ਸ਼ੋਮਣੀ ਅਕਾਲੀ ਦਲ 'ਚ ਬਗਾਵਤ, ਬਣੇ ਦੋ ਧੜੇ
ਲੋਕ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੋ ਧੜਿਆ ਵਿੱਚ ਵੰਡਿਆ ਗਿਆ ਹੈ।
ਜਲੰਧਰ: ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੋ ਧੜਿਆ ਵਿੱਚ ਵੰਡਿਆ ਹੋਇਆ ਨਜ਼ਰ ਆ ਰਿਹਾ ਹੈ। ਪਾਰਟੀ ਪ੍ਰਧਾਨ ਦੇ ਖਿਲਾਫ਼ ਬਗਾਵਤ ਸ਼ੁਰੂ ਹੋ ਚੁੱਕੀ ਹੈ। ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਦੋਵੇ ਧੜਿਆ ਦੀ ਵੱਖ-ਵੱਖ ਮੀਟਿੰਗ ਹੋਈ। ਅਕਾਲੀ ਦਲ ਦੀ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿੱਚ ਮੀਟਿੰਗ ਹੋਈ ਅਤੇ ਦੂਜੇ ਪਾਸੇ ਪਾਰਟੀ ਤੋਂ ਬਾਗੀ ਹੋਏ ਲੀਡਰਾਂ ਨੇ ਵੱਖਰੀ ਮੀਟਿੰਗ ਕੀਤੀ।
ਪਾਰਟੀ ਤੋਂ ਬਾਗੀ ਹੋਏ ਲੀਡਰਾਂ ਵਿੱਚ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਬਰਾੜ, ਹਰਿੰਦਰਪਾਲ ਸਿੰਘ ਟੌਹੜਾ, ਅਤੇ ਹੋਰ ਕਈ ਸੀਨੀਅਰ ਆਗੂ ਹਨ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿਨੋਂ-ਦਿਨ ਕਮਜ਼ੋਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਅਰਸ਼ ਤੋਂ ਫਰਸ਼ 'ਤੇ ਆਏ ਹਾਂ ਅਤੇ ਪਾਰਟੀ ਨੂੰ ਇਸ ਦੀ ਪੁਰਾਣੀ ਨੀਂਹ 'ਤੇ ਲਿਆਉਣ ਲਈ ਬਦਲਾਅ ਜ਼ਰੂਰੀ ਹੈ।
ਚੰਦੂਮਾਜਰਾ ਨੇ ਸੁਖਬੀਰ ਬਾਦਲ ਬਾਰੇ ਕਹੀ ਇਹ ਵੱਡੀ ਗੱਲ
ਚੰਦੂਮਾਜਰਾ ਨੇ ਕਿਹਾ ਹੈ ਕਿ 1 ਜੁਲਾਈ ਨੂੰ ਅਸੀਂ ਸਾਰੇ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਵਾਂਗੇ। 1 ਜੁਲਾਈ ਨੂੰ ਉਥੋਂ ਹੀ ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ ਸ਼ੁਰੂ ਕਰਾਂਗੇ। ਇਸ ਯਾਤਰਾ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਵੀ ਸ਼ਾਮਲ ਹੋਣਗੇ।
ਚੰਦੂਮਾਜਰਾ ਨੇ ਇਹ ਵੀ ਕਿਹਾ ਹੈ ਕਿ ਮੈਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕਰਦਾ ਹਾਂ ਕਿ ਵਰਕਰਾਂ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਨਾ ਕਰੋ ਸਗੋਂ ਉਨ੍ਹਾਂ ਨੂੰ ਸਮਝੋ। ਪਾਰਟੀ ਵੋਟਿੰਗ ਤੋਂ ਬਾਅਦ ਫੈਸਲਾ ਲਵੇਗੀ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਦਲਣ ਦੀ ਮੰਗ ਉੱਠੀ ਸੀ। ਹੁਣ ਇਹ ਮਾਮਲਾ ਫਿਰ ਜ਼ੋਰ ਫੜ ਗਿਆ ਹੈ।ਜਾਣਕਾਰੀ ਅਨੁਸਾਰ ਆਗੂਆਂ ਦੀ ਮੀਟਿੰਗ ਕਰੀਬ ਪੰਜ ਘੰਟੇ ਚੱਲੀ। ਆਗੂਆਂ ਨੇ ਕਿਹਾ- 2017 ਤੋਂ 2024 ਤੱਕ ਅਕਾਲੀ ਦਲ ਦਾ ਪੱਧਰ ਡਿੱਗਿਆ ਹੈ, ਇਹ ਚਿੰਤਾ ਦਾ ਵਿਸ਼ਾ ਹੈ। ਇਸ ਦੇ ਨਾਲ ਹੀ ਚੰਦੂਮਾਜਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਤਰੀਕ 'ਤੇ ਕੁਰਬਾਨੀ ਦੇ ਜਜ਼ਬੇ ਨੂੰ ਬੁਲੰਦ ਰੱਖਣ।
ਲੋਕ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਸੱਦੀ ਸੀ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਜਿਸ ਵਿੱਚ ਬਾਦਲ ਨੇ ਭਾਜਪਾ ਨਾਲ ਗਠਜੋੜ ਨਾ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ।