ਡਿਪਟੀ ਕਮਿਸ਼ਨਰ ਵੱਲੋਂ ਨਾਭਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ;
ਨਾਭਾ, 2 ਅਕਤੂਬਰ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਨਾਭਾ ਮੰਡੀ ਦਾ ਦੌਰਾ ਕੀਤਾ ਤੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਸਮੇਂ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਜੇਕਰ ਕਿਸੇ ਥਾਂ 'ਤੇ ਕੋਈ ਦਿੱਕਤ ਹੁੰਦੀ ਹੈ ਤਾਂ ਸਬੰਧਤ ਐਸਡੀਐਮਜ਼ ਜਾਂ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਭਾਵੇਂ ਹਾਲੇ ਮੰਡੀਆਂ ਵਿੱਚ ਝੋਨੇ ਦੀ ਆਮਦ ਘੱਟ ਹੈ ਪਰ ਆਉਂਦੇ ਦਿਨ ਅੰਦਰ ਆਮਦ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਹਨ ਅਤੇ ਮੰਡੀ ਵਿੱਚ ਆਪਣੀ ਜਿਣਸ ਲੈਕੇ ਆਏ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਪੀਣ ਵਾਲੇ ਪਾਣੀ, ਲਾਈਟਾਂ, ਤਰਪਾਲਾਂ, ਬਾਥਰੂਮਾਂ ਦੀ ਸਫ਼ਾਈ ਸਮੇਤ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਐਸਡੀਐਮਜ਼ ਤੇ ਮੰਡੀ ਬੋਰਡ ਦੇ ਅਧਿਕਾਰੀ ਮੰਡੀ ’ਚ ਫ਼ਸਲ ਲਿਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਉਪਲਬੱਧ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਨਿਰਧਾਰਤ ਨਮੀ ਵਾਲੀ ਸੁੱਕੀ ਫ਼ਸਲ ਹੀ ਮੰਡੀ ਵਿੱਚ ਲਿਆਉਣ ਦੀ ਅਪੀਲ ਕੀਤੀ ਤਾਂਕਿ ਉਨ੍ਹਾਂ ਦੀ ਫ਼ਸਲ ਮੰਡੀ ਵਿੱਚ ਆਉਣ ਸਾਰ ਹੀ ਵਿਕ ਜਾਵੇ, ਇਸ ਉਪਰੰਤ ਅਦਾਇਗੀ ਵੀ ਡਿਜੀਟਲ ਤਰੀਕੇ ਨਾਲ ਕਿਸਾਨ ਦੇ ਬੈਂਕ ਖਾਤੇ ਵਿੱਚ ਚਲੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਂਲ ਲਈ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਵੀ ਕਰਕੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਆਪਣੇ ਨੇੜੇ ਉਪਲਬੱਧ ਮਸ਼ੀਨਰੀ ਲੈਣ ਲਈ ’ਊਨਤ ਕਿਸਾਨ’ ਐਪ ਦੀ ਵਰਤੋਂ ਕਰ ਸਕਦੇ ਹਨ ਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵਿਲੇਜ਼ ਲੈਵਲ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਵੱਲੋਂ ਨਾਭਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ