Amritsar ’ਚ KMM ਦਾ ਕੇਂਦਰ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਮੋਰਚੇ ਤੇ ਸ਼ਹਿਰ ਕਮੇਟੀ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਕਿਸਾਨ ਆਗੂ ਅਤੇ ਸੀਨੀਅਰ ਨੇਤਾ ਸਰਵਣ ਸਿੰਘ ਪੰਧੇਰ ਨੇ ਕੀਤੀ।
ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਮੋਰਚੇ ਤੇ ਸ਼ਹਿਰ ਕਮੇਟੀ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਕਿਸਾਨ ਆਗੂ ਅਤੇ ਸੀਨੀਅਰ ਨੇਤਾ ਸਰਵਣ ਸਿੰਘ ਪੰਧੇਰ ਨੇ ਕੀਤੀ। ਪ੍ਰਦਰਸ਼ਨ ਦੌਰਾਨ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਮਨਰੇਗਾ ਕਾਨੂੰਨ ਵਿੱਚ ਕੀਤੀਆਂ ਗਈਆਂ ਸੋਧਾਂ ਮਜ਼ਦੂਰ ਵਰਗ ਲਈ ਘਾਤਕ ਸਾਬਤ ਹੋ ਰਹੀਆਂ ਹਨ।
ਸਰਵਣ ਸਿੰਘ ਪੰਧੇਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮਨਰੇਗਾ ਹੇਠ ਪਹਿਲਾਂ ਮਜ਼ਦੂਰਾਂ ਨੂੰ ਪਿੰਡ ਪੱਧਰ ’ਤੇ ਰੁਜ਼ਗਾਰ ਮਿਲਦਾ ਸੀ, ਪਰ ਹੁਣ ਨਵੇਂ ਕਾਨੂੰਨ ਰਾਹੀਂ ਇਹ ਅਧਿਕਾਰ ਖਤਮ ਕੀਤੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਲਈ ਦਿੱਤਾ ਜਾਣ ਵਾਲਾ 40 ਫੀਸਦੀ ਫੰਡ ਘਟਾ ਦਿੱਤਾ ਗਿਆ ਹੈ, ਜਿਸ ਨਾਲ ਪੰਜਾਬ ਸਮੇਤ ਸਾਰੇ ਸੂਬਿਆਂ ਵਿੱਚ ਰੁਜ਼ਗਾਰ ਦੇ ਮੌਕੇ ਸਿਮਟ ਰਹੇ ਹਨ।
ਉਨ੍ਹਾਂ ਕਿਹਾ ਕਿ ਤੱਥਾਂ ਨੂੰ ਮਰੋੜ ਕੇ ਪੇਸ਼ ਕਰਨਾ ਬੰਦ ਕੀਤਾ ਜਾਵੇ ਅਤੇ ਸਪੱਸ਼ਟ ਕੀਤਾ ਜਾਵੇ ਕਿ ਕੇਂਦਰ ਵੱਲੋਂ ਪੰਜਾਬ ਨੂੰ ਅਸਲ ਵਿੱਚ ਕਿੰਨਾ ਬਜਟ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਮਜ਼ਦੂਰ ਸਰਪੰਚ ਜਾਂ ਬੀਡੀਪੀਓ ਕੋਲ ਅਰਜ਼ੀ ਦੇ ਕੇ ਕੰਮ ਲੈ ਸਕਦਾ ਸੀ, ਪਰ ਹੁਣ ਡਿਜੀਟਲ ਪ੍ਰਣਾਲੀ ਦੇ ਨਾਂ ’ਤੇ ਇਹ ਹੱਕ ਵੀ ਖਤਮ ਹੋ ਰਹੇ ਹਨ। ਪੰਚਾਇਤਾਂ ਦੇ ਅਧਿਕਾਰ ਘਟਾਏ ਜਾਣ ਨਾਲ ਪਿੰਡਾਂ ਦੇ ਵਿਕਾਸ ਕਾਰਜ ਵੀ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਡਿਜੀਟਲ ਸਿਸਟਮ ਗਰੀਬ ਮਜ਼ਦੂਰ ਲਈ ਹੋਰ ਮੁਸ਼ਕਲਾਂ ਪੈਦਾ ਕਰ ਰਿਹਾ ਹੈ।
ਕਿਸਾਨ ਮਜ਼ਦੂਰ ਮੋਰਚੇ ਨੇ ਮੰਗ ਕੀਤੀ ਕਿ ਪੁਰਾਣਾ ਮਨਰੇਗਾ ਕਾਨੂੰਨ ਤੁਰੰਤ ਬਹਾਲ ਕੀਤਾ ਜਾਵੇ, ਮਜ਼ਦੂਰਾਂ ਨੂੰ ਸਾਲ ਵਿੱਚ 200 ਦਿਨ ਰੁਜ਼ਗਾਰ ਅਤੇ 700 ਰੁਪਏ ਦਿਹਾੜੀ ਦਿੱਤੀ ਜਾਵੇ। ਨਾਲ ਹੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਵਿਧਾਨ ਸਭਾ ਵਿੱਚ ਇਸ ਸਬੰਧੀ ਮਤਾ ਪਾਸ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।