ਭਾਸ਼ਾ ਵਿਭਾਗ ਵੱਲੋਂ ਸਾਲ 2024 ਦੇ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

ਭਾਸ਼ਾ ਵਿਭਾਗ ਵੱਲੋਂ ਸਾਲ 2024 ਦੇ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ;

By :  Deep
Update: 2024-10-17 12:58 GMT

ਪਟਿਆਲਾ 16 ਅਕਤੂਬਰ :

ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਤਹਿਤ ਵਿਭਾਗ ਵੱਲੋਂ ਸਾਲ 2024 ਦੇ ਪੰਜਾਬੀ ਭਾਸ਼ਾ ਦੇ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 09 ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ, ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2024ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ ਪਿਛਲੇ ਸਾਲ ਦੌਰਾਨ ਛਪੀਆਂ ਪੁਸਤਕਾਂ ਦੀ ਸਰਵੋਤਮ ਪੁਸਤਕ ਪੁਰਸਕਾਰਾਂ ਲਈ ਮੰਗ ਕੀਤੀ ਗਈ ਸੀ ਅਤੇ ਵੱਖ-ਵੱਖ ਖੇਤਰਾਂ ਦੇ ਵਿਦਵਾਨ ਵਿਸ਼ਾ ਮਾਹਿਰਾਂ ਤੋਂ ਇਨ੍ਹਾਂ ਪੁਸਤਕਾਂ ਦਾ ਮੁਲਾਂਕਣ ਕਰਵਾਇਆ ਗਿਆ ਅਤੇ ਸਰਵੋਤਮ ਪੁਸਤਕਾਂ ਦੀ ਚੋਣ ਕੀਤੀ ਗਈ। ਇਸ ਪੁਰਸਕਾਰ ’ਚ ਇਨਾਮੀ ਰਾਸ਼ੀ ਦੇ ਨਾਲ-ਨਾਲ ਇਕ ਪਲੇਕ ਅਤੇ ਸ਼ਾਲ ਭੇਂਟ ਕੀਤੀ ਜਾਵੇਗੀ।

ਸਾਲ 2024 ਨਾਲ ਸਬੰਧਤ ਪੰਜਾਬੀ ਦੀਆਂ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਤਹਿਤ ਗੁਰਮੁੱਖ ਸਿੰਘ ਮੁਸਾਫ਼ਿਰ ਪੁਰਸਕਾਰ (ਕਵਿਤਾ), ਰਣਧੀਰ ਦੀ ਪੁਸਤਕ ‘ਖ਼ਤ.. ਜੋਂ ਲਿਖਣੋਂ ਰਹਿ ਗਏ’ ਨੂੰ, ਪ੍ਰਿੰ. ਸੁਜਾਨ ਸਿੰਘ ਪੁਰਸਕਾਰ(ਕਹਾਣੀ/ਮਿੰਨੀ ਕਹਾਣੀ), ਜਸਵਿੰਦਰ ਧਰਮਕੋਟ ਦੀ ਪੁਸਤਕ ‘ਮੈਲਾਨਿਨ’ ਨੂੰ, ਗੁਰਬਖ਼ਸ਼ ਸਿੰਘ ਪੁਰਸਕਾਰ (ਨਿਬੰਧ/ਸਫ਼ਰਨਾਮਾ),ਸਤਿਨਾਮ ਸਿੰਘ ਸੰਧੂ ਦੀ ਪੁਸਤਕ ‘ਸ਼ਬਦਾਂ ਦੇ ਚਿਰਾਗ਼’ ਨੂੰ, ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਟੀਕਾਕਾਰੀ/ਕੋਸ਼ਕਾਰੀ), ਪ੍ਰੋ.(ਡਾ.) ਪਰਮਜੀਤ ਸਿੰਘ ਢੀਂਗਰਾ ਦੀ ਪੁਸਤਕ ‘ਸ਼ਬਦੋ ਵਣਜਾਰਿਓ’ ਨੂੰ, ਪ੍ਰਿੰ. ਤੇਜਾ ਸਿੰਘ ਪੁਰਸਕਾਰ (ਸੰਪਾਦਨ)ਸਰਬਜੀਤ ਸਿੰਘ ਵਿਰਕ, ਐਡਵੋਕੇਟ ਦੀ ਪੁਸਤਕ ‘ਸਮੁੱਚੀਆਂ ਲਿਖਤਾਂ ਸ਼ਹੀਦ ਭਗਤ ਸਿੰਘ’ ਨੂੰ, ਡਾ. ਐਮ. ਐੱਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ), ਪਰਮਜੀਤ ਮਾਨ ਦੀ ਪੁਸਤਕ ‘ਸਮੁੰਦਰਨਾਮਾ- ਛੱਲਾਂ ਨਾਲ ਗੱਲਾਂ’ ਨੂੰ, ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਜਗਜੀਤ ਸਿੰਘ ਲੱਡਾ ਦੀ ਪੁਸਤਕ ‘ਪਿਆਰਾ ਭਾਰਤ’ ਨੂੰ,ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ), ਤੇਜਾ ਸਿੰਘ ਤਿਲਕ ਦੀ ਪੁਸਤਕ ‘ਪੰਜਾਬ ਉੱਤੇ ਕਬਜ਼ਾ ਅਤੇ ਮਹਾਰਾਜਾ ਦਲੀਪ ਸਿੰਘ (ਨੰਦ ਕੁਮਾਰ ਦੇਵ ਸ਼ਰਮਾ)’ ਨੂੰ, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ), ਡਾ. ਗੁਰਸੇਵਕ ਲੰਬੀ ਦੀ ਪੁਸਤਕ ‘ਬਸਤੀਵਾਦ, ਉੱਤਰ ਬਸਤੀਵਾਦ ਤੇ ਪੰਜਾਬੀ ਨਾਟਕ(ਆਲੋਚਨਾ)’ ਨੂੰ ਪ੍ਰਦਾਨ ਕੀਤੇ ਜਾਣਗੇ। ਦੱਸਣਯੋਗ ਹੈ ਕਿ ਉਕਤ ਪੁਰਸਕਾਰਾਂ ਲਈ ਵੱਖ-ਵੱਖ ਵੰਨਗੀਆਂ ਦੀਆਂ 155 ਪੁਸਤਕਾਂ ਪ੍ਰਾਪਤ ਹੋਈਆਂ ਸਨ।

ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਵਿਭਾਗ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਸਰਵੋਤਮ ਪੁਸਤਕ ਪੁਰਸਕਾਰਾਂ ਤਹਿਤ ਪੰਜਾਬੀ, ਸੰਸਕ੍ਰਿਤ ਅਤੇ ਉਰਦੂ ਭਾਸ਼ਾ ਦੇ ਸਾਰੇ ਪੁਰਸਕਾਰਾਂ ਦਾ ਐਲਾਨ ਹੋ ਚੁੱਕਿਆ ਹੈ ਅਤੇ ਇਹ ਪੰਜਾਬੀ ਮਾਹ ਦੇ ਸਮਾਗਮਾਂ ਦੌਰਾਨ ਹੀ ਪ੍ਰਦਾਨ ਕਰ ਦਿੱਤੇ ਜਾਣਗੇ। ਬਾਕੀ ਰਹਿੰਦੇ ਹਿੰਦੀ ਦੇ ਪੁਰਸਕਾਰਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਉਨ੍ਹਾਂ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈਆਂ ਦਿੱਤੀਆਂ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਇਸੇ ਤਰ੍ਹਾਂ ਨਿਰੰਤਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।

Similar News