ਨਾਮਜ਼ਦਗੀਆਂ ਮੌਕੇ ਹੋਈ ਧੱਕੇਸ਼ਾਹੀ ਵਿਰੁੱਧ ਹਾਈਕੋਰਟ ਜਾਵੇਗਾ ਅਕਾਲੀ ਦਲ!

ਪੰਜਾਬ ਵਿਚ ਪੰਚਾਇਤਾਂ ਚੋਣਾਂ ਨੂੰ ਲੈ ਕੇ ਮਾਹੌਲ ਕਾਫ਼ੀ ਗਰਮਾਇਆ ਹੋਇਆ ਏ ਕਿਉਂਕਿ ਵੋਟਿੰਗ ਤੋਂ ਪਹਿਲਾਂ ਹੀ ਕਈ ਥਾਵਾਂ ’ਤੇ ਹਿੰਸਕ ਘਟਨਾਵਾਂ ਵਾਪਰ ਚੁੱਕੀਆਂ ਨੇ। ਭਾਵੇਂ ਕਿ ਹੇਠਲੀ ਅਦਾਲਤ ਵੱਲੋਂ ਇਸ ਸਬੰਧੀ ਪਾਈਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਗਿਆ ਏ ਪਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਾਈਕੋਰਟ ਵਿਚ ਕਾਨੂੰਨੀ ਲੜਾਈ ਲੜਨ ਦਾ ਐਲਾਨ ਕੀਤਾ ਗਿਆ ਏ,

Update: 2024-10-07 13:05 GMT

ਚੰਡੀਗੜ੍ਹ : ਪੰਜਾਬ ਵਿਚ ਪੰਚਾਇਤਾਂ ਚੋਣਾਂ ਨੂੰ ਲੈ ਕੇ ਮਾਹੌਲ ਕਾਫ਼ੀ ਗਰਮਾਇਆ ਹੋਇਆ ਏ ਕਿਉਂਕਿ ਵੋਟਿੰਗ ਤੋਂ ਪਹਿਲਾਂ ਹੀ ਕਈ ਥਾਵਾਂ ’ਤੇ ਹਿੰਸਕ ਘਟਨਾਵਾਂ ਵਾਪਰ ਚੁੱਕੀਆਂ ਨੇ। ਭਾਵੇਂ ਕਿ ਹੇਠਲੀ ਅਦਾਲਤ ਵੱਲੋਂ ਇਸ ਸਬੰਧੀ ਪਾਈਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਗਿਆ ਏ ਪਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਾਈਕੋਰਟ ਵਿਚ ਕਾਨੂੰਨੀ ਲੜਾਈ ਲੜਨ ਦਾ ਐਲਾਨ ਕੀਤਾ ਗਿਆ ਏ, ਜੇਕਰ ਹਾਈਕੋਰਟ ਨੇ ਅਕਾਲੀ ਦਲ ਦੀ ਪਟੀਸ਼ਨ ’ਤੇ ਐਕਸ਼ਨ ਲੈ ਲਿਆ ਤਾਂ ਪੰਚਾਇਤਾਂ ਚੋਣਾਂ ਵਿਚ ਫਿਰ ਤੋਂ ਵੱਡਾ ਅੜਿੱਕਾ ਲੱਗ ਸਕਦਾ ਏ।

ਪੰਜਾਬ ਵਿਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਮੌਕੇ ਕਈ ਥਾਵਾਂ ’ਤੇ ਹਿੰਸਕ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਨੇ। ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਸੱਤਾਧਾਰੀ ਪਾਰਟੀ ’ਤੇ ਦੋਸ਼ ਲਗਾਏ ਜਾ ਰਹੇ ਨੇ ਕਿ ਉਨ੍ਹਾਂ ਦੀ ਪਾਰਟੀ ਨਾਲ ਸਬੰਧਤ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਨ ਦਿੱਤੇ ਗਏ। ਹੁਣ ਇਸ ਕਥਿਤ ਧੱਕੇਸ਼ਾਹੀ ਦੇ ਖ਼ਿਲਾਫ਼ ਅਕਾਲੀ ਦਲ ਵੱਲੋਂ ਕਾਨੂੰਨੀ ਲੜਾਈ ਲੜਨ ਦਾ ਐਲਾਨ ਕੀਤਾ ਗਿਆ ਏ। ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਿਚ ਨਾਕਾਮ ਰਹਿਣ ਵਾਲੇ ਉਮੀਦਵਾਰਾਂ ਨੂੰ ਆਪਣੇ ਕਾਗਜ਼ ਅਤੇ ਸੱਤਾਧਾਰੀਆਂ ਵੱਲੋਂ ਕੀਤੀ ਧੱਕੇਸ਼ਾਹੀ ਦੇ ਸਬੂਤ ਲੈ ਕੇ ਚੰਡੀਗੜ੍ਹ ਸਥਿਤ ਪਾਰਟੀ ਦੇ ਪਹੁੰਚਣ ਦੀ ਅਪੀਲ ਕੀਤੀ ਗਈ ਐ ਤਾਂ ਜੋ ਇਸ ਸਬੰਧੀ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਜਾ ਸਕੇ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਪਾਰਟੀ ਵੱਲੋਂ ਇਕ ਉਚ ਪੱਧਰੀ ਲੀਗਲ ਟੀਮ ਦਾ ਗਠਨ ਕੀਤਾ ਗਿਆ ਏ ਜੋ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਕਾਨੂੰਨੀ ਲੜਾਈ ਲੜੇਗੀ। ਇਹ ਟੀਮ ਪਾਰਟੀ ਦੇ ਲੀਗਲ ਸੈੱਲ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਐ।

Full View

ਡਾ. ਚੀਮਾ ਦਾ ਕਹਿਣਾ ਏ ਕਿ ਪਾਰਟੀ ਨੂੰ ਸ਼ਿਕਾਇਤਾਂ ਮਿਲ ਰਹੀਆਂ ਨੇ ਕਿ ਸੂਬੇ ਦੇ ਵੱਖ ਵੱਖ ਥਾਵਾਂ ’ਤੇ ਸਰਪੰਚ ਅਤੇ ਪੰਚ ਅਹੁਦਿਆਂ ਲਈ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਵੱਡੀ ਪੱਧਰ ’ਤੇ ਰੱਦ ਕੀਤੇ ਗਏ ਨੇ। ਅਕਾਲੀ ਦਲ ਦੀ ਕਾਨੂੰਨੀ ਟੀਮ ਵੱਲੋਂ ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪੀੜਤ ਉਮੀਦਵਾਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਤੋਂ ਬਾਅਦ ਕੇਸ ਤਿਆਰ ਕਰਕੇ ਅਕਾਲੀ ਦਲ ਦੇ ਵਫ਼ਦ ਵੱਲੋਂ ਸੂਬਾਈ ਚੋਣ ਕਮਿਸ਼ਨ ਨੂੰ ਭੇਜਿਆ ਜਾਵੇਗਾ ਅਤੇ ਮਾਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਜਾਵੇਗੀ।

ਡਾ. ਚੀਮਾ ਨੇ ਅੱਗੇ ਦੱਸਿਆ ਕਿ ਜੇਕਰ ਲੋੜ ਪਈ ਤਾਂ ਹਾਈਕੋਰਟ ਵਿਚ ਪਟੀਸ਼ਨ ਵੀ ਦਾਇਰ ਕੀਤੀ ਜਾਵੇਗੀ। ਇਸ ਦੌਰਾਨ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਮਾਨ ਅਤੇ ਬੌਬੀ ਮਾਨ ਖ਼ਿਲਾਫ਼ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਆਖਿਆ ਕਿ ਇਨ੍ਹਾਂ ਦੋਵੇਂ ਆਗੂਆਂ ਦੇ ਪੁੱਤਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਸੀ। ਫਿਲਹਾਲ ਇਸ ਕਥਿਤ ਧੱਕੇਸ਼ਾਹੀ ਦੇ ਵਿਰੁੱਧ ਅਕਾਲੀ ਦਲ ਵੱਲੋਂ ਪੂਰੀ ਤਿਆਰ ਕੀਤੀ ਜਾ ਰਹੀ ਐ ਪਰ ਦੇਖਣਾ ਹੋਵੇਗਾ ਕਿ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਇਸ ਕਾਰਵਾਈ ਦਾ ਕਿੰਨਾ ਕੁ ਅਸਰ ਹੋਵੇਗਾ।

Tags:    

Similar News