ਕਤਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ : ਕਤਰ ਦੀ ਰਾਜਧਾਨੀ ਦੋਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਏ, ਜਿਸ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਇਤਰਾਜ਼ ਜਤਾਉਂਦਿਆਂ ਇਹ ਮਾਮਲਾ ਵਿਦੇਸ਼ ਮੰਤਰਾਲੇ ਕੋਲ ਉਠਾਇਆ ਗਿਆ ਏ ਕਿ ਇਸ ਮਾਮਲੇ ਵਿਚ ਦਖ਼ਲ ਦੇ ਕੇ ਦੋਹਾ ਪੁਲਿਸ ਕੋਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸਨਮਾਨ ਸਹਿਤ ਗੁਰੂ ਘਰ ਵਿਚ ਸ਼ੁਸੋਭਿਤ ਕੀਤੇ ਜਾਣ।
ਦਰਅਸਲ ਦਸੰਬਰ 2023 ਵਿਚ ਕਤਰ ਦੀ ਦੋਹਾ ਪੁਲਿਸ ਵੱਲੋਂ ਇੱਕ ਸਿੱਖ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਨੂੰ ਬਾਅਦ ਵਿਚ ਛੱਡ ਦਿੱਤਾ ਗਿਆ, ਪਰ ਉਸ ਕੋਲੋਂ ਪ੍ਰਾਪਤ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪਾਂ ਨੂੰ ਉੱਥੋਂ ਦੇ ਪੁਲਿਸ ਪ੍ਰਸ਼ਾਸਨ ਨੇ ਥਾਣੇ ਵਿਚ ਹੀ ਰੱਖਿਆ ਹੋਇਆ ਹੈ, ਜੋ ਕਿ ਗੁਰੂ ਸਾਹਿਬ ਦਾ ਵੱਡਾ ਨਿਰਾਦਰ ਹੈ। ਕਤਰ ਵਿਚ ਕਿਸੇ ਹੋਰ ਧਰਮ ਦਾ ਪ੍ਰਚਾਰ ਕਰਨ ਦੀ ਪਾਬੰਦੀ ਐ, ਜਿਸ ਕਰਕੇ ਉਸ ਸਿੱਖ ਨੂੰ ਗ੍ਰਿਫ਼ਤਾਰ ਕਰਕੇ ਛੱਡ ਦਿੱਤਾ ਗਿਆ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸਥਾਨਕ ਪੁਲਿਸ ਵੱਲੋਂ ਆਪਣੇ ਕੋਲ ਰੱਖਣ ਦਾ ਸਖ਼ਤ ਨੋਟਿਸ ਲੈਂਦਿਆਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਕਤਰ ਵਿਖੇ ਭਾਰਤੀ ਅੰਬੈਸਡਰ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਆਖਿਆ ਕਿ ਪੁਲਿਸ ਵੱਲੋਂ ਗੁਰੂ ਸਾਹਿਬ ਦੇ ਪਾਵਨ ਸਰੂਪ ਨੂੰ ਆਪਣੇ ਕੋਲ ਰੱਖਣਾ ਵੱਡਾ ਨਿਰਾਦਰ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਦੋਹਾ ਕਤਰ ਵਿਖੇ ਭਾਰਤੀ ਅੰਬੈਸਡਰ ਨੂੰ ਇਸ ਸਬੰਧੀ ਚਿੱਠੀਆਂ ਵੀ ਲਿਖੀਆਂ ਗਈਆਂ ਹਨ।