ਹੁਣ ਜਗਦੀਸ਼ ਟਾਈਟਲਰ ਵੀ ਜਾਊ ਸਲਾਖ਼ਾਂ ਪਿੱਛੇ, ਅਦਾਲਤ ਨੇ ਦੋਸ਼ ਕੀਤੇ ਤੈਅ
ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵੱਲੋਂ 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ’ਤੇ ਦੋਸ਼ ਤੈਅ ਕਰ ਦਿੱਤੇ ਗਏ ਹਨ। ਸੀਬੀਆਈ ਨੇ 20 ਮਈ 2023 ਨੂੰ ਇਸ ਮਾਮਲੇ ਵਿੱਚ ਟਾਇਟਲਰ ਦੇ ਖਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।;
ਨਵੀਂ ਦਿੱਲੀ : ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵੱਲੋਂ 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ’ਤੇ ਦੋਸ਼ ਤੈਅ ਕਰ ਦਿੱਤੇ ਗਏ ਹਨ। ਸੀਬੀਆਈ ਨੇ 20 ਮਈ 2023 ਨੂੰ ਇਸ ਮਾਮਲੇ ਵਿੱਚ ਟਾਇਟਲਰ ਦੇ ਖਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।
ਇਸ ਤੋਂ ਪਹਿਲਾਂ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ 19 ਜੁਲਾਈ ਨੂੰ ਇਸ ਮਾਮਲੇ ’ਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਮਾਮਲੇ ’ਚ ਤਿੰਨ ਲੋਕਾਂ ਦੀ ਮੌਤ ਹੋਈ ਸੀ। ਇਕ ਗਵਾਹ ਨੇ ਦੋਸ਼ ਲਗਾਇਆ ਸੀ ਕਿ ਟਾਈਟਲਰ ਇਕ ਨਵੰਬਰ 1984 ਨੂੰ ਗੁਰਦੁਆਰਾ ਪੁਲ ਦੇ ਸਾਹਮਣੇ ਇਕ ਅੰਬੈਸਡਰ ਕਾਰ ਵਿਚੋਂ ਉਤਰਿਆ ਸੀ ਅਤੇ ਉਸ ਨੇ ਭੀੜ ਨੂੰ ਸਿੱਖਾਂ ’ਤੇ ਹਮਲਾ ਕਰਨ ਦੇ ਲਈ ਉਕਸਾਇਆ, ਜਿਸ ਤੋਂ ਬਾਅਦ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਹਿੰਸਾ ਦੌਰਾਨ ਤਿੰਨ ਸਿੱਖ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਮਾਰੇ ਗਏ ਸਨ।
ਅਦਾਲਤ ਦੇ ਫੈਸਲੇ ਤੋਂ ਬਾਅਦ ਬੋਲਦਿਆਂ ਐਡਵੋਕੇਟ ਐਚ ਐਸ ਫੂਲਕਾ ਨੇ ਆਖਿਆ ਕਿ ਅਦਾਲਤ ਨੇ ਕਿਸ ਤਰ੍ਹਾਂ ਇਸ ਕੇਸ ’ਤੇ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਉਮੀਦ ਹੈ ਕਿ ਜਗਦੀਸ਼ ਟਾਈਟਲਰ ਵੀ ਜਲਦ ਹੀ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਹੋਵੇਗਾ।