ਕੈਨੇਡੀਅਨ ਸਿੱਖਾਂ ਨਾਲ ਸਬੰਧਤ ਮੁੱਦੇ ਤੋਂ ਆਸਟ੍ਰੇਲੀਆ ਵੀ ਚਿੰਤਤ

ਕੈਨੇਡਾ ਵਿਚ ਸਿੱਖ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਮੁੱਦਾ ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਪੈਨੀ ਵੌਂਗ ਵੱਲੋਂ ਆਪਣੇ ਭਾਰਤੀ ਹਮਰੁਤਬਾ ਐਸ. ਜੈਸ਼ੰਕਰ ਕੋਲ ਉਠਾਇਆ ਗਿਆ।;

Update: 2024-11-05 12:15 GMT

ਕੈਨਬਰਾ : ਕੈਨੇਡਾ ਵਿਚ ਸਿੱਖ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਮੁੱਦਾ ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਪੈਨੀ ਵੌਂਗ ਵੱਲੋਂ ਆਪਣੇ ਭਾਰਤੀ ਹਮਰੁਤਬਾ ਐਸ. ਜੈਸ਼ੰਕਰ ਕੋਲ ਉਠਾਇਆ ਗਿਆ। ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੈਨੀ ਵੌਂਗ ਨੇ ਸਿੱਖਾਂ ਨੂੰ ਦਿਤੇ ਸੁਨੇਹੇ ਵਿਚ ਕਿਹਾ ਕਿ ਉਨ੍ਹਾਂ ਨੂੰ ਆਸਟ੍ਰੇਲੀਆ ਵਿਚ ਪੂਰਨ ਸੁਰੱਖਿਆ ਹਾਸਲ ਹੈ ਅਤੇ ਇਸ ਚੀਜ਼ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਉਹ ਕਿਹੜੇ ਮੁਲਕ ਨਾਲ ਸਬੰਧ ਰਖਦੇ ਹਨ। ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਨੇ ਅੱਗੇ ਕਿਹਾ ਕਿ ਕੈਨੇਡਾ ਸਰਕਾਰ ਵੱਲੋਂ ਭਾਰਤ ’ਤੇ ਲਾਏ ਦੋਸ਼ਾਂ ਨਾਲ ਸਬੰਧਤ ਚਿੰਤਾਵਾਂ ਤੋਂ ਐਸ. ਜੈਸ਼ੰਕਰ ਨੂੰ ਜਾਣੂ ਕਰਵਾਇਆ ਗਿਆ।

ਵਿਦੇਸ਼ ਮੰਤਰੀ ਪੈਨੀ ਵੌਂਗ ਨੇ ਆਪਣੇ ਭਾਰਤੀ ਹਮਰੁਤਬਾ ਕੋਲ ਉਠਾਇਆ ਮਸਲਾ

ਕੈਨੇਡੀਅਨ ਨਿਆਂ ਪ੍ਰਣਾਲੀ ਦਾ ਆਸਟ੍ਰੇਲੀਆ ਪੂਰਨ ਸਤਿਕਾਰ ਕਰਦਾ ਹੈ ਅਤੇ ਭਾਰਤ ਸਰਕਾਰ ਨੂੰ ਸਪੱਸ਼ਟ ਸੁਨੇਹਾ ਦੇ ਦਿਤਾ ਗਿਆ ਹੈ ਕਿ ਕਾਨੂੰਨ ਦੇ ਰਾਜ, ਨਿਆਂ ਪਾਲਿਕਾ ਦੀ ਆਜ਼ਾਦੀ ਅਤੇ ਮੁਲਕਾਂ ਦੀ ਖੁਦਮੁਖਤਿਆਰੀ ਵਰਗੇ ਮੁੱਦਿਆਂ ’ਤੇ ਆਸਟ੍ਰੇਲੀਆ ਦਾ ਸਟੈਂਡ ਪੂਰੀ ਤਰ੍ਹਾਂ ਸਿਧਾਂਤਕ ਹੈ ਅਤੇ ਉਹ ਇਸ ਉਤੇ ਹਮੇਸ਼ਾ ਕਾਇਮ ਰਹੇਗਾ। ਇਸੇ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਕੈਨੇਡਾ ਵੱਲੋਂ ਭਾਰਤੀ ਡਿਪਲੋਮੈਟਸ ’ਤੇ ਨਜ਼ਰ ਰੱਖੀ ਜਾ ਰਹੀ ਸੀ ਅਤੇ ਇਹ ਗੱਲ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਅੱਗੇ ਕਿਹਾ ਕਿ ਕੈਨੇਡਾ ਸਰਕਾਰ ਨੇ ਬਗੈਰ ਠੋਸ ਸਬੂਤਾਂ ਤੋਂ ਦੋਸ਼ ਲਾਉਣ ਦਾ ਸਿਲਸਿਲਾ ਚਲਾਇਆ ਹੋਇਆ ਹੈ। ਇਥੇ ਦਸਣਾ ਬਣਦਾ ਹੈ ਕਿ ਖੁਫੀਆ ਜਾਣਕਾਰੀ ਸਾਂਝੀ ਕਰਨ ਦੇ ਮਾਮਲੇ ਵਿਚ ਆਸਟ੍ਰੇਲੀਆ ਅਤੇ ਕੈਨੇਡਾ ਦਰਮਿਆਨ ਨਜ਼ਦੀਕੀ ਰਿਸ਼ਤੇ ਹਨ ਅਤੇ ਦੋਵੇਂ ਮੁਲਕ ਫਾਈਵ ਆਈਜ਼ ਅਲਾਇੰਸ ਦਾ ਹਿੱਸਾ ਹਨ ਜਿਸ ਦੇ ਹੋਰਨਾਂ ਮੈਂਬਰਾਂ ਵਿਚ ਅਮਰੀਕਾ, ਬਰਤਾਨੀਆ ਅਤੇ ਨਿਊਜ਼ੀਲੈਂਡ ਸ਼ਾਮਲ ਹਨ। ਭਾਰਤ ਦੇ ਵਿਦੇਸ਼ ਮੰਤਰੀ ਵੱਲੋਂ ਬਰੈਂਪਟਨ ਦੇ ਹਿੰਦੂ ਮੰਦਰ ਵਿਚ ਐਤਵਾਰ ਨੂੰ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ।

Tags:    

Similar News