ਸੰਗਰੂਰ ‘ਚ ਸਾਈਬਰ ਕ੍ਰਾਇਮ ਪੁਲਿਸ ਸਟੇਸ਼ਨ ਦਾ ਉਦਘਾਟਨ
ਪੰਚਾਇਤੀ ਚੋਣਾਂ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਕੀਤੀ ਗਈ।ਜਿਸ ਦੌਰਾਨ ਹਿੰਸਾ ਮੁਕਤ ਚੋਣਾਂ ਕਰਵਾਉਣ ਦੇ ਮੱਦੇਨਜ਼ਰ ਕਿਸੇ ਵੀ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਫੋਰਸ ਰਾਖਵੀਂ ਰੱਖਣ ’ਤੇ ਜ਼ੋਰ ਦਿੱਤਾ।;
ਸੰਗਰੂਰ (ਪਰਵਿੰਦਰ ਕੁਮਾਰ) : ਪੰਚਾਇਤੀ ਚੋਣਾਂ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਕੀਤੀ ਗਈ।ਜਿਸ ਦੌਰਾਨ ਹਿੰਸਾ ਮੁਕਤ ਚੋਣਾਂ ਕਰਵਾਉਣ ਦੇ ਮੱਦੇਨਜ਼ਰ ਕਿਸੇ ਵੀ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਫੋਰਸ ਰਾਖਵੀਂ ਰੱਖਣ ’ਤੇ ਜ਼ੋਰ ਦਿੱਤਾ।ਦੱਸਦਈਏ ਕਿ ਡੀਜੀਪੀ ਗੌਰਵ ਯਾਦਵ ਵੱਲੋਂ ਸੰਗਰੂਰ ਵਿੱਚ ਸਾਈਬਰ ਕ੍ਰਾਇਮ ਪੁਲਿਸ ਸਟੇਸ਼ਨ ਸਮੇਤ ਪੁਲਿਸ ਬੁਨਿਆਦੀ ਢਾਂਚੇ ਨਾਲ ਸਬੰਧਤ ਮੁੱਖ ਯੋਜਨਾਵਾਂ ਦਾ ਉਦਘਾਟਨ ਵੀ ਕੀਤਾ ਗਿਆ।
ਆਪਣੇ ਵਿਸ਼ੇਸ਼ ਦੌਰੇ ਦੌਰਾਨ ਸੰਗਰੂਰ ਪਹੁੰਚੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਈਬਰ ਕ੍ਰਾਇਮ ਪੁਲਿਸ ਸਟੇਸ਼ਨ ਸਮੇਤ ਪੁਲਿਸ ਬੁਨਿਆਦੀ ਢਾਂਚੇ ਨਾਲ ਸਬੰਧਤ ਮੁੱਖ ਯੋਜਨਾਵਾਂ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਡੀਜੀਪੀ ਯਾਦਵ ਵੱਲੋਂ ਸਾਈਬਰ ਕ੍ਰਾਇਮ ਪੁਲਿਸ ਸਟੇਸ਼ਨ ਦੀ ਕਾਰਜਪ੍ਰਣਾਲੀ ਦੇ ਬਾਰੇ ਸਟਾਫ ਨਾਲ ਰਾਬਤਾ ਕੀਤਾ ਗਿਆ।ਡੀਜੀਪੀ ਗੌਰਵ ਯਾਦਵ ਦੇ ਨਾਲ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਸ਼ਾਮਲ ਸਨ, ਪੰਚਾਇਤੀ ਚੋਣਾਂ ਤੋਂ ਪਹਿਲਾ ਕਾਰਗੁਜ਼ਾਰੀ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਪੁਲਿਸ ਲਾਈਨ ਸੰਗਰੂਰ ਵਿਖੇ ਪਟਿਆਲਾ ਰੇਂਜ ਦੇ ਸਮੂਹ ਅਧਿਕਾਰੀਆਂ- ਪਟਿਆਲਾ, ਮਲੇਰਕੋਟਲਾ, ਸੰਗਰੂਰ ਅਤੇ ਬਰਨਾਲਾ- ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਸੂਬੇ ਵਿੱਚ ਛੋਟੇ ਅਪਰਾਧਾਂ ‘ਤੇ ਕਾਬੂ ਪਾਉਣ ਅਤੇ ਨਸ਼ਿਆਂ ਦੇ ਖਾਤਮੇ ਸਬੰਧੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡੀਜੀਪੀ ਗੌਰਵ ਯਾਦਵ ਨੇ ਸਾਰੇ ਫੀਲਡ ਅਧਿਕਾਰੀਆਂ ਖਾਸ ਹਦਾਇਤਾਂ ਵੀ ਜਾਰੀ ਕੀਤੀਆਂ ਕਿ ਨਾਗਰਿਕਾਂ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਅਪਰਾਧਾਂ ਖਾਸ ਕਰਕੇ ਜਬਰੀ ਵਸੂਲੀ ਦੀਆਂ ਕਾਲਾਂ, ਲੁੱਟ-ਖੋਹ, ਚੋਰੀ, ਅਤੇ ਚੋਰੀ ਦੇ ਇਰਾਦੇ ਨਾਲ ਘੁਸਪੈਠ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਅਤੇ ਵਿਕਰੀ ਦੇ ਪੱਧਰ ‘ਤੇ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਲਈ ਸਾਰੇ ਤੰਤਰਾਂ ਦੀ ਵਰਤੋਂ ਕਰਨ ਲਈ ਕਿਹਾ।
ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ, ਚਾਹੇ ਐਸਐਸਪੀ, ਡੀਐਸਪੀ ਜਾਂ ਐਸਐਚਓ ਹੋਵੇ, ਨੂੰ ਜਿੰਮੇਵਾਰ ਠਹਿਰਾਇਆ ਜਾਵੇਗਾ।ਮੀਟਿੰਗ ਵਿੱਚ ਐਸਐਸਪੀ ਪਟਿਆਲਾ ਨਾਨਕ ਸਿੰਘ, ਐਸਐਸਪੀ ਸੰਗਰੂਰ ਸਰਤਾਜ ਚਾਹਲ, ਐਸਐਸਪੀ ਬਰਨਾਲਾ ਸੰਦੀਪ ਮਲਿਕ ਅਤੇ ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਵੀ ਮੌਜੂਦ ਸਨ।
ਪੰਚਾਇਤੀ ਚੋਣਾਂ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਸੂਬੇ ਭਰ ‘ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸੁਤੰਤਰ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਹਿੰਸਾ ਮੁਕਤ ਚੋਣਾਂ ਕਰਵਾਉਣ ਦੇ ਮੱਦੇਨਜ਼ਰ ਕਿਸੇ ਵੀ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਫੋਰਸ ਰਾਖਵੀਂ ਰੱਖਣ ’ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲੁੱਟ-ਖੋਹ ਅਤੇ ਨਸ਼ਿਆਂ ਦੀ ਵਿਕਰੀ ਦੇ ਹੌਟਸਪੌਟਸ ‘ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਗਿਣਤੀ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸਲ ਸਮੇਂ ਦੀ ਨਿਗਰਾਨੀ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਨਵੀਂ ਸ਼ੁਰੂ ਕੀਤੀ ‘ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ -9779100200’ ਰਾਹੀਂ ਪ੍ਰਾਪਤ ਹੋਈਆਂ ਸੂਚਨਾਵਾਂ ’ਤੇ ਤੁਰੰਤ ਕਾਰਵਾਈ ਕਰਨ ਲਈ ਵੀ ਕਿਹਾ। ਇਸ ਹੈਲਪਲਾਈਨ ਰਾਹੀਂ ਨਾਗਰਿਕ ਗੁਪਤ ਰੂਪ ਵਿੱਚ ਨਸ਼ਾ ਤਸਕਰਾਂ ਸਬੰਧੀ ਰਿਪੋਰਟ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਨੇ ਜ਼ਮੀਨੀ ਪੱਧਰ ’ਤੇ ਅਧਿਕਾਰੀਆਂ ਨੂੰ ਦਰਪੇਸ਼ ਵਿਹਾਰਕ ਮੁੱਦਿਆਂ ਨੂੰ ਸਮਝਣ ਲਈ ਸਾਰੇ ਅਧਿਕਾਰੀਆਂ ਤੋਂ ਫੀਡਬੈਕ ਵੀ ਲਈ। ਉਨ੍ਹਾਂ ਨੇ ਐਸ.ਐਸ.ਪੀਜ਼. ਨੂੰ ਸਾਰੇ ਸਬ-ਡਵੀਜ਼ਨਲ ਡੀਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ ਨਾਲ ਹਫ਼ਤਾਵਾਰੀ ਅਪਰਾਧ ਸਮੀਖਿਆ ਮੀਟਿੰਗਾਂ ਕਰਨ ਲਈ ਕਿਹਾ।