ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਗੁਲਾਮ ਬਣਾਏ ਜਾਣ ਦੇ ਦੋਸ਼ਾਂ ਤੋਂ ਇੰਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਭੜਕ ਉਠੇ ਅਤੇ ਦਾਅਵਾ ਕੀਤਾ ਕਿ ਟੈਂਪਰੇਰੀ ਫੌਰਨ ਵਰਕਰ ਪ੍ਰੋਗਰਾਮ ਵਿਚ ਕੋਈ ਵੱਡੀ ਕਮੀ ਨਹੀਂ ਪਰ ਫਿਰ ਵੀ ਇਸ ਵਿਚ ਸੁਧਾਰ ਕੀਤੇ ਜਾਣ ਦੀ ਜ਼ਰੂਰਤ ਹੈ। ਸੰਯੁਕਤ ਰਾਸ਼ਟਰ ਦੀ ਰਿਪੋਰਟ ਬਾਰੇ ਟਿੱਪਣੀ ਕਰਦਿਆਂ ਇੰਮੀਗ੍ਰੇਸ਼ਨ ਮੰਤਰੀ ਨੇ ਕਿਹਾ ਕਿ ‘ਗੁਲਾਮ’ ਸ਼ਬਦ ਦੀ ਵਰਤੋਂ ਬੇਹੱਦ ਭੜਕਾਊ ਹੈ ਅਤੇ ਕੁਝ ਕਮੀਆਂ ਦੇ ਆਧਾਰ ’ਤੇ ਪੂਰੇ ਇੰਮੀਗ੍ਰੇਸ਼ਨ ਪ੍ਰੋਗਰਾਮ ਨੂੰ ਗਲਤ ਨਹੀਂ ਠਹਿਰਾਇਆ ਜਾ ਸਕਦਾ। ਇੰਮੀਗ੍ਰੇਸ਼ਨ ਮੰਤਰੀ ਨੇ ਮੰਨਿਆ ਕਿ ਕੁਝ ਮਾਮਲਿਆਂ ਵਿਚ ਆਰਜ਼ੀ ਵਿਦੇਸ਼ੀ ਕਾਮਿਆਂ ਨਾਲ ਧੱਕੇਸ਼ਾਹੀ ਦੇ ਦੋਸ਼ਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਪਰ ਪੂਰੇ ਪ੍ਰੋਗਰਾਮ ਨੂੰ ਸਵਾਲਾਂ ਦੇ ਘੇਰੇ ਵਿਚ ਲਿਆਉਣਾ ਪੂਰੀ ਤਰ੍ਹਾਂ ਗੈਰਵਾਜਬ ਹੈ।
‘ਗੁਲਾਮ’ ਸ਼ਬਦ ਦੀ ਵਰਤੋਂ ਨੂੰ ਬੇਹੱਦ ਭੜਕਾਊ ਦੱਸਿਆ
ਮਾਰਕ ਮਿਲਰ ਨੇ ਮੰਨਿਆ ਕਿ ਕਿਸੇ ਵੀ ਮੁਲਾਜ਼ਮ ਨਾਲ ਬਦਸਲੂਕੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਜੇ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਦੱਸ ਦੇਈਏ ਕਿ 2016 ਵਿਚ 15,817 ਆਰਜ਼ੀ ਵਿਦੇਸ਼ੀ ਕਾਮੇ ਕੈਨੇਡਾ ਪੁੱਜੇ ਅਤੇ ਸਾਲ 2023 ਤੱਕ ਇਹ ਅੰਕੜਾ ਵਧ ਕੇ 83,654 ਹੋ ਗਿਆ। ਕੋਰੋਨਾ ਮਹਾਂਮਾਰੀ ਮਗਰੋਂ ਕਾਮਿਆਂ ਦੀ ਕਿੱਲਤ ਨੂੰ ਵੇਖਦਿਆਂ 2022 ਵਿਚ ਦਰਵਾਜ਼ੇ ਖੋਲ੍ਹ ਦਿਤੇ ਗਏ ਅਤੇ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਗਿਣਤੀ 2016 ਦੇ ਮੁਕਾਬਲੇ ਛੇ ਗੁਣਾ ਤੱਕ ਵਧ ਗਈ। ਦੂਜੇ ਪਾਸੇ ਕਿਰਤ ਮੰਤਰਾਲੇ ਦੇ ਬੁਲਾਰੇ ਮੈਥਿਸ ਡੈਨਿਸ ਨੇ ਕਿਹਾ ਕਿ ਟੈਂਪਰੇਰੀ ਫੌਰਨ ਵਰਕਰ ਪ੍ਰੋਗਰਾਮ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਭਵਿੱਖ ਵਿਚ ਉਨ੍ਹਾਂ ਦੀਆਂ ਅਰਜ਼ੀਆਂ ਰੱਦ ਕੀਤੀਆਂ ਜਾ ਸਕਦੀਆਂ ਹਨ। ਇਸੇ ਦੌਰਾਨ ਆਰਥਿਕ ਮਾਹਰ ਮਾਈਕ ਮੋਫਤ ਦਾ ਕਹਿਣਾ ਸੀ ਕਿ ਬਿਨਾਂ ਸ਼ੱਕ ਆਰਜ਼ੀ ਵਿਦੇਸ਼ੀ ਕਾਮਿਆਂ ਰਾਹੀਂ ਐਗਰੀਕਲਚਰ ਸੈਕਟਰ ਸਣੇ ਹੋਰ ਕਈ ਖੇਤਰ ਆਪਣੀਆਂ ਜ਼ਰੂਰਤਾਂ ਪੂਰੀਆਂ ਕਰ ਰਹੇ ਹਨ ਪਰ ਘੱਟ ਉਜਰਤ ਦਰਾਂ ਨੂੰ ਬਹੁਤ ਜ਼ਿਆਦਾ ਘਟਾਇਆ ਜਾ ਰਿਹਾ ਹੈ। ਇਥੇ ਦਸਣਾ ਬਣਦਾ ਹੈ ਕਿ ਸੰਯੁਕਤ ਰਾਸ਼ਟਰ ਦੀ ਰਿਪੋਰਟ ਵਿਚ ਹੈਰਾਨਕੁੰਨ ਦਾਅਵਾ ਕੀਤਾ ਗਿਆ ਕਿ ਕੈਨੇਡਾ ਵਿਚ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਆਧੁਨਿਕ ਦੌਰ ਦਾ ਗੁਲਾਮ ਬਣਾਇਆ ਜਾ ਰਿਹਾ ਹੈ।
ਆਰਜ਼ੀ ਵਿਦੇਸ਼ੀ ਕਾਮਿਆਂ ਬਾਰੇ ਸੰਯੁਕਤ ਰਾਸ਼ਟਰ ਵੱਲੋਂ ਕੀਤੀ ਸੀ ਟਿੱਪਣੀ
ਰਿਪੋਰਟ ਕਹਿੰਦੀ ਹੈ ਕਿ ਵਿਦੇਸ਼ੀ ਕਾਮਿਆਂ ਨਾਲ ਬੇਹੱਦ ਮੰਦੀ ਭਾਸ਼ਾ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਸੈਕਸ਼ੁਅਲ ਹੈਰਾਸਮੈਂਟ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆ ਰਹੀਆਂ ਹਨ। ਸਿਰਫ ਇਥੇ ਹੀ ਬੱਸ ਨਹੀਂ ਕਈ ਇੰਪਲੌਇਰਜ਼ ਵੱਲੋਂ ਆਪਣੇ ਕਿਰਤੀਆਂ ਲਈ ਰਿਹਾਇਸ਼ ਦਾ ਪ੍ਰਬੰਧ ਵੀ ਨਹੀਂ ਕੀਤਾ ਜਾ ਰਿਹਾ ਜਿਸ ਦੇ ਸਿੱਟੇ ਵਜੋਂ ਇਕ ਕਮਰੇ ਵਿਚ 20 ਤੋਂ 30 ਜਣੇ ਰਹਿਣ ਲਈ ਮਜਬੂਰ ਹਨ ਅਤੇ ਸਿਰਫ ਇਕ ਵਾਸ਼ਰੂਮ ਨਾਲ ਹੀ ਕੰਮ ਚਲਾਉਣਾ ਪੈਂਦਾ ਹੈ। ਰਿਪੋਰਟ ਵਿਚ ਕੈਨੇਡਾ ਸਰਕਾਰ ਨੂੰ ਆਰਜ਼ੀ ਵਿਦੇਸ਼ੀ ਕਾਮਿਆਂ ਨਾਲ ਸਬੰਧਤ ਨਿਯਮਾਂ ਵਿਚ ਵੱਡੀ ਤਬਦੀਲੀ ਕਰਨ ਦਾ ਸੱਦਾ ਦਿਤਾ ਗਿਆ ਹੈ ਤਾਂਕਿ ਕਿਰਤੀਆਂ ਦੀ ਰਿਹਾਇਸ਼, ਹੈਲਥ ਕੇਅਰ ਅਤੇ ਇੰਮੀਗ੍ਰੇਸ਼ਨ ਸਟੇਟਸ ਦਾ ਮਸਲਾ ਰੁਜ਼ਗਾਰਦਾਤਾਵਾਂ ਦੇ ਕੰਟਰੋਲ ਤੋਂ ਬਾਹਰ ਹੋ ਸਕੇ। ਇਸ ਵੇਲੇ ਸਭ ਤੋਂ ਵੱਧ ਆਰਜ਼ੀ ਵਿਦੇਸ਼ੀ ਕਾਮੇ ਐਗਰੀਕਲਚਰ ਸੈਕਟਰ ਵਿਚ ਕੰਮ ਕਰ ਰਹੇ ਹਨ। ਦੂਜੇ ਪਾਸੇ ਕੈਨੇਡਾ ਦੇ ਇੰਮੀਗ੍ਰੇਸ਼ਨ ਵਿਭਾਗ ਵੱਲੋਂ ਪਿਛਲੇ ਸਾਲ 2 ਲੱਖ 39 ਹਜ਼ਾਰ ਤੋਂ ਵੱਧ ਵਰਕ ਪਰਮਿਟ ਜਾਰੀ ਕੀਤੇ ਗਏ ਅਤੇ ਇਹ ਅੰਕੜਾ 2018 ਦੇ ਮੁਕਾਬਲੇ ਦੁੱਗਣੇ ਤੋਂ ਵੀ ਵੱਧ ਬਣਦਾ ਹੈ ਜਦੋਂ ਇਕ ਲੱਖ 9 ਹਜ਼ਾਰ ਵਰਕ ਪਰਮਿਟ ਜਾਰੀ ਕੀਤੇ ਗਏ ਸਨ।