ਸੀ.ਐਮ ਮਾਨ ਨਹੀਂ ਜਾ ਸਕਣਗੇ ਪੈਰਿਸ, ਭਾਰਤੀ ਵਿਦੇਸ਼ ਮੰਤਰਾਲੇ ਨੇ ਨਹੀਂ ਦਿੱਤੀ ਇਜਾਜ਼ਤ, ਜਾਣੋ ਖਬਰ
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦਫ਼ਤਰ ਨੂੰ ਸ਼ੁੱਕਰਵਾਰ ਦੇਰ ਸ਼ਾਮ ਇਸ ਦੀ ਜਾਣਕਾਰੀ ਮਿਲੀ ਜਿਸ 'ਚ MEA ਨੇ ਕਥਿਤ ਤੌਰ 'ਤੇ ਇਜਾਜ਼ਤ ਤੋਂ ਇਨਕਾਰ ਕਰਨ ਦਾ ਕਾਰਨ "ਦੇਰ ਨਾਲ ਅਪਲਾਈ ਕਰਨ" ਦਾ ਹਵਾਲਾ ਦਿੱਤਾ ਹੈ ।
ਚੰਡੀਗੜ੍ਹ : ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਓਲੰਪਿਕ ਦੇਖਣ ਲਈ ਪੈਰਿਸ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਜਾਣਕਾਰੀ ਅਨੁਸਾਰ ਸੀਐਮ ਮਾਨ ਨੇ ਓਲੰਪਿਕ ਵਿੱਚ ਭਾਗ ਲੈਣ ਵਾਲੀ ਭਾਰਤੀ ਹਾਕੀ ਟੀਮ ਨੂੰ ਸਮਰਥਨ ਦੇਣ ਲਈ 3 ਤੋਂ 9 ਅਗਸਤ ਤੱਕ ਫਰਾਂਸ ਦੀ ਰਾਜਧਾਨੀ ਦਾ ਦੌਰਾ ਕਰਨਾ ਸੀ । ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਦੀ ਹੌਂਸਲਾ ਅਫਜਾਈ ਕਰਨ ਲਈ ਵਿਦੇਸ਼ ਮੰਤਰਾਲੇ ਨੇ ਵਿਦੇਸ਼ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦਫ਼ਤਰ ਨੂੰ ਸ਼ੁੱਕਰਵਾਰ ਦੇਰ ਸ਼ਾਮ ਇਸ ਦੀ ਜਾਣਕਾਰੀ ਮਿਲੀ ਜਿਸ 'ਚ MEA ਨੇ ਕਥਿਤ ਤੌਰ 'ਤੇ ਇਜਾਜ਼ਤ ਤੋਂ ਇਨਕਾਰ ਕਰਨ ਦਾ ਕਾਰਨ "ਦੇਰ ਨਾਲ ਅਪਲਾਈ ਕਰਨ" ਦਾ ਹਵਾਲਾ ਦਿੱਤਾ ਹੈ ।
ਇਸ ਤੋਂ ਬਾਅਦ ਸੀਐਮ ਮਾਨ ਨੇ ਦੋਸ਼ ਲਾਇਆ ਕਿ ਭਾਰਤ ਸਰਕਾਰ ਵੱਲੋਂ ਦੇਸ਼ ਦੇ ਸੰਘੀ ਢਾਂਚੇ ’ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ 'ਆਪ' ਮੁਖੀ ਅਰਵਿੰਦ ਕੇਜਰੀਵਾਲ ਨੂੰ 2022 'ਚ ਸਿੰਗਾਪੁਰ ਦੀ ਯਾਤਰਾ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਦਾ ਵੀ ਜ਼ਿਕਰ ਵੀ ਕੀਤਾ । ਸੀਐਮ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੇ 19 ਖਿਡਾਰੀ ਇਸ ਸਮੇਂ ਓਲੰਪਿਕ ਵਿੱਚ ਹਨ । ਜਿਨ੍ਹਾਂ ਵਿੱਚੋਂ 10 ਖੇਡ ਰਹੇ ਹਨ । ਸੀਐਮ ਮਾਨ ਨੇ ਕਿਹਾ ਕਿ ਇਸ ਲਈ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਜਦੋਂ ਉਹ ਸਖ਼ਤ ਮੈਚ ਖੇਡ ਰਹੇ ਹੋਣ ਤਾਂ ਉਨ੍ਹਾਂ ਨੂੰ ਹੱਲਾਸ਼ੇਰੀ ਦੇਣੀ ਚਾਹੀਦੀ ਹੈ ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਵਿਦੇਸ਼ ਮੰਤਰਾਲੇ ਨਾਲ ਸਬੰਧਤ ਸੂਤਰਾਂ ਨੇ ਦੱਸਿਆ ਕਿ ਸੀਐਮ ਭਗਵੰਤ ਮਾਨ ਦੇ ਦੌਰੇ ਨੂੰ ਮਨਜ਼ੂਰੀ ਨਾ ਦੇਣ ਦਾ ਕਾਰਨ ਉਨ੍ਹਾਂ ਦੀ ਸੁਰੱਖਿਆ ਹੈ । ਮੁੱਖ ਮੰਤਰੀ ਹੋਣ ਦੇ ਨਾਤੇ ਮੁੱਖ ਮੰਤਰੀ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੈ । ਅਜਿਹੇ 'ਚ ਅਰਜ਼ੀ ਲੇਟ ਹੋਣ ਕਾਰਨ ਵਿਦੇਸ਼ ਦੌਰੇ ਦੌਰਾਨ ਇੰਨੀ ਜਲਦੀ ਉਨ੍ਹਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨਾ ਸੰਭਵ ਨਹੀਂ ਹੈ ।