ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਸੌਂਪਿਆ ਕਿਸਾਨਾ ਦਾ ਮੰਗ ਪੱਤਰ
ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਮੰਗ ਪੱਤਰ ਨੂੰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪੇਦੇ ਹੋਏ ਸਾਰੀਆਂ ਉਹ ਮੰਗਾਂ ਤੋਂ ਜਾਣੂ ਕਰਵਾਇਆ ।
ਕਪੂਰਥਲਾ : ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਮੰਗ ਪੱਤਰ ਨੂੰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪੇਦੇ ਹੋਏ ਸਾਰੀਆਂ ਉਹ ਮੰਗਾਂ ਤੋਂ ਜਾਣੂ ਕਰਵਾਇਆ ਜਿੰਨ੍ਹਾਂ ਨੂੰ ਜਥੇਬੰਦਿਆਂ ਵੱਲੋਂ ਉਨ੍ਹਾਂ ਸਾਹਮਣੇ ਰੱਖਿਆ ਗਿਆ ਸੀ । ਉਨ੍ਹਾਂ ਨੇ ਸੰਸਦ ਵਿੱਚ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਇਸ ਮੀਟਿੰਗ ਦੌਰਾਨ ਸੰਤ ਸੀਚੇਵਾਲ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ ।
ਜਾਣਕਾਰੀ ਅਨੁਸਾਰ ਉਨ੍ਹਾਂ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਕਿਸਾਨਾਂ-ਮਜ਼ਦੂਰਾਂ ਨੂੰ ਸੜਕਾਂ 'ਤੇ ਨਾ ਰੋਕਿਆ ਜਾਵੇ, ਸਗੋਂ ਉਨ੍ਹਾਂ ਲਈ ਖੇਤਾਂ 'ਚ ਕੰਮ ਕਰਨ ਦਾ ਮਾਹੌਲ ਬਣਾਇਆ ਜਾਵੇ, ਤਾਂ ਜੋ ਉਹ ਅਨਾਜ ਉਤਪਾਦਨ 'ਤੇ ਧਿਆਨ ਦੇ ਸਕਣ | ਖੇਤਾਂ ਵਿੱਚ ਕੰਮ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਆਪਸੀ ਰਿਸ਼ਤੇ ਇਸ ਦੇਸ਼ ਦੀ ਤਰੱਕੀ ਵਿੱਚ ਬਹੁਤ ਵੱਡਾ ਯੋਗਦਾਨ ਪਾਉਂਦੇ ਨੇ । ਕਿਉਂਕਿ ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ,ਇਸ ਦੀ ਆਬਾਦੀ ਦਾ ਵੱਡਾ ਹਿੱਸਾ ਖੇਤੀ 'ਤੇ ਹੀ ਨਿਰਭਰ ਹੈ ।
ਸੰਤ ਸੀਚੇਵਾਲ ਨੇ ਕਿਹਾ ਕਿ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਮੰਗ ਪੱਤਰ ਵਿੱਚ ਦਿੱਤੀਆਂ ਗਈਆਂ ਮੰਗਾਂ ਜਾਇਜ਼ ਹਨ ਅਤੇ ਪੰਜਾਬ ਅਤੇ ਦੇਸ਼ ਦੇ ਹਿੱਤ ਵਿੱਚ ਹਨ । ਉਨ੍ਹਾਂ ਆਪਣੇ ਪੱਤਰ ਵਿੱਚ ਕਿਹਾ ਕਿ ਡੇਢ ਸਾਲ ਤੋਂ ਚੱਲੇ ਕਿਸਾਨ ਅੰਦੋਲਨ ਦੌਰਾਨ ਵੀ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਕਿਸਾਨਾਂ ਦੀਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ । ਜਿਸ ਕਾਰਨ ਕਿਸਾਨ ਤੇ ਮਜ਼ਦੂਰ ਮੁੜ ਸੰਘਰਸ਼ ਦੇ ਰਾਹ ਪੈ ਗਏ ਹਨ।