14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ MP ਅੰਮ੍ਰਿਤਪਾਲ ਸਿੰਘ ਦੇ ਭਰਾ
ਅਦਾਲਤ ਨੇ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ । ਹਰਪ੍ਰੀਤ ਅਤੇ ਲਵਪ੍ਰੀਤ ਨੂੰ 11 ਜੁਲਾਈ ਨੂੰ ਜਲੰਧਰ ਦਿਹਾਤੀ ਪੁਲਿਸ ਵੱਲੋ ਗ੍ਰਿਫਤਾਰ ਕੀਤਾ ਗਿਆ ਸੀ ।;
ਜਲੰਧਰ : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਕੱਲ੍ਹ ਦੋ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਮਿਲੀ ਜਾਣਕਾਰੀ ਅਨੁਸਾਰ ਅਦਾਲਤ ਨੇ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ । ਹਰਪ੍ਰੀਤ ਅਤੇ ਲਵਪ੍ਰੀਤ ਨੂੰ 11 ਜੁਲਾਈ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਕਥਿਤ ਤੌਰ 'ਤੇ 4 ਗ੍ਰਾਮ ਆਈਸ ਸਮੇਤ ਗ੍ਰਿਫਤਾਰ ਕੀਤਾ ਸੀ ਜਿਸ ਤੋਂ ਬਾਅਦ ਇਨ੍ਹਾਂ ਨੂੰ ਫਿਲੌਰ ਦੀ ਅਦਾਲਤ ਨੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ । ਉਸ ਤੋਂ ਬਾਅਦ ਜਲੰਧਰ ਦਿਹਾਤੀ ਪੁਲਿਸ ਇਨ੍ਹਾਂ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ 'ਚ ਲੱਗੀ ਸੀ । ਇਸ ਦੌਰਾਨ ਹਰਪ੍ਰੀਤ ਸਿੰਘ ਦੇ ਵਕੀਲ ਨੇ ਅੱਜ ਇਸ ਕੇਸ ਨੂੰ ਫਰਜ਼ੀ ਕਰਾਰ ਦਿੱਤਾ ਹੈ । ਜਲੰਧਰ ਪੁਲਿਸ ਨੇ ਹੁਣ ਤੱਕ ਇਸ ਮਾਮਲੇ ਵਿੱਚ ਚਾਰ ਵਿਅਕਤੀਆਂ - ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਤੋਂ ਇਲਾਵਾ ਲੁਧਿਆਣਾ ਦੇ ਵਿਅਕਤੀਆਂ ਨੂੰ ਡਰੱਗ ਸਪਲਾਇਰ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ । ਪੁਲੀਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ - ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਦਾ ਦਸ ਦਿਨ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਪੁਲੀਸ ਦੀਆਂ ਦਲੀਲਾਂ ਤੋਂ ਵੱਖ ਪੁਲਿਸ ਨੂੰ ਉਨ੍ਹਾਂ ਦਾ ਦੋ ਦਿਨ ਦਾ ਰਿਮਾਂਡ ਦਿੱਤਾ । ਇਸਦੇ ਨਾਲ ਹੀ ਹੈਪੀ ਅਤੇ ਲਵਪ੍ਰੀਤ ਦੀ ਜ਼ਮਾਨਤ ਪਟੀਸ਼ਨ 'ਤੇ ਬਹਿਸ ਲਈ ਮੰਗਲਵਾਰ 23 ਜੁਲਾਈ ਦੀ ਤਰੀਕ ਦਿੱਤੀ ਗਈ ਹੈ । ਜਿਸ ਤੋਂ ਬਾਅਦ ਅਦਾਲਤ ਅੱਗੇ ਦਾ ਫੈਸਲਾ ਲਵੇਗੀ।