ਰਾਜਪਾਲ ਹੀ ਹੋਣਗੇ ਪੰਜਾਬ ਵਿੱਚ ਯੂਨੀਵਰਸਿਟੀਆਂ ਦੇ ਚਾਂਸਲਰ, ਨਵੇਂ ਬਿਲਾਂ ਨੂੰ ਨਹੀਂ ਮਿਲੀ ਰਾਸ਼ਟਰਪਤੀ ਦੀ ਮੰਜ਼ੂਰੀ
ਬਿੱਲ ਤਹਿਤ ਸੂਬੇ ਦੀਆਂ 12 ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਨੂੰ ਦਿੱਤੀ ਗਈ ਸੀ,ਜਿਸ ਨੂੰ ਰਾਸ਼ਟਰਪਤੀ ਵੱਲੋਂ ਮੰਜ਼ੂਰ ਨਹੀਂ ਕੀਤਾ ਗਿਆ ।;
ਚੰਡੀਗੜ੍ਹ: ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਤੋਂ ਸੂਬਾ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ । ਇਹ ਬਿੱਲ ਪਿਛਲੇ ਸਾਲ 21 ਜੂਨ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਬਿੱਲ ਤਹਿਤ ਸੂਬੇ ਦੀਆਂ 12 ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਨੂੰ ਦਿੱਤੀ ਗਈ ਸੀ । ਹਾਲਾਂਕਿ ਉਕਤ ਬਿੱਲ ਵਾਪਸ ਲਏ ਜਾਣ ਕਾਰਨ ਰਾਜਪਾਲ ਹੀ ਹੁਣ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ । ਪਿਛਲੇ ਸਾਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਆਹਮੋ ਸਾਹਮਣੇ ਦਿਖਾਈ ਦਿੱਤੇ ਸਨ । ਇਸ ਤੋਂ ਬਾਅਦ ਇਸ ਬਿੱਲ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕਰ ਦਿੱਤਾ ਗਿਆ ਸੀ । ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਭੇਜੇ ਗਏ ਤਿੰਨ ਬਿੱਲਾਂ ਵਿੱਚੋਂ ਇਹ ਬਿੱਲ ਵਾਪਸ ਭੇਜ ਦਿੱਤਾ ਗਿਆ ਹੈ । ਪੰਜਾਬ ਦੇ ਰਾਜਪਾਲ ਨੇ ਭਾਰਤੀ ਸੰਵਿਧਾਨ ਦੀ ਧਾਰਾ 200 ਤਹਿਤ ਪੰਜਾਬ ਅਸੈਂਬਲੀ ਵੱਲੋਂ ਪਾਸ ਕੀਤੇ ਤਿੰਨੋਂ ਬਿੱਲ ਭਾਰਤ ਦੇ ਰਾਸ਼ਟਰਪਤੀ ਲਈ ਰਾਖਵੇਂ ਰੱਖੇ ਹੋਏ ਸਨ । ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023, ਪੰਜਾਬ ਪੁਲਿਸ ਸੋਧ ਬਿੱਲ ਅਤੇ ਸਿੱਖ ਗੁਰਦੁਆਰਾ ਸੋਧ ਬਿੱਲ ਰਾਸ਼ਟਰਪਤੀ ਨੂੰ ਭੇਜੇ ਦਿੱਤੇ ਸਨ ।