ਕਿਸਾਨਾ ਨੂੰ ਮਿਲ ਸਕਦਾ ਹੈ 17,500 ਰੁਪਏ ਪ੍ਰਤੀ ਹੈਕਟੇਅਰ ਦਾ ਪ੍ਰੋਤਸਾਹਨ, ਜਾਣੋ ਪੂਰੀ ਖਬਰ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਜਗ੍ਹਾਂ ਹੋਰ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ ।

Update: 2024-07-21 06:24 GMT

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਜਗ੍ਹਾਂ ਹੋਰ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ । ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਪਾਣੀ ਦੀ ਮਾਰ ਝੱਲ ਰਹੀ ਝੋਨੇ ਦੀ ਜਗ੍ਹਾਂ ਹੋਰ ਬਦਲਵੀਆਂ ਫਸਲਾਂ ਵੱਲ ਲਿਜਾਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦਾ ਪ੍ਰੋਤਸਾਹਨ ਦਿੱਤਾ ਜਾਵੇਗਾ । ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਸ ਮਕਸਦ ਵਾਸਤੇ ਵਿੱਤੀ ਸਾਲ 2024-25 ਲਈ 289.87 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ । ਝੋਨੇ ਦੀ ਥਾਂ ਬਦਲਵੀਂ ਫ਼ਸਲ ਬੀਜਣ ਲਈ ਸੋਧੇ ਹੋਏ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ.) ਦੇ ਵੇਰਵੇ ਸਾਂਝੇ ਕਰਦਿਆਂ,ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਕੋਈ ਵੀ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਜ਼ਮੀਨ ਤੋਂ ਵੱਧ ਲਾਭ ਲੈ ਸਕਦਾ ਹੈ, ਅਤੇ ਪ੍ਰੋਤਸਾਹਨ ਰਾਸ਼ੀ ਸਿੱਧੇ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕੀਤੀ ਜਾਵੇਗੀ । ਲਾਭਪਾਤਰੀ ਕਿਸਾਨਾਂ ਨੂੰ ਡਾਇਰੈਕਟ ਡੈਬਟ ਟ੍ਰਾਂਸਫਰ (DBT) ਰਾਹੀਂ ਦੋ ਕਿਸ਼ਤਾਂ ਵਿੱਚ ਦੇ ਦਿੱਤਾ ਜਾਵੇਗਾ । ਉਨ੍ਹਾਂ ਨੇ ਇੱਥੇ ਇੱਕ ਬਿਆਨ ਵਿੱਚ ਕਿਹਾ ਕਿ ਪਹਿਲੀ ਕਿਸ਼ਤ ਡਿਜੀਟਲ ਫਸਲ ਸਰਵੇਖਣ ਅਤੇ ਕ੍ਰਿਸ਼ੀ ਮੈਪਰ ਐਪ ਰਾਹੀਂ ਤਸਦੀਕ ਤੋਂ ਤੁਰੰਤ ਬਾਅਦ ਟਰਾਂਸਫਰ ਕੀਤੀ ਜਾਵੇਗੀ ਅਤੇ ਦੂਜੀ ਕਿਸ਼ਤ ਫਸਲ ਦੀ ਵਾਢੀ ਤੋਂ ਤੁਰੰਤ ਬਾਅਦ ਟਰਾਂਸਫਰ ਕੀਤੀ ਜਾਵੇਗੀ । ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਜਾਣਕਾਰੀ ਦਿੰਦੇ ਹੋਏ ਇਹ ਵੀ ਦੱਸਿਆ ਕਿ ਪੰਜਾਬ ਨੇ ਹਰੀ ਕ੍ਰਾਂਤੀ ਵਿੱਚ ਅਹਿਮ ਭੂਮਿਕਾ ਨਿਭਾਈ ਜਿਸ ਨੇ ਦੇਸ਼ ਨੂੰ ਖੁਰਾਕ ਸੁਰੱਖਿਆ ਵਿੱਚ ਸੁਤੰਤਰ ਬਣਾਉਣ ਵਿੱਚ ਮਦਦ ਕੀਤੀ । ਜੇਕਰ ਹਾਲ ਦੀ ਘੜੀ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਝੋਨੇ ਦੀ ਖੇਤੀ ਟਿਊਬਵੈੱਲਾਂ 'ਤੇ ਜ਼ਿਆਦਾ ਨਿਰਭਰ ਹੋਣ ਦਾ ਕਾਰਨ ਧਰਤੀ ਹੇਠਲੇ ਪਾਣੀ ਦੀ ਕਮੀ ਹੋ ਰਹੀ ਹੈ ।

Tags:    

Similar News